
1158 ਸਹਾਇਕ ਪ੍ਰੋਫੈਸਰਾਂ ਨੇ ਲੋਕਾਂ ਦੀ ਕਚਹਿਰੀ ਵਿੱਚ ਚੁੱਕਿਆ ਸਰਕਾਰਾਂ ਦੀ ਬੇਰੁਖੀ ਦਾ ਮੁੱਦਾ
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਏਅਰਪੋਰਟ ਸੜਕ ’ਤੇ ਕੀਤਾ ਰੋਸ ਵਿਖਾਵਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸੱਦੇ ’ਤੇ ਐਤਵਾਰ ਨੂੰ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਲਈ ਚੁਣੇ ਗਏ ਉਮੀਦਵਾਰ ਅੱਜ ਸਵੇਰੇ ਹੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਸ਼ਾਮ ਤੱਕ ਮੁਹਾਲੀ ਏਅਰਪੋਰਟ ਸੜਕ ’ਤੇ ਖੜੇ ਹੋ ਕੇ ਲੋਕਾਂ ਦੀ ਕਚਹਿਰੀ ਵਿੱਚ ਸਮੇਂ ਦੀਆਂ ਸਰਕਾਰਾਂ ਦੀਆਂ ਬੇਰੁਖ਼ੀ ਦਾ ਮੁੱਦਾ ਚੁੱਕਿਆ।
ਇਸ ਮੌਕੇ ਫਰੰਟ ਦੇ ਆਗੂ ਬਲਵਿੰਦਰ ਸਿੰਘ ਚਹਿਲ, ਨਿਰਮਲ ਸਿੰਘ ਬਰਾੜ ਅਤੇ ਅਮਰਜੀਤ ਕੌਰ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਅਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਸਮੇਤ ਹੋਰਨਾਂ ਮੁਲਾਜ਼ਮਾਂ ਦੀਆਂ ਨਵੀਂਆਂ ਭਰਤੀਆਂ ਦੇ ਮਾਮਲੇ ਅਦਾਲਤਾਂ ਦੀਆਂ ਤਰੀਕਾਂ ਵਿੱਚ ਉਲਝ ਕੇ ਰਹਿ ਗਏ ਹਨ ਪ੍ਰੰਤੂ ਸਰਕਾਰਾਂ ਵੱਲੋਂ ਯੋਗ ਪੈਰਵਾਈ ਨਹੀਂ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਲਜਾਂ ਵਿੱਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਦਾ ਸੁਪਨਾ ਦੇਖ ਰਹੇ ਹਨ ਪ੍ਰੰਤੂ ਜ਼ਮੀਨੀ ਹਕੀਕਤ ਇਹ ਹੈ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਨਹੀਂ ਹੋਈ ਹੈ। ਪ੍ਰੋਫੈਸਰਾਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਨੌਜਵਾਨਾਂ ਦਾ ਭਵਿੱਖ ਧੁੰਦਲਾ ਨਜ਼ਰਠ ਆ ਰਿਹਾ ਹੈ। ਹਾਲਾਂਕਿ ਐਨੇ ਲੰਮੇ ਵਕਫ਼ੇ ਬਾਅਦ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਪ੍ਰੰਤੂ ਹੁਣ ਇਹ ਮਾਮਲਾ ਵੀ ਅਦਾਲਤ ਵਿੱਚ ਪਹੁੰਚ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਖ਼ਰਲੀ ਡਿਗਰੀ ਪੀਐੱਚਡੀ ਯੋਗ ਨੌਜਵਾਨ ਸੜਕਾਂ ’ਤੇ ਰੁਲ ਰਹੇ ਹਨ। ਸਿਰਫ਼ ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ ਦੀ ਭਰਤੀ ਹੀ ਨਹੀਂ, ਸਗੋਂ ਈਟੀਟੀ, ਬੀ.ਐੱਡ ਅਧਿਆਪਕਾਂ, ਸਿਪਾਹੀ, ਪਟਵਾਰੀਆਂ ਸਣੇ ਅਨੇਕ ਭਰਤੀਆਂ ਦਾ ਕੰਮ ਸ਼ੁਰੂ ਤਾਂ ਹੋਈਆਂ ਪਰ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕੋਈ ਵੀ ਭਰਤੀ ਸਿਰੇ ਨਹੀਂ ਚੜ੍ਹ ਸਕੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਆਦਿ ਮੁੱਦੇ ਸਮੂਹ ਸਿਆਸੀ ਪਾਰਟੀਆਂ ਦੇ ਮੁੱਖ ਏਜੰਡੇ ’ਤੇ ਰਹੇ ਹਨ ਪ੍ਰੰਤੂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦਾ ਹਰਾ ਪੈੱਨ ਪਤਾ ਨਹੀਂ ਕਿੱਥੇ ਗਾਇਬ ਹੋ ਗਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਰਾਹਗੀਰਾਂ ਅਤੇ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਜਾਂ ਪ੍ਰਾਈਵੇਟ ਸਮਾਗਮਾਂ ਦੌਰਾਨ ਜਦੋਂ ਵੀ ਮੁੱਖ ਮੰਤਰੀ, ਕੈਬਨਿਟ ਮੰਤਰੀ ਜਾਂ ਵਿਧਾਇਕ ਆਉਣ ਤਾਂ ਉਨ੍ਹਾਂ ਨੂੰ ਲੋਕਾਂ ਅਤੇ ਮੁਲਾਜ਼ਮਾਂ ਨਾਲ ਜੁੜੇ ਸਵਾਲ ਜ਼ਰੂਰ ਪੁੱਛੇ ਜਾਣ ਅਤੇ ਉਨ੍ਹਾਂ ਨੂੰ ਚੋਣ ਵਾਅਦੇ ਚੇਤੇ ਕਰਵਾਏ ਜਾਣ। ਅਖੀਰ ਵਿੱਚ ਫਰੰਟ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਹਾਈ ਕੋਰਟ ਵਿੱਚ ਸੁਚੱਜੇ ਢੰਗ ਨਾਲ ਯੋਗ ਪੈਰਵਾਈ ਕਰਕੇ ਭਰਤੀ ਨੂੰ ਸਿਰੇ ਚੜ੍ਹਾਉਣ ਲਈ ਚਾਰਾਜੋਈ ਕਰਨ।