
ਦਸਵੀਂ ਦਾ ਦਿਹਾੜਾ: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਰਾ ਦਿਨ ਚੱਲਿਆ ਧਾਰਮਿਕ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰੇਮ ਸਿੰਘ ਪਦਮ ਮੋਗੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਜਬਰ-ਜੁਲਮ ਖ਼ਿਲਾਫ਼ ਦਿੱਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਜਸਵੰਤ ਸਿੰਘ ਪਰਵਾਨਾ ਸ੍ਰੀ ਦਰਬਾਰ ਸਾਹਿਬ ਨੇ ਖੰਡੇ ਬਾਟੇ ਦੀ ਮਹੱਤਤਾ ਬਾਰੇ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਆ।
ਇਸ ਮੌਕੇ ਭਾਈ ਪਰਮਜੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸੁਖਵਿੰਦਰ ਸਿੰਘ, ਬੀਬੀ ਹਰਜਿੰਦਰ ਕੌਰ, ਬੀਬੀ ਜਸਵੀਰ ਕੌਰ ਲੁਧਿਆਣਾ ਵਾਲੇ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਬੀਬੀ ਉੱਤਮਜੀਤ ਕੌਰ, ਭਾਈ ਕਰਨਵੀਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।