ਬੰਗਲਾ ਦੇਸ਼ ਦੇ 20 ਡਿਪਟੀ ਕਮਿਸ਼ਨਰਾਂ ਨੇ ਮੁਹਾਲੀ ਡੀਸੀ ਦਫ਼ਤਰ ਵਿੱਚ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ ਵਿੱਚ ਲਿਆ ਹਿੱਸਾ

ਡੀਸੀ ਸ੍ਰੀਮਤੀ ਸਪਰਾ ਨੇ ਮੁਹਾਲੀ ਜ਼ਿਲ੍ਹੇ ਦੇ ਪਿਛੋਕੜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਜਸ਼ੈਲੀ ਬਾਰੇ ਦਿੱਤੀ ਜਾਣਕਾਰੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਸ ਮੰਸੂਰੀ ਨਾਲ ਜੁੜੇ ਪ੍ਰੋਜੈਕਟ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੰਗਲਾ ਦੇਸ਼ ਦੇ 20 ਡਿਪਟੀ ਕਮਿਸ਼ਨਰਾਂ ਨੇ ਸੱਤਵੇਂ ਸਪੈਸ਼ਲ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ਤੇ ਸਮੂਹ ਡਿਪਟੀ ਕਮਿਸ਼ਨਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਇਹ ਵਰਨਣਯੋਗ ਹੈ ਕਿ ਬੰਗਲਾ ਦੇਸ਼ ਦੇ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਕੰਮਕਾਜ਼ ਦੀ ਜਾਣਕਾਰੀ ਲੈਣ ਪੁੱਜੇ ਹੋਏ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਬੰਗਲਾ ਦੇਸ਼ ਦੇ ਡਿਪਟੀ ਕਮਿਸ਼ਨਰਾਂ ਨੂੰ ਮੁਹਾਲੀ ਵਿੱਚ ਪੁੱਜਣ ’ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਟ੍ਰੇਨਿੰਗ ਲਈ ਪੰਜਾਬ ਦਾ ਐਸ.ਏ.ਐਸ.ਨਗਰ ਜ਼ਿਲ੍ਹਾ ਚੁਣਨ ਤੇ ਮੁਬਾਰਕਬਾਦ ਵੀ ਦਿੱਤੀ।
ਸ੍ਰੀਮਤੀ ਸਪਰਾ ਨੇ ਆਪਣੇ ਵੱਲੋਂ ਦਿੱਤੀ ਪਰਜੈਂਟੇਸ਼ਨ ਵਿਚ ਜਿੱਥੇ ਮੁਹਾਲੀ ਜ਼ਿਲ੍ਹੇ ਦੇ ਪਿਛੋਕੜ, ਇਤਿਹਾਸਕ ਮਹੱਤਤਾ ਅਤੇ ਨਾਮਵਰ ਸੰਸਥਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਕੰਮਕਾਜ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸਹਾਇਕ ਕਮਿਸ਼ਨਰ (ਜਨਰਲ) ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਬ-ਡਵੀਜਨਲ ਮੈਜਿਸਟਰੇਟਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਦੇ ਕੰਮਕਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਇਸ ਟੇ੍ਰਨਿੰਗ ਪ੍ਰੋਗਰਾਮ ਦਾ ਜਿੱਥੇ ਬੰਗਲਾ ਦੇਸ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡਾ ਫਾਇਦਾ ਹੋਵੇਗਾ ਉੱਥੇ ਐਸ.ਏ.ਐਸ. ਨਗਰ ਦੇ ਜਿਲ਼੍ਹਾ ਅਧਿਕਾਰੀਆਂ ਦੀ ਜਾਣਕਾਰੀ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਇੱਕ ਦੂਜੇ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਬੇਹੱਦ ਸਹਾਈ ਹੁੰਦੇ ਹਨ।
ਇਸ ਮੌਕੇ ਪੁਲਿਸ ਪ੍ਰਸਾਸ਼ਨ ਵੱਲੋਂ ਡੀ.ਐਸ.ਪੀ. ਸੰਦੀਪ ਕੌਰ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ, ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਤਾਲਮੇਲ ਅਤੇ ਪੁਲਿਸ ਵੱਲੋਂ ਸ਼ੁਰੂ ਕੀਤੀਆਂ ਹੈਲਪ ਲਾਈਨਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੀਆਂ ਰਾਜ ਸਰਕਾਰ ਅਤੇ ਕੇਂਦਰੀ ਪ੍ਰਯੋਜਿਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਰਵ ਸਿੱਖਿਆ ਅਭਿਆਨ, ਆਦਿ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਜਿਸ ਵਿਚ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਆਸ਼ੀਰਵਾਦ ਸਕੀਮ,ਜਲ ਸਪਲਾਈ ਅਤੇ ਸੈਨੀਟੇਸ਼ਨ ਸਕੀਮਾਂ ਤੋਂ ਇਲਾਵਾ, ਬੇਟੀ ਬਚਾਓ ਬੇਟੀ ਪੜਾਓ ਆਦਿ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ ਅਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੰਗਲਾ ਦੇਸ਼ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਫੁਲਕਾਰੀਆਂ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਐਸ.ਡੀ.ਐਮ. ਮੁਹਾਲੀ ਆਰ.ਪੀ. ਸਿੰਘ, ਐਸ.ਡੀ.ਐਮ.ਖਰੜ,ਅਮਨਿੰਦਰ ਕੌਰ ਬਰਾੜ, ਐਸ਼.ਡੀ.ਐਮ. ਡੇਰਾਬਸੀ ਪਰਮਦੀਪ ਸਿੰਘ, ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਫਰਦ ਕੇਂਦਰ ਅਤੇ ਸੁਵਿਧਾ ਕੇਂਦਰ ’ਚ ਜਾ ਕੇ ਕੰਮਕਾਜ ਦਾ ਜਾਇਜਾ ਵੀ ਲਿਆ। ਬਾਅਦ ਵਿਚ ਡਾ: ਮੁਹੰਮਦ ਮਾਸੂਮਰ ਰਹਿਮਾਨ ਡਿਪਟੀ ਕਮਿਸ਼ਨਰ ਪਟੂਆਖਲੀ (ਬੰਗਲਾ ਦੇਸ਼) ਅਤੇ ਤਪਨ ਕੁਮਾਰ ਵਿਸ਼ਵਾਸ ਡਿਪਟੀ ਕਮਿਸ਼ਨਰ ਬੇਜਰਹੱਤ (ਬੰਗਲਾ ਦੇਸ਼) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟ੍ਰੇਨਿੰਗ ਪ੍ਰੋਗਰਾਮ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਸਲਾਘਾ ਕੀਤੀ।
ਉਨ੍ਹਾਂ ਦੱਸਿਆ ਕਿ ਭਾਵੇਂ ਬੰਗਲਾ ਦੇਸ਼ ਵਿਚ ਵੀ ਈ-ਗਵਰਨੈਸ ਦੇ ਪ੍ਰੋਗਰਾਮ ਚਲ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਦੇ ਕੰਮਕਾਜ਼ ਵੀ ਇੱਕ ਦੂਜੇ ਨਾਲ ਕਾਫੀ ਮੇਲ ਖਾਂਦੇ ਹਨ। ਪ੍ਰੰਤੁ ਉਹ ਫਰਦ ਕੇਂਦਰਾਂ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਤੋਂ ਬੇਹੱਦ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਜਿੱਥੇ ਇੱਕ ਦੂਜੇ ਦੇਸ਼ਾਂ ਨਾਲ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਮਜਬੂਤ ਕਰਦੇ ਹਨ ਉੱਥੇ ਅਧਿਕਾਰੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਉਨ੍ਹਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਹਾਇਕ ਪ੍ਰੋਫੈਸਰ ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਸ ਮੰਸੂਰੀ ਡਾ:ਏ.ਪੀ.ਸਿੰਘ ਨੇ ਦੱਸਿਆ ਕਿ ਸੈਂਟਰ ਵੱਲੋਂ ਹੁਣ ਤੱਕ 110 ਡਿਪਟੀ ਕਮਿਸ਼ਨਰਾਂ ਸਮੇਤ 1382 ਬੰਗਲਾਦੇਸ਼ੀ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਟੇ੍ਰਨਿੰਗ ਦਿੱਤੀ ਗਈ ਹੈ ਅਤੇ ਦੋਵੇ ਦੇਸ਼ਾਂ ਦੇ ਸਮਝੋਤੇ ਤਹਿਤ ਬੰਗਲਾ ਦੇਸ਼ ਦੇ ਕੁੱਲ 1500 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …