
‘ਕਾਇਆਕਲਪ ਸਵੱਛ ਭਾਰਤ’: ਮੁਹਾਲੀ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਨੇ ਮਾਰੀਆਂ ਮੱਲ੍ਹਾਂ, ਘੜੂੰਆਂ ਅੱਵਲ
ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੂੰ ਪੁਰਸਕਾਰ ਦੇ ਕੇ ਨਿਵਾਜਿਆ
ਸਾਫ਼-ਸਫ਼ਾਈ ਤੇ ਹੋਰ ਪੱਖਾਂ ਤੋਂ ਪਰਖੀਆਂ ਗਈਆਂ ਮੁਹਾਲੀ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
‘ਕਾਇਆਕਲਪ ਸਵੱਛ ਭਾਰਤ’ ਮੁਹਿੰਮ ਅਧੀਨ ਮੁਹਾਲੀ ਜ਼ਿਲ੍ਹੇ ਦੀਆਂ 14 ਸਰਕਾਰੀ ਸਿਹਤ ਸੰਸਥਾਵਾਂ ਨੇ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਇਸ ਸਬੰਧੀ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੁਰਸਕਾਰ ਦੇ ਕੇ ਨਿਵਾਜਿਆ ਹੈ।
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਪਰਖਿਆ ਜਾਂਦਾ ਹੈ, ਜਿਨ੍ਹਾਂ ਵਿੱਚ ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੈਮਾਨਿਆਂ ’ਤੇ ਮੁਹਾਲੀ ਦੀਆਂ 14 ਸਿਹਤ ਸੰਥਥਾਵਾਂ ਖਰੀਆਂ ਉੱਤਰੀਆਂ ਹਨ। ਜਿਨ੍ਹਾਂ ’ਚੋਂ ਮੁੱਢਲਾ ਸਿਹਤ ਕੇਂਦਰ ਘੜੂੰਆਂ ਨੂੰ ਮੁਹਾਲੀ ਜ਼ਿਲ੍ਹੇ ’ਚੋਂ ਪਹਿਲੇ ਨੰਬਰ ’ਤੇ ਐਲਾਨਿਆ ਗਿਆ ਜਦੋਂਕਿ ਬਾਕੀ ਸੰਸਥਾਵਾਂ ਨੇ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ।
ਇਨ੍ਹਾਂ ਸੰਸਥਾਵਾਂ ਵਿੱਚ ਲਾਂਡਰਾਂ ਸਮੇਤ ਸਬ-ਡਵੀਜ਼ਨਲ ਹਸਪਤਾਲ ਖਰੜ, ਕਮਿਊਨਿਟੀ ਹੈਲਥ ਸੈਂਟਰ ਬਨੂੜ, ਲਾਲੜੂ, ਢਕੌਲੀ, ਮੁੱਢਲਾ ਸਿਹਤ ਕੇਂਦਰ ਘੜੂੰਆਂ ਅਤੇ ਬੂਥਗੜ੍ਹ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਹਿਰੀ ਖੇਤਰ ਵਿੱਚ ਮੁੱਢਲਾ ਸਿਹਤ ਕੇਂਦਰ ਫੇਜ਼-1, ਫੇਜ਼-7, ਫੇਜ਼-11, ਮੁੱਢਲਾ ਸਿਹਤ ਕੇਂਦਰ ਫੇਜ਼-3ਬੀ1 ਅਤੇ ਚੰਦੋ, ਖਿਜ਼ਰਗੜ੍ਹ ਅਤੇ ਈਸਾਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਨੂੰ ਟਰਾਫ਼ੀ ਦੇ ਨਾਲ 50 ਹਜ਼ਾਰ ਰੁਪਏ ਤੋਂ 1 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਘੜੂੰਆਂ ਹਸਪਤਾਲ ਨੂੰ ਸਭ ਤੋਂ ਵੱਧ 2 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ ਜੋ ਕਿ ਹਸਪਤਾਲ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਖ਼ਰਚੀ ਜਾਵੇਗੀ। ਇਹ ਪੁਰਸਕਾਰ ਸਾਲ 2019-20 ਲਈ ਦਿੱਤੇ ਗਏ ਹਨ।
ਸਿਵਲ ਸਰਜਨ ਨੇ ਇਸ ਪ੍ਰਾਪਤੀ ਲਈ ਸਿਹਤ ਅਧਿਕਾਰੀਆਂ ਅਤੇ ਸਟਾਫ਼ ਦੀ ਕਾਰਗੁਜ਼ਾਰੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਸਾਲ ਜਦੋਂ ਕਾਇਆਕਲਪ ਪ੍ਰੋਗਰਾਮ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਕੋਵਿਡ ਮਹਾਮਾਰੀ ਦਾ ਦੌਰ ਚੱਲ ਰਿਹਾ ਸੀ। ਉਦੋਂ ਸਮੁੱਚਾ ਸਿਹਤ ਅਮਲਾ ਮਹਾਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਅਤੇ ਸਿਹਤ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਗਈ।