Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਦੇ 4 ਮਹੀਨਿਆਂ ਦੇ ਸ਼ਾਸ਼ਨ ਵਿੱਚ 200 ਕਿਸਾਨਾਂ ਨੇ ਕੀਤੀਆਂ ਖ਼ੁਦਕੁਸ਼ੀਆਂ: ਪ੍ਰੇਮ ਸਿੰਘ ਚੰਦੂਮਾਜਰਾ ਕਿਸਾਨ ਖ਼ੁਦਕੁਸੀਆਂ ਰੋਕਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾ ਦੀ ਲੋੜ: ਚੰਦੂਮਾਜਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਰਾਜ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ ਅਤੇ ਹੁਣ ਤੱਕ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਦੋ ਵਾਅਦੇ ਸਭ ਤੋਂ ਅਹਿਮ ਸਨ। ਜਿਨ੍ਹਾਂ ਵਿੱਚ ਘਰ ਘਰ ਸਰਕਾਰੀ ਨੌਕਰੀ ਦੇਣਾ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਸ਼ਾਮਲ ਹਨ ਪ੍ਰੰਤੂ ਹੁਣ ਸਰਕਾਰ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ। ਜਿਸ ਕਾਰਨ ਬੇਰੁਜ਼ਗਾਰ ਸੜਕਾਂ ’ਤੇ ਬੈਠੇ ਹਨ ਅਤੇ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖ਼ੁਦਕੁਸੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਆਪਣੇ ਨਿਵਾਸ ’ਤੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਅਤੇ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਸਰਕਾਰ ਨੂੰ ਗੰਭੀਰਤਾ ਅਤੇ ਸੰਜੀਦਗੀ ਨਾਲ ਯਤਨ ਕਰਨੇ ਚਾਹੀਦੇ ਹਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਹੁਕਮਰਾਨਾਂ ਦੀ ਲੀਪਾ ਪੋਚੀ ਨੇ ਕਿਸਾਨ ਖ਼ੁਦਕੁਸ਼ੀਆਂ ਦੇ ਦੌਰ ਨੂੰ ਵਧਾਇਆ ਹੈ। ਉਨ੍ਹਾਂ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ 4 ਮਹੀਨਿਆਂ ਦੇ ਸ਼ਾਸ਼ਨ ਵਿੱਚ ਸੂਬੇ ਅੰਦਰ 200 ਤੋਂ ਵੱਧ ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ ਅਤੇ ਹੁਣ ਤੱਕ ਮੁੱਖ ਮੰਤਰੀ ਨੇ ਕਿਸੇ ਪੀੜਤ ਕਿਸਾਨ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਹੈ ਜਦੋਂ ਕਿ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ’ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੋ ਦਿਨ ਪੰਜਾਬ ਵਿੱਚ ਡੇਰੇ ਲਗਾ ਕੇ ਬੈਠੇ ਰਹੇ ਸੀ ਅਤੇ ਪਿੱਛੇ ਜਿਹੇ ਮੱਧ ਪ੍ਰਦੇਸ਼ ਵਿੱਚ ਜਾ ਕੇ ਸਰਕਾਰ ਨੂੰ ਕੋਸ ਕੇ ਆਏ ਹਨ ਪ੍ਰੰਤੂ ਹੁਣ ਪੰਜਾਬ ਵਿੱਚ ਕਿਸਾਨਾਂ ਦੀਆਂ ਖ਼ੁਦਕੁਸੀਆਂ ਗਾਂਧੀ ਪਰਿਵਾਰ ਨੂੰ ਸ਼ਾਇਦ ਨਜ਼ਰ ਨਹੀਂ ਆ ਰਹੀਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਚਾਹੀਦਾ ਹੈ ਕਿ ਹੁਣ ਕੈਪਟਨ ਸਰਕਾਰ ਅਤੇ ਬਾਕੀ ਕਾਂਗਰਸੀਆਂ ਨੂੰ ਵੀ ਥੋੜ੍ਹੀ ਬਹੁਤੀ ਨਸ਼ੀਹਤ ਦੇਣ ਅਤੇ ਕਰਜ਼ਾ ਮੁਆਫ਼ੀ ਅਤੇ ਕਿਸਾਨ ਖ਼ੁਦਕੁਸ਼ੀਆਂ ਦੇ ਅਸਲ ਕਾਰਨ ਲੱਭੇ ਜਾਣ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਾਰੀਆਂ ਰਾਜਸੀ ਧਿਰਾਂ ਨੂੰ ਨਿਰੋਲ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਿਸਾਨਾਂ ਨੂੰ ਗੰਭੀਰ ਸ਼ੰਕਟ ਤੋਂ ਬਾਹਰ ਕੱਢਣ ਲਈ ਸੁਹਿਰਦਤਾ ਨਾਲ ਠੋਸ ਨੀਤੀਆਂ ਅਪਨਾਉਣ ਦੀ ਲੋੜ ਹੈ ਕਿਉਂਕਿ ਪੰਜਾਬੀ ਖੇਤੀ ਪ੍ਰਧਾਨ ਸੂਬਾ ਹੈ ਅਤੇ ਰਾਜ ਦੇ ਜ਼ਿਆਦਾਤਰ ਲੋਕ ਸਿੱਧੇ ਤੌਰ ’ਤੇ ਕਿਰਸਾਨੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਣਸਾਂ ਦੇ ਉਚਿੱਤ ਭਾਅ ਨਾ ਮਿਲਣ ਕਾਰਨ ਖੇਤੀਬਾਤੀ ਲਾਹੇਵੰਦ ਧੰਦਾ ਨਹੀਂ ਰਿਹਾ ਹੈ। ਇਹੀ ਨਹੀਂ ਜਦੋਂ ਕਿਸਾਨ ਫਸਲ ਲੈ ਕੇ ਮਾਰਕੀਟ ਵਿੱਚ ਜਾਂਦਾ ਹੈ ਤਾਂ ਫਸਲ ਦੀ ਪੈਦਾਵਾਰ ਲਈ ਕੀਤੀ ਮਿਹਨਤ ਵੀ ਕਿਸਾਨ ਦੇ ਪੱਲੇ ਨਹੀਂ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ ’ਤੇ ਰਾਜਨੀਤਕ ਰੋਟੀਆਂ ਸੇਕਣਾ ਅੰਨਦਾਤਾਂ ਦੀ ਤਰਾਸਦੀ ਦਾ ਮੁੱਖ ਕਾਰਨ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ