
ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 10 ਕਰੋੜ ਦੇ ਵਿਕਾਸ ਮਤੇ ਪਾਸ, 11 ਕਰੋੜ ਦੇ ਵਰਕ ਆਰਡਰ ਜਾਰੀ
ਸ਼ਹਿਰ ਵਾਸੀਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਅਗਲੇ ਹਫ਼ਤੇ ਤੋਂ ਸ਼ੁਰੂ ਕੀਤੀ ਜਾਵੇਗੀ ਫੌਗਿੰਗ: ਮੇਅਰ ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ’ਤੇ 10 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਫੈਸਲਾ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ 11 ਕਰੋੜ ਰੁਪਏ ਤੋਂ ਵੱਧ ਦੇ ਵਰਕ ਆਰਡਰ ਵੀ ਜਾਰੀ ਕੀਤੇ ਗਏ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਡਾ. ਕਮਲ ਗਰਗ, ਐਸਈ ਹਰਕੀਰਤ ਸਿੰਘ, ਮੈਂਬਰ ਜਸਬੀਰ ਸਿੰਘ ਮਣਕੂ, ਸਿਹਤ ਅਫ਼ਸਰ ਡਾ. ਤਮੰਨਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਜਿਨ੍ਹਾਂ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਰੋਡ-ਗਲੀਆਂ ਦੀ ਸਫ਼ਾਈ, ਪਾਰਕਾਂ ਦਾ ਰੱਖ-ਰਖਾਓ ਅਤੇ ਨਗਰ ਨਿਗਮ ਵੱਲੋਂ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਗਈ ਮੈਨੂਅਲ ਸਵੀਪਿੰਗ ਲਈ ਸਫ਼ਾਈ ਕਾਮਿਆਂ ਨੂੰ ਰੇਹੜੀਆਂ ਦੇਣ ਅਤੇ ਹੋਰ ਸਾਜ਼ੋ ਸਾਮਾਨ ਖ਼ਰੀਦਣ ਦੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ ਮੁਹਾਲੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਤੋਂ ਵੱਧ ਦੇ ਨਵੇਂ ਮਤੇ ਵੀ ਪਾਸ ਕੀਤੇ ਗਏ ਹਨ। ਇਨ੍ਹਾਂ ਕੰਮਾਂ ਦੇ ਵਰਕ ਆਰਡਰ ਵੀ ਅਗਲੀ ਮੀਟਿੰਗ ਵਿੱਚ ਜਾਰੀ ਕਰ ਦਿੱਤੇ ਜਾਣਗੇ।
ਮੇਅਰ ਨੇ ਦੱਸਿਆ ਕਿ ਫੌਗਿੰਗ ਮਸ਼ੀਨਾਂ ਦੀ ਮੈਂਟੀਨੈਂਸ ਦੇ ਕੰਮ ਦਾ ਮਤਾ ਵੀ ਪਾਸ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਅਗਲੇ ਹਫ਼ਤੇ ਤੋਂ ਫੌਗਿੰਗ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਦੋ ਥਾਵਾਂ ’ਤੇ ਨਵੀਆਂ ਟਰੈਫ਼ਿਕ ਲਾਈਟਾਂ ਲਗਾਉਣ ਅਤੇ ਇਤਿਹਾਸਕ ਨਗਰ ਸੋਹਾਣਾ ਵਿੱਚ ਧਰਮਸ਼ਾਲਾ ਦਾ ਮਤਾ ਪਾਸ ਕੀਤਾ ਗਿਆ ਹੈ। ਆਰਮੀ ਲਾਅ ਕਾਲਜ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਨੇੜੇ ਟਰੈਫ਼ਿਕ ਲਾਈਟਾਂ ਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਾਰੇ ਵਾਰਡਾਂ ਦੇ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦੀ ਸਲਾਹ ਨਾਲ ਹੀ ਵਿਕਾਸ ਕੰਮਾਂ ਸਬੰਧੀ ਤਜਵੀਜ਼ਾਂ ਲਿਆਂਦੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ।