nabaz-e-punjab.com

20 ਦਿਨਾਂ ਵਿੱਚ 1 ਕੋਵਿਡ ਪੀੜਤ ਦੀ ਮੌਤ, 561 ਕੋਵਿਡ ਪੀੜਤ ਮਰੀਜ਼ ਠੀਕ ਹੋਏ: ਸਿਵਲ ਸਰਜਨ

ਸਿਹਤ ਵਿਭਾਗ ਨੇ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਜ਼ਿਲ੍ਹਾ ਸਿਹਤ ਵਿਭਾਗ ਨੇ ਕੋਵਿਡ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਸ ਮਹਾਮਾਰੀ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਿੱਥੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੈਸਟਿੰਗ ਤੇਜ਼ ਕਰ ਦਿੱਤੀ ਹੈ, ਉੱਥੇ ਵਧੀਆ ਨਿਗਰਾਨੀ ਅਤੇ ਇਲਾਜ ਪ੍ਰਬੰਧਾਂ ਸਦਕਾ ਕੋਵਿਡ ਪੀੜਤ ਮਰੀਜ਼ ਸਿਹਤਯਾਬ ਵੀ ਹੋ ਰਹੇ ਹਨ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਦੱਸਿਆ ਕਿ 1 ਅਪਰੈਲ ਤੋਂ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ 989 ਕੋਵਿਡ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ 561 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਬਾਕੀ ਮਰੀਜ਼ ਇਕਾਂਤਵਾਸ ਅਧੀਨ ਚੱਲ ਰਹੇ ਹਨ। ਇਸ ਦੌਰਾਨ ਇੱਕ ਕੋਵਿਡ ਪੀੜਤ ਦੀ ਮੌਤ ਵੀ ਹੋ ਚੁੱਕੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਇਕਾਂਤਵਾਸ ਵਾਲੇ ਮਰੀਜ਼ਾਂ ਦੇ ਵੀ ਛੇਤੀ ਠੀਕ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ ਟੈਸਟਿੰਗ ਦਾ ਕੰਮ ਪਹਿਲਾਂ ਹੀ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੌਰਾਨ 7840 ਕੋਵਿਡ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਫੈਲਾਅ ਰੋਕਣ ਲਈ ਲੋਕਾਂ ਦਾ ਸਹਿਯੋਗ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕੋਵਿਡ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਸਮੇਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕੋਵਿਡ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ ਅਤੇ 20 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ।
ਡਾ. ਗਿੱਲ ਨੇ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਥਾਂ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ’ਤੇ ਹਮੇਸ਼ਾ ਲਈ ਕਾਬੂ ਪਾਇਆ ਜਾ ਸਕਦਾ ਹੈ। ਇਸ ਲਈ ਲੋਕਾਂ ਨੂੰ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਕੋਵਿਡ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…