ਦੰਗਾ ਪੀੜਤ ਪਰਿਵਾਰਾਂ ਵੱਲੋਂ ਮਕਾਨ ਅਲਾਟ ਕਰਨ ਲਈ 10 ਦਿਨ ਦਾ ਅਲਟੀਮੇਟਮ

ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਅਦਾਲਤੀ ਮਾਣਹਾਨੀ ਦਾ ਕੇਸ ਦਾਇਰ ਕਰਨ ਦੀ ਚਿਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
1984 ਦੰਗਾ ਪੀੜਤ ਪਰਿਵਾਰਾਂ ਨੇ ਅੱਜ ਸਿੱਖ ਕਤਲੇਆਮ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਦੀ ਅਗਵਾਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਦੰਗਾ ਪੀੜਤ ਕਮੇਟੀ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕੇਸ ਨੰਬਰ 16345 ਆਫ਼ 2009 ਅਤੇ ਸੀਓਸੀਪੀ 1324 ਆਫ਼ 2011 ਦੇ ਫ਼ੈਸਲੇ ਅਨੁਸਾਰ ਦੰਗਾ ਪੀੜਤਾਂ ਨੂੰ ਮਕਾਨ ਅਲਾਟ ਕੀਤੇ ਜਾਣ।
ਇਸ ਕੇਸ ਦੇ ਪਟੀਸ਼ਨਰ ਭੁਪਿੰਦਰਪਾਲ ਸਿੰਘ ਵੱਲੋਂ ਪ੍ਰਸ਼ਾਸਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਸਰਕਾਰ ਦੀ ਨੀਤੀ ਅਨੁਸਾਰ ਕਈ ਦੰਗਾ ਪੀੜਤਾਂ ਨੂੰ ਮਕਾਨ ਅਲਾਟ ਕੀਤੇ ਗਏ ਹਨ ਪ੍ਰੰਤੂ ਹਾਲੇ ਵੀ ਅਜਿਹੇ ਕਈ ਦੰਗਾ ਪੀੜਤ ਪਰਿਵਾਰ ਹਨ, ਜਿਨ੍ਹਾਂ ਨੂੰ ਮਕਾਨ ਅਲਾਟ ਨਹੀਂ ਕੀਤੇ ਗਏ, ਜੋ ਪਿਛਲੇ ਸਮੇਂ ਤੋਂ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੰਗਾ ਪੀੜਤਾਂ ਨੂੰ ਮਕਾਨ ਅਲਾਟ ਨਾ ਕਰਕੇ ਪ੍ਰਸ਼ਾਸਨ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਸ੍ਰੀ ਭਾਟੀਆ ਨੇ ਦੱਸਿਆ ਕਿ ਇਸ ਸਬੰਧੀ ਐਸਡੀਐਮ ਦੀ ਅਗਵਾਈ ਹੇਠ ਇਕ ਵਿਸ਼ੇਸ਼ ਕਮੇਟੀ ਵੱਲੋਂ ਸਬੰਧਤ ਮਕਾਨਾਂ ਵਿੱਚ ਜਾ ਕੇ ਦੰਗਾ ਪੀੜਤਾਂ ਦੇ ਦਸਤਾਵੇਜ਼ਾਂ ਦੀ ਡੂੰਘਾਈ ਜਾਂਚ ਕੀਤੀ ਜਾ ਚੁੱਕੀ ਹੈ। ਲਿਹਾਜ਼ਾ ਨਿਯਮਾਂ ਤਹਿਤ ਲੋੜਵੰਦਾਂ ਨੂੰ ਤੁਰੰਤ ਮਕਾਨ ਅਲਾਟ ਕੀਤੇ ਜਾਣ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਦਿਨ ਦਾ ਅਲਟੀਮੇਟਮ ਦੇ ਕੇ ਕਿਹਾ ਗਿਆ ਕਿ ਜੇਕਰ ਇਸ ਦੌਰਾਨ ਕਾਰਵਾਈ ਨਾ ਕੀਤੀ ਗਈ ਤਾਂ ਉਹ ਹਾਈ ਕੋਰਟ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪ੍ਰਿਤਪਾਲ ਸਿੰਘ, ਇੰਦਰਜੀਤ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਦੇਵ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤ ਕੌਰ ਵੀ ਮੌਜੂਦ ਸਨ।

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…