Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 160 ਨਵੇਂ ਕੇਸ ਸਾਹਮਣੇ ਆਏ, 4 ਮੌਤਾਂ

ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4093 ’ਤੇ ਪੁੱਜੀ, 1822 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 160 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4093 ’ਤੇ ਪਹੁੰਚ ਗਈ ਹੈ। ਇਹ ਅੰਕੜਾ ਕਾਫੀ ਚਿੰਤਾਜਨਕ ਹੈ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਅੱਜ ਤਿੰਨ ਅੌਰਤਾਂ ਸਮੇਤ ਚਾਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 89 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 43 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਅੌਰਤਾਂ ਸਮੇਤ ਚਾਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਫੇਜ਼-10 ਦੀ 58 ਸਾਲਾ ਕਰੋਨਾ ਪੀੜਤ ਅੌਰਤ ਦੀ ਮੌਤ ਹੋ ਗਈ। ਉਹ ਸ਼ੂਗਰ ਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ ਸੀ ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਸੀ। ਇੰਜ ਇਸੇ ਹਸਪਤਾਲ ਵਿੱਚ ਦਾਖ਼ਲ ਨਵਾਂ ਗਰਾਓਂ ਦੀ 45 ਸਾਲਾ ਅੌਰਤ ਦੀ ਮੌਤ ਹੋ ਗਈ ਹੈ। ਉਹ ਪਹਿਲਾਂ ਤੋਂ ਹੀ ਕੈਂਸਰ ਪੀੜਤ ਸੀ। ਲਾਲੜੂ ਦੀ 20 ਸਾਲਾ ਲੜਕੀ ਨੇ ਜੀਐਮਸੀਐਚ ਸੈਕਟਰ-32 ਵਿੱਚ ਦਮ ਤੋੜ ਦਿੱਤਾ ਜਦੋਂਕਿ ਡੇਰਾਬੱਸੀ ਦੇ 49 ਸਾਲਾ ਪੁਰਸ਼ ਦੀ ਵੀ ਕਰੋਨਾ ਕਾਰਨ ਮੌਤ ਹੋ ਗਈ ਹੈ। ਉਹ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸੀ ਅਤੇ ਪਹਿਲਾਂ ਤੋਂ ਹੀ ਕਿਡਨੀ ਰੋਗ ਤੋਂ ਪੀੜਤ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 163 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 55 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 29, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 31, ਢਕੌਲੀ ਵਿੱਚ 33, ਲਾਲੜੂ ਵਿੱਚ ਇਕ, ਬੂਥਗੜ੍ਹ ਵਿੱਚ 5 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਛੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1822 ਨਵੇਂ ਕੇਸ ਐਕਟਿਵ ਹਨ। ਜਦੋਂਕਿ 2182 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…