Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 104 ਨਵੇਂ ਕੇਸ ਸਾਹਮਣੇ ਆਏ, 7 ਮਰੀਜ਼ਾਂ ਦੀ ਮੌਤ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3770 ’ਤੇ ਪੁੱਜੀ, 1637 ਐਕਟਿਵ ਕੇਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ 104 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3770 ’ਤੇ ਪਹੁੰਚ ਗਈ ਹੈ। ਇਹ ਅੰਕੜਾ ਕਾਫੀ ਚਿੰਤਾਜਨਕ ਹੈ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਅੱਜ ਸੱਤ ਹੋਰ ਕਰੋਨਾ ਪੀੜਤ ਅੌਰਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 80 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 87 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੋ ਅੌਰਤਾਂ ਸਮੇਤ ਸੱਤ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਸੈਕਟਰ-71 ਦੇ 55 ਸਾਲਾ ਪੁਰਸ਼ ਅਤੇ ਪਿੰਡ ਬਲਟਾਣਾ ਦੇ 49 ਸਾਲਾ ਪੁਰਸ਼ ਦੀ ਮੌਤ ਹੋ ਗਈ। ਇਹ ਦੋਵੇਂ ਜੀਐਮਸੀਐਚ ਹਸਪਤਾਲ ਸੈਕਟਰ-32 ਵਿੱਚ ਦਾਖ਼ਲ ਸਨ। ਪੀਜੀਆਈ ਹਸਪਤਾਲ ਵਿੱਚ ਜੇਰੇ ਇਲਾਜ ਮਾਜਰੀ ਦੇ 20 ਸਾਲਾ ਨੌਜਵਾਨ ਅਤੇ ਕੁਰਾਲੀ ਦੀ 53 ਸਾਲਾ ਅੌਰਤ ਦੀ ਮੌਤ ਹੋ ਗਈ। ਉਹ ਇੰਡਸ ਹਸਪਤਾਲ ਵਿੱਚ ਦਾਖ਼ਲ ਸੀ। ਇਸੇ ਹਸਪਤਾਲ ਵਿੱਚ ਭਰਤੀ ਪਿੰਡ ਬਲਟਾਣਾ ਦੀ 88 ਸਾਲਾ ਅੌਰਤ, ਗਰੇਸ਼ੀਅਨ ਹਸਪਤਾਲ ਵਿੱਚ ਦਾਖ਼ਲ ਜ਼ੀਰਕਪੁਰ ਦਾ 51 ਸਾਲਾ ਪੁਰਸ਼ ਅਤੇ ਈਡਨ ਚੰਡੀਗੜ੍ਹ ਵਿੱਚ ਜੇਰੇ ਇਲਾਜ 92 ਸਾਲਾ ਬਜ਼ੁਰਗ ਨੇ ਕਰੋਨਾ ਕਾਰਨ ਦਮ ਤੋੜ ਦਿੱਤਾ। ਉਕਤ ਸਾਰੇ ਮਰੀਜ਼ ਪਹਿਲਾਂ ਤੋਂ ਹੀ ਹਾਈ ਬਲੱਡ ਪ੍ਰੈੱਸ਼ਰ, ਸ਼ੂਗਰ ਅਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 240 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 27 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 10, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 15, ਕੁਰਾਲੀ ਵਿੱਚ 14, ਢਕੌਲੀ ਵਿੱਚ 24, ਲਾਲੜੂ ਵਿੱਚ ਤਿੰਨ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1770 ਨਵੇਂ ਕੇਸ ਐਕਟਿਵ ਹਨ। ਜਦੋਂਕਿ 2053 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ