ਸਮਾਰਟ ਵਿਲੇਜ ਮੁਹਿੰਮ: ਪੇਂਡੂ ਵਿਕਾਸ ਲਈ 74.41 ਕਰੋੜ ਰੁਪਏ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ

ਡੀਸੀ ਵੱਲੋਂ ਅਧਿਕਾਰੀਆਂ ਨੂੰ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ:
ਮੁਹਾਲੀ ਜ਼ਿਲ੍ਹੇ ਭਰ ਦੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਹੁਣ ਤੱਕ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਪਿੰਡਾਂ ਦੇ ਸਮੁੱਚੇ ਵਿਕਾਸ ਲਈ 74.41 ਕਰੋੜ ਦੀ ਲਾਗਤ ਨਾਲ 1255 ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵਿਸ਼ੇਸ਼ ਸਮੀਖਿਆ ਮੀਟਿੰਗ ਦੌਰਾਨ ਕਈ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਹਿਲੇ ਪੜਾਅ ਅਧੀਨ ਲਗਪਗ 441 ਵਿਕਾਸ ਕਾਰਜ ਹੋਏ ਸਨ। ਜਿਨ੍ਹਾਂ ਉਤੇ 16.96 ਕਰੋੜ ਰੁਪਏ ਦੀ ਲਾਗਤ ਆਈ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਕੁੱਲ 1631 ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਸਬੰਧਤ ਏਜੰਸੀਆਂ ਵੱਲੋਂ ਹੁਣ ਤੱਕ 1255 ਦੇ ਕਰੀਬ ਕੰਮ ਸ਼ੁਰੂ ਕੀਤੇ ਜਾ ਚੁੱਕੇ, ਜਦੋਂਕਿ ਇਨ੍ਹਾਂ ਕੁੱਲ ਸ਼ੁਰੂ ਕੀਤੇ ਗਏ ਕੰਮਾਂ ’ਚੋਂ 977 ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ। ਕੰਮਾਂ ਦੀ ਪ੍ਰਗਤੀ ਉਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਸ੍ਰੀਮਤੀ ਈਸ਼ਾ ਕਾਲੀਆ ਨੇ ਸਬੰਧਤ ਏਜੰਸੀਆਂ ਨੂੰ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰਨ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਫੰਡਾਂ ਦੇ ਯੂਜਰ ਸਰਟੀਫਿਕੇਟ ਛੇਤੀ ਜਮ੍ਹਾਂ ਕਰਾਉਣ ਲਈ ਕਿਹਾ।
ਡੀਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਡਲ ਸਟੇਡੀਅਮਾਂ ਦੇ ਨਿਰਮਾਣ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਨ। ਉਨ੍ਹਾਂ ਦੱਸਿਆ ਕਿ ਕੁੱਲ 20 ਪ੍ਰਸਤਾਵਿਤ ਖੇਡ ਮੈਦਾਨਾਂ ’ਚੋਂ 12 ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਬਾਕੀ ਦੇ 8 ਖੇਡ ਮੈਦਾਨ 10 ਅਕਤੂਬਰ 2021 ਤੱਕ ਤਿਆਰ ਹੋਣੇ ਚਾਹੀਦੇ ਹਨ ਤਾਂ ਜੋ ਰਾਜ ਸਰਕਾਰ ਦੀ ਲੋਕ ਪੱਖੀ ਸਕੀਮ ਦਾ ਲਾਭ ਬਿਨਾਂ ਦੇਰੀ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸਮਾਰਟ ਵਿਲੇਜ ਮੁਹਿੰਮ ਦਾ ਪਹਿਲਾ ਪੜਾਅ ਸਫਲਤਾਪੂਰਵਕ ਲਾਗੂ ਕਰਨ ਤੋਂ ਬਾਅਦ ਦੂਜਾ ਪੜਾਅ 17 ਅਕਤੂਬਰ, 2020 ਨੂੰ ਲਾਂਚ ਕੀਤਾ, ਜਦੋਂਕਿ ਪਹਿਲਾ ਪੜਾਅ 2019 ਵਿੱਚ ਲਾਂਚ ਕੀਤਾ ਗਿਆ ਸੀ। ਇਸ ਸਕੀਮ ਦੇ ਪਹਿਲੇ ਪੜਾਅ ਵਿੱਚ ਤਲਾਬਾਂ, ਸਟਰੀਟ ਲਾਈਟਾਂ, ਪਾਰਕਾਂ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਡਲ ਆਂਗਨਵਾੜੀ ਕੇਂਦਰਾਂ, ਸਮਾਰਟ ਸਕੂਲ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਰਗੇ ਕੰਮ ਕਰਵਾ ਕੇ ਪੰਜਾਬ ਦੇ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਗਿਆ, ਜਦੋਂ ਕਿ ਦੂਜੇ ਪੜਾਅ ਵਿੱਚ ਪੇਂਡੂ ਗਰੀਬਾਂ ਨੂੰ ਬਿਹਤਰ ਰਿਹਾਇਸ਼ ਸਹੂਲਤ ਪ੍ਰਦਾਨ ਕਰਨ ਉਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਮੁਖੀ ਪਰਿਵਾਰਾਂ, ਅਪਾਹਜ ਵਿਅਕਤੀਆਂ, ਗੰਭੀਰ ਰੂਪ ਤੋਂ ਬਿਮਾਰ ਵਿਅਕਤੀਆਂ, ਸ਼ਹੀਦਾਂ ਦੇ ਪਰਿਵਾਰਾਂ, ਅਨੁਸੂਚਿਤ ਜਾਤੀਆਂ ਦੇ ਸ਼ਕਤੀਕਰਨ ਦੇ ਨਾਲ ਨਾਲ ਪੇਂਡੂ ਖੇਤਰਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…