
ਸਿੱਖਿਆ ਭਵਨ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੀਆਂ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ
ਮੁੱਖ ਮੰਤਰੀ ਚੰਨੀ ਨੂੰ ਲੱਭਣ ਲਈ ਰਾਤ ਸਮੇਂ ਬੈਟਰੀਆਂ ਲੈ ਕੇ ਸੜਕਾਂ ’ਤੇ ਕੀਤਾ ਪੈਦਲ ਮਾਰਚ
ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦਾ ਪੱਤਰ ਲੈ ਕੇ ਹੀ ਵਾਪਸ ਘਰਾਂ ਨੂੰ ਜਾਵਾਂਗੇ: ਯੂਨੀਅਨ ਆਗੂ
ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ, ਅਗਲੇ ਦਿਨਾਂ ਵਿੱਚ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਅਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਕੱਚੇ ਦਫ਼ਤਰੀ ਕਾਮਿਆਂ ਦਾ ਅੱਜ ਤੀਜੇ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਅੱਜ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ ਨੇ 24 ਘੰਟੇ ਲਈ ਭੁੱਖ-ਹੜਤਾਲ ’ਤੇ ਬੈਠ ਕੇ ਸੰਘਰਸ਼ ਨੂੰ ਹੋਰ ਭਖਾ ਦਿੱਤਾ ਹੈ। ਉਧਰ, ਦੇਰ ਸ਼ਾਮ ਕੱਚੇ ਦਫ਼ਤਰੀ ਕਾਮੇ ਨੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਆਪਣੇ ਹੱਥਾਂ ਵਿੱਚ ਬੈਟਰੀਆਂ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੱਭਣ ਲਈ ਪੈਦਲ ਮਾਰਚ ਕੀਤਾ। ਇਹ ਸਿਲਸਿਲਾ ਰਾਤ ਤੱਕ ਜਾਰੀ ਰਿਹਾ ਪ੍ਰੰਤੂ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਮਿਲੇ।
ਸੂਬਾ ਆਗੂ ਅਸੀਸ ਜੁਲਾਹਾ ਅਤੇ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਅਤੇ ਸਿੱਖਿਆ ਵਿਭਾਗ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਨਾਅਰਾ ਦੇ ਰਹੀ ਹੈ ਪ੍ਰੰਤੂ ਦੂਜੇ ਪਾਸੇ ਪੰਜਾਬ ਦੀਆਂ ਬੱਚੀਆਂ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੀਆਂ ਹਨ। ਉਨ੍ਹਾਂ ਸਰਕਾਰ ’ਤੇ ਆਪਣੇ ਵਾਅਦੇ ਤੋਂ ਮੁਨਕਰ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਹੋਰ ਉੱਚ ਅਧਿਕਾਰੀ ਮੀਟਿੰਗਾਂ ਦਾ ਸਮਾਂ ਦੇ ਕੇ ਮੁਲਾਜ਼ਮਾਂ ਨਾਲ ਗੱਲ ਕਰਨ ਤੋਂ ਟਾਲਾ ਵੱਟਦੇ ਆ ਰਹੇ ਹਨ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਹੁਣ ਕੱਚੇ ਮੁਲਾਜ਼ਮ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਸਗੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੇ ਪੱਤਰ ਲੈ ਕੇ ਹੀ ਵਾਪਸ ਘਰਾਂ ਨੂੰ ਪਰਤਨਗੇ। ਉਨ੍ਹਾਂ ਕਿਹਾ ਕਿ ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਤਹਿਤ ਦਫ਼ਤਰਾਂ ਵਿੱਚ ਪਿਛਲੇ ਕਰੀਬ ਡੇਢ ਦਹਾਕੇ ਤੋਂ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ ਪਰ ਇਨ੍ਹਾਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਜਦੋਂਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਅਤੇ ਸੱਤਾ ਸੰਭਾਲਦੇ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ। ਇੰਜ ਹੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਗੱਲ ਆਖੀ ਸੀ ਲੇਕਿਨ ਹੁਣ ਹੁਕਮਰਾਨ ਕੱਚੇ ਮੁਲਾਜ਼ਮਾਂ ਨਾਲ ਗੱਲ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਰਕਾਰ ਸਿਰਫ਼ ਵਿਖਾਵਾ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦਿਨਾਂ ਵਿੱਚ ਸਰਕਾਰ ’ਤੇ ਦਬਾਅ ਬਣਾਉਣ ਲਈ ਗੁਪਤ ਐਕਸਨ ਕੀਤੇ ਜਾਣਗੇ।