ਕੌਮੀ ਲੋਕ ਅਦਾਲਤ ਵਿੱਚ 11396 ਕੇਸਾਂ ਦਾ ਨਿਪਟਾਰਾ, 45 ਕਰੋੜ ਤੋਂ ਵੱਧ ਰਾਸ਼ੀ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜੱਜ ਜਸਟਿਸ ਰਾਜ ਮੋਹਨ ਸਿੰਘ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿਖੇ ਇਸ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ ਕੇਸ, ਘਰੇਲੂ ਹਿੰਸਾ, ਵਿਵਾਹਿਕ ਝਗੜੇ, ਐਮਏਸੀਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ-ਪਾਣੀ ਦੇ ਬਿੱਲਾਂ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਇਸ ਸਬੰਧੀ ਮੁਹਾਲੀ ਵਿੱਚ 14 ਜੁਡੀਸ਼ਲ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ 2 ਮਾਲ ਅਧਿਕਾਰੀਆਂ ਦੇ ਬੈਂਚਾਂ ਸਮੇਤ ਡੇਰਾਬੱਸੀ ਵਿੱਚ 1 ਜੁਡੀਸ਼ਲ ਅਤੇ 1 ਰੈਵੀਨਿਊ ਬੈਂਚ, ਜਦੋਂਕਿ ਖਰੜ ਵਿੱਚ ਵੀ 1 ਜੁਡੀਸ਼ਲ ਅਤੇ 2 ਰੈਵੀਨਿਊ ਬੈਂਚ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 17066 ਕੇਸ ਨਿਪਟਾਰੇ ਲਈ ਰੱਖੇ ਗਏ। ਜਿਨ੍ਹਾਂ ’ਚੋਂ 11396 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 45,02,84,367 ਕੀਮਤ ਦੇ ਐਵਾਰਡ ਪਾਸ ਕੀਤੇ ਗਏ।
ਹਾਈ ਕੋਰਟ ਦੇ ਜੱਜ ਜਸਟਿਸ ਰਾਜ ਮੋਹਨ ਸਿੰਘ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਲੋਕ ਅਦਾਲਤ ਦਾ ਦੌਰਾ ਕਰਕੇ ਵੱਖ-ਵੱਖ ਜੁਡੀਸ਼ਲ ਬੈਂਚਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਰਾਜ਼ੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫ਼ੈਸਲਾ ਦੋਵਾਂ ਧਿਰਾਂ ਲਈ ਖ਼ੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਹੀ ਜਿੱਤ ਹੁੰਦੀ ਹੈ। ਇਸ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ, ਜੋ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਜਸਟਿਸ ਰਾਜ ਮੋਹਨ ਸਿੰਘ ਅਤੇ ਸੈਸ਼ਨ ਜੱਜ ਹਰਪਾਲ ਸਿੰਘ ਦੇ ਯਤਨਾਂ ਸਦਕਾ ਘਰੇਲੂ ਹਿੰਸਾ ਨਾਲ ਸਬੰਧਤ ਪੰਜ ਵਿਆਹੁਤਾ ਜੋੜੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ। ਜੋ ਕਾਫ਼ੀ ਸਮੇਂ ਤੋਂ ਵੱਖੋ-ਵੱਖ ਰਹਿ ਰਹੇ ਸਨ। ਉਨ੍ਹਾਂ ਨੂੰ ਆਪਣੇ ਰਿਸ਼ਤੇ ਅਤੇ ਪੌਦਿਆਂ ਦੀ ਸੰਭਾਲ ਲਈ ਪ੍ਰੇਰਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…