Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 3 ਹੋਰ ਮੌਤਾਂ, 134 ਹੋਰ ਨਵੇਂ ਕੇਸ ਸਾਹਮਣੇ ਆਏ

ਮੁਹਾਲੀ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2138 ’ਤੇ ਪੁੱਜੀ, 922 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਰਹੀ ਹੈ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 141 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2138 ’ਤੇ ਪਹੁੰਚ ਗਈ ਹੈ। ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 40 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 37 ਦਿਨਾਂ ਵਿੱਚ 1743 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 178 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ ਪੱਤਰਕਾਰ ਬਲਜੀਤ ਮਰਵਾਹਾ ਦੇ ਵੱਡੇ ਭਰਾ ਅਤੇ ਇੱਥੋਂ ਦੇ ਸੈਕਟਰ-66 ਦੇ ਵਸਨੀਕ ਸਰਬਜੀਤ ਸਿੰਘ (41) ਵੀ ਸ਼ਾਮਲ ਹੈ। ਜੋ ਪਿਛਲੇ ਕਈ ਦਿਨਾਂ ਤੋਂ ਬੁਖ਼ਾਰ ਨਾਲ ਪੀੜਤ ਸੀ ਅਤੇ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਸੀ। ਪਹਿਲਾਂ ਉਹ ਆਪਣੇ ਘਰ ਵਿੱਚ ਹੀ ਪ੍ਰਾਈਵੇਟ ਡਾਕਟਰ ਤੋਂ ਦਵਾਈ ਲੈਂਦਾ ਰਿਹਾ ਹੈ। ਲੇਕਿਨ 15 ਅਗਸਤ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਲੰਘੀ ਦੇਰ ਰਾਤ ਉਸ ਨੇ ਦਮ ਤੋੜ ਦਿੱਤਾ। ਸਰਬਜੀਤ ਦਾ ਭਲਕੇ 20 ਅਗਸਤ ਨੂੰ ਸਵੇਰੇ 9 ਵਜੇ ਮੁਹਾਲੀ ਵਿੱਚ ਸਸਕਾਰ ਕੀਤਾ ਜਾਵੇਗਾ। ਇੰਜ ਹੀ ਪੀਰ ਮੁਛੱਲਾ ਦਾ 44 ਸਾਲਾ ਰਣਜੀਤ ਸਹਿਗਲ ਅਤੇ ਪਿੰਡ ਪਡਿਆਲਾ ਦਾ 53 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 922 ਨਵੇਂ ਕੇਸ ਐਕਟਿਵ ਹਨ। ਜਦੋਂਕਿ 1173 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
(ਬਾਕਸ)
ਇੱਥੋਂ ਦੇ ਸੈਕਟਰ-76 ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਅਧਿਕਾਰੀ ਸ਼ੁਰੂ ਤੋਂ ਫਰੰਟ ਲਾਈਨ ’ਤੇ ਡਿਊਟੀ ਨਿਭਾ ਰਿਹਾ ਹੈ। ਅਧਿਕਾਰੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਸਿਫਾਰਸ਼ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਟੀਏ ਦਫ਼ਤਰ ਨੂੰ ਦੁਬਾਰਾ ਸੀਲ ਕਰ ਦਿੱਤਾ ਹੈ ਅਤੇ ਸਮੂਹ ਦਫ਼ਤਰੀ ਸਟਾਫ਼ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ ਆਰਟੀਏ ਦਫ਼ਤਰ ਦੇ ਕਲਰਕ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਕਈ ਦਿਨਾਂ ਲਈ ਦਫ਼ਤਰ ਨੂੰ ਸੀਲ ਕਰਕੇ ਰੱਖਿਆ ਗਿਆ ਸੀ। ਇੱਥੇ ਇਹ ਦੱਸਣਯੋਗ ਹੈ ਕਿ ਰੋਜ਼ਾਨਾ ਹੀ ਆਰਟੀਏ ਦੇ ਦਫ਼ਤਰ ਵਿੱਚ ਟਰੈਫ਼ਿਕ ਚਲਾਨ ਭੁਗਤਨ ਸਮੇਤ ਹੋਰਨਾਂ ਕੰਮਾਂ ਕਾਰਾਂ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਕਾਰਨ ਸਾਰਾ ਦਿਨ ਮੇਲਾ ਲੱਗਿਆ ਰਹਿੰਦਾ ਹੈ। ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਮੰਗ ਕੀਤੀ ਕਿ ਆਰਟੀਏ ਦਫ਼ਤਰ ਵਿੱਚ ਲੋਕਾਂ ਦੀ ਭੀੜ ਘਟਾਉਣ ਲਈ ਮੌਕੇ ’ਤੇ ਹੀ ਚਲਾਨ ਭੁਗਤਾਨ ਦੀ ਵਿਵਸਥਾ ਕੀਤੀ ਜਾਵੇ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …