3576 ਸਰਕਾਰੀ ਸਕੂਲਾਂ ਦਾ ਸ਼ਤ-ਪ੍ਰਤੀਸ਼ਤ ਰਿਹਾ ਦਸਵੀਂ ਦਾ ਨਤੀਜਾ: ਕ੍ਰਿਸ਼ਨ ਕੁਮਾਰ

ਅਧਿਆਪਕਾਂ ਦੇ ਕਰੋਨਾ ਸੰਕਟ ਜਿਹੇ ਮੁਸ਼ਕਲ ਹਾਲਾਤਾਂ ’ਚ ਵਿਦਿਆਰਥੀਆਂ ਨਾਲ ਜੁੜੇ ਰਹਿਣ ਕਾਰਨ ਵਧੀਆ ਨਤੀਜੇ ਆਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਮਾਰਚ 2021 ਦੇ ਬੋਰਡ ਨਤੀਜਿਆਂ ਵਿੱਚ ਦਸਵੀਂ ਅਤੇ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 99.96 ਫੀਸਦੀ ਰਹੀ ਹੈ ਜਦਕਿ ਬੋਰਡ ਦੀ ਪਾਸ ਪ੍ਰਤੀਸ਼ਤਤਾ 99.93 ਫੀਸਦੀ ਹੈ।
ਇਨ੍ਹਾਂ ਨਤੀਜਿਆਂ ਤੋਂ ਬਾਗੋਬਾਗ ਹੋਏ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਵਾਰ ਦਸਵੀਂ ਦੇ 100 ਫੀਸਦੀ ਨਤੀਜਾ ਦੇਣ ਵਾਲੇ ਸਰਕਾਰੀ ਸਕੂਲਾਂ ਦੀ ਗਿਣਤੀ 3576 ਰਹੀ ਹੈ। ਜਦੋਂਕਿ ਅੱਠਵੀਂ ਦੇ ਐਲਾਨੇ ਨਤੀਜੇ ਅਨੁਸਾਰ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 99.91 ਫੀਸਦੀ ਰਹੀ ਜਦਕਿ ਬੋਰਡ ਦਾ ਪਾਸ ਪ੍ਰਤੀਸ਼ਤਤਾ 99.88 ਫੀਸਦੀ ਹੈ। ਉਨ੍ਹਾਂ ਦੱਸਿਆ ਕਿ ਅੱਠਵੀਂ ਦੇ 6215 ਸਰਕਾਰੀ ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ।
ਸਿੱਖਿਆ ਸਕੱਤਰ ਨੇ ਜਿੱਥੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉੱਥੇ ਉਨ੍ਹਾਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਕੋਵਿਡ ਮਹਾਮਾਰੀ ਜਿਹੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦਿਆਂ ਵਿਦਿਆਰਥੀਆਂ ਨਾਲ ਜੁੜੇ ਰਹਿ ਕੇ ਇਹ ਸ਼ਾਨਦਾਰ ਨਤੀਜੇ ਪ੍ਰਾਪਤ ਕਰਨਾ ਅਧਿਆਪਕਾਂ ਦੀ ਨਿਵੇਕਲੀ ਅਤੇ ਸਾਹਸ ਭਰਪੂਰ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਨਾਲ ਨਾਜ਼ੁਕ ਹਾਲਾਤਾਂ ਵਿੱਚ ਵੀ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਵੱਲੋਂ ਦ੍ਰਿੜਤਾ ਨਾਲ ਕਰਵਾਈ ਗਈ ਸਖ਼ਤ ਮਿਹਨਤ ਦਾ ਬਿਹਤਰੀਨ ਨਤੀਜਾ ਮਿਲਿਆ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਿਛਲੇ ਸਾਲ ਇਨ੍ਹਾਂ ਹਾਲਤਾਂ ਨੂੰ ਮੁੱਖ ਰੱਖਦਿਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵਿਦਿਆਰਥੀਆਂ ਨੂੰ ਕਾਫੀ ਲਾਭ ਮਿਲਿਆ ਹੈ। ਵਿਦਿਆਰਥੀ ਇਸ ਸਾਲ ਵੀ ਆਪਣੀ ਪੜ੍ਹਾਈ ਨੂੰ ਸੰਜੀਦਗੀ ਨਾਲ ਲੈ ਕੇ ਅਧਿਆਪਕਾਂ ਤੋਂ ਆਨਲਾਈਨ ਅਗਵਾਈ ਲੈਂਦੇ ਰਹਿਣ। ਵਿਭਾਗ ਵੱਲੋਂ ਪਿਛਲੇ ਸਾਲ ਵਾਂਗ ਇਸ ਸਾਲ ਵੀ ਸੰਕਟਮਈ ਹਾਲਤਾਂ ਵਿੱਚ ਘਰ ਬੈਠੇ ਸਿੱਖਿਆ ਮਿਸ਼ਨ ਤਹਿਤ ਵਿਦਿਆਰਥੀਆਂ ਲਈ ਦੂਰਦਰਸ਼ਨ ਪੰਜਾਬੀ ਅਤੇ ਹੋਰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਆਨਲਾਈਨ ਜਮਾਤਾਂ ਲਗਾ ਰਹੇ ਹਨ। ਵਿਭਾਗ ਵੱਲੋਂ ਪੰਜਾਬ ਐਜੂਕੇਅਰ ਐਪ ਅਤੇ ਜ਼ੂਮ ਮੀਟਿੰਗਾਂ ਰਾਹੀਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਸਹੂਲਤਾਂ ਅਤੇ ਮੁਫ਼ਤ ਪੜ੍ਹਾਈ ਪ੍ਰਬੰਧਾਂ ਕਾਰਨ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਰਿਕਾਰਡ ਵਾਧਾ ਹੋ ਰਿਹਾ ਹੈ।

Load More Related Articles
Load More By Nabaz-e-Punjab
Load More In Education and Board

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…