ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 10 ਹੋਰ ਕੈਡਿਟ ਫੌਜ ਵਿੱਚ ਬਣੇ ਕਮਿਸ਼ਨਡ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੱਖਿਆ ਸੇਵਾਵਾਂ ਲਈ ਚੁਣੇ ਜਾਣ ’ਤੇ ਕੈਡਿਟਾਂ ਨੂੰ ਦਿੱਤੀ ਮੁਬਾਰਕਬਾਦ

ਮੁਹਾਲੀ ਇੰਸਟੀਚਿਊਟ ਤੋਂ ਸਿਖਲਾਈ ਪ੍ਰਾਪਤ 136 ਕੈਡਿਟਾਂ ਦਾ ਰੱਖਿਆ ਸੇਵਾਵਾਂ ਵਿੱਚ ਜਾਣ ਦਾ ਸੁਪਨਾ ਸਾਕਾਰ ਹੋਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫ਼ਪੀਆਈ) ਦੇ 10 ਹੋਰ ਕੈਡਿਟਾਂ ਨੂੰ ਇੰਡੀਅਨ ਮਿਲਟਰੀ ਅਕੈਡਮੀ ਵਿੱਚ ਭਾਰਤੀ ਫੌਜ ਵਿੱਚ ਸੇਵਾਵਾਂ ਲਈ ਚੁਣਿਆ ਗਿਆ ਹੈ। ਦੇਹਰਾਦੂਨ ਵਿੱਚ ਹੋਈ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵੀਐਸਐਮ, ਏਡੀਸੀ, ਆਰਮੀ ਸਟਾਫ਼ ਦੇ ਚੀਫ਼ ਜਨਰਲ ਮਨੋਜ ਪਾਂਡੇ ਨੇ ਕੀਤਾ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਵਿਲੱਖਣ ਕੰਮ ਕਰ ਰਿਹਾ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਵਾਲੇ ਨਵੇਂ ਕੈਡਿਟਾਂ ਨੂੰ ਵਧਾਈ ਦਿੰਦੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਤੇ ਗੌਰਵ ਹਨ ਜੋ ਦੇਸ਼ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ 10 ਅਧਿਕਾਰੀਆਂ ਦੀ ਨਿਯੁਕਤੀ ਨਾਲ ਹੁਣ ਇੰਸਟੀਚਿਊਟ ਦੇ 136 ਕੈਡਿਟ ਹਥਿਆਰਬੰਦ ਸੈਨਾਵਾਂ ਦੇ ਤਿੰਨ ਵਿੰਗਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਗਾਤਾਰ ਪਿਛਲੇ 11 ਸਾਲਾਂ ਤੋਂ ਰੱਖਿਆ ਸੇਵਾਵਾਂ ਲਈ ਅਫ਼ਸਰ ਬਣਨ ਦੀ ਸਿਖਲਾਈ ਦੇ ਰਿਹਾ ਹੈ। 52 ਫੀਸਦੀ ਤੋਂ ਵੱਧ ਸਫਲਤਾ ਦਰ ਦੇ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫਲ ਸੰਸਥਾ ਹੈ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ ਨੇ ਆਪਣੀ ਸੰਸਥਾ ਦੇ ਹੋਣਹਾਰ ਕੈਡਿਟਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਦੇਸ਼ ਦੀ ਸੇਵਾ ਵਿੱਚ ਜੁਟ ਜਾਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਦੱਸਣਯੋਗ ਹੈ ਕਿ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਲਈ ਚਾਹਵਾਨ ਵੱਡੀ ਗਿਣਤੀ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਹਾਲੀ ਦੀ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ, ਜੋ ਇਸ ਵਿੱਦਿਅਕ ਸੈਸ਼ਨ ਤੋਂ ਸ਼ੁਰੂ ਹੋਵੇਗਾ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…