ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਨੌਜਵਾਨ ਆਗੂ ’ਤੇ ਪਰਚਾ ਦਰਜ ਕਰਨ ਦਾ ਮਾਮਲਾ ਭਖਿਆ

ਪੰਜਾਬੀ ਨੌਜਵਾਨਾਂ ਦੇ ਕਤਲ ਮਾਮਲੇ ਵਿੱਚ ਦੋ ਪ੍ਰਵਾਸੀ ਮੁਲਜ਼ਮ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ

ਨਬਜ਼-ਏ-ਪੰਜਾਬ, ਮੁਹਾਲੀ, 6 ਦਸੰਬਰ:
ਪਿੰਡ ਕੁੰਭੜਾ ਵਿੱਚ ਪਿਛਲੇ ਦਿਨੀਂ ਪ੍ਰਵਾਸੀਆਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦੇ ਕਾਤਲਾਂ ਸਬੰਧੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮੁਹਾਲੀ ਏਅਰਪੋਰਟ ਸੜਕ ’ਤੇ ਦਿੱਤੇ ਧਰਨੇ ਦੀ ਰੰਜ਼ਿਸ਼ ਵਿੱਚ ਮੁਹਾਲੀ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੇ ਸਪੁੱਤਰ ਮਨਦੀਪ ਸਿੰਘ ਕੁੰਭੜਾ ਵਿਰੁੱਧ ਪਰਚਾ ਦਰਜ ਕਰਨ ਅਤੇ ਦੋ ਫਰਾਰ ਮੁਲਜ਼ਮਾਂ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਾ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 9 ਦਸੰਬਰ ਨੂੰ ਮੁਹਾਲੀ ਦੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਨੁੱਕੜ ਮੀਟਿੰਗਾਂ ਕਰਕੇ ਆਮ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਪੁਲੀਸ ਵਧੀਕੀਆਂ ਦਾ ਸ਼ਿਕਾਰ ਪੀੜਤ ਵਿਅਕਤੀ ਆਪਣੇ ਪਰਿਵਾਰਾਂ ਸਮੇਤ ਇਸ ਰੋਸ ਪ੍ਰਦਰਸ਼ਨ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਾਮਲ ਹੋਣ ਲਈ ਉਤਸ਼ਾਹਿਤ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਪੀੜਤ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਮੈਂਬਰਾਂ ਅਤੇ ਹੋਰ ਇਨਸਾਫ਼ ਪਸੰਦ ਵਿਅਕਤੀਆਂ ਨੇ ਕੁੰਭੜਾ ਦੀ ਵਾਲਮੀਕਿ ਧਰਮਸ਼ਾਲਾ ਵਿੱਚ ਵੱਡਾ ਇਕੱਠ ਕਰਕੇ ਪੁਲੀਸ ਨੂੰ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜੇਕਰ ਇਸ ਦੌਰਾਨ ਫਰਾਰ ਮੁਲਜ਼ਮ ਨਾ ਫੜੇ ਗਏ ਅਤੇ ਧਰਨਾਕਾਰੀਆਂ ’ਤੇ ਦਰਜ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ 9 ਦਸੰਬਰ ਨੂੰ ਐੱਸਐੱਸਪੀ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਦੋਵੇਂ ਪੀੜਤ ਪਰਿਵਾਰ ਵੀ ਭੁੱਖ ਹੜਤਾਲ ’ਤੇ ਬੈਠਣਗੇ।
ਇਸ ਮੌਕੇ ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਗੁਰਨਾਮ ਕੌਰ ਕੁੰਭੜਾ, ਹਰਨੇਕ ਸਿੰਘ ਮਲੋਆ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਬਲਵਿੰਦਰ ਸਿੰਘ, ਰਣਜੀਤ ਸਿੰਘ, ਸੰਤਾ ਸਿੰਘ, ਮਨਜੀਤ ਸਿੰਘ, ਪਰਦੀਪ ਸਿੰਘ ਅਤੇ ਪਰਮਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …