ਚਾਲੂ ਸਾਲ ਦੌਰਾਨ ਵੱਖ-ਵੱਖ ਸੰਸਥਾਵਾਂ ਨੂੰ 25 ਲੱਖ ਪੌਦੇ ਮੁਫ਼ਤ ਵੰਡੇ ਜਾਣਗੇ: ਧਰਮਸੋਤ

ਪੰਜ ਜ਼ਿਲ੍ਹਿਆਂ ਵਿੱਚ 125.55 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਹਰਬਲ ਗਾਰਡਨ ਤੇ ਮੈਡੀਸਨਲ ਪਲਾਂਟ ਹੋਣਗੇ ਤਿਆਰ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜੁਲਾਈ
ਜੰਗਲਾਤ ਵਿਭਾਗ, ਪੰਜਾਬ ਵੱਲੋਂ ਸਾਲ 2017-18 ਦੌਰਾਨ ਲਗਭੱਗ 25 ਲੱਖ ਬੂਟੇ ਵੱਖ-ਵੱਖ ਸੰਸਥਾਵਾਂ ਨੂੰ ਮੁਫ਼ਤ ਵੰਡੇ ਜਾਣਗੇ ਤਾਂ ਜੋ ਵਾਤਾਵਰਣ ਸੰਤੁਲਨ ਕਾਇਮ ਰੱਖਿਆ ਜਾ ਸਕੇ ਅਤੇ ਸਰਕਾਰੀ ਤੇ ਹੋਰਨਾਂ ਸੰਸਥਾਵਾਂ ਨੂੰ ਹਰਾ-ਭਰਾ ਬਣਾਇਆ ਜਾ ਸਕੇ। ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਵਿਭਾਗ ਵਲੋਂ ਚਾਲੂ ਸਾਲ 2017-18 ਦੌਰਾਨ ਗਰੀਨਿੰਗ ਪੰਜਾਬ ਮਿਸ਼ਨ ਸਕੀਮ ਤਹਿਤ ਸਿੱਖਿਅਕ, ਸਮਾਜਿਕ, ਧਾਰਮਿਕ ਸੰਸਥਾਵਾਂ, ਸੈਨਿਕਾਂ ਅਤੇ ਅਰਧ ਸੈਨਿਕ ਬਲਾਂ ਆਦਿ ਨੂੰ 25 ਲੱਖ ਬੂਟੇ ਮੁਫ਼ਤ ਸਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਸੰਸਥਾਵਾਂ ਦੀ ਇਨ੍ਹਾਂ ਬੂਟਿਆਂ ਨੂੰ ਨਾ ਸਿਰਫ਼ ਲਾਉਣ ਦੀ ਸਗੋਂ ਪਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਹੋਵੇਗੀ ਤਾਂ ਜੋ ਇਨ੍ਹਾਂ ਨੂੰ ਲਾਉਣ ਦੇ ਉਦੇਸ਼ ਦੀ ਪ੍ਰਾਪਤੀ ਕੀਤੀ ਜਾ ਸਕੇ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਲ 2017-18 ਦੌਰਾਨ ਹੁਸ਼ਿਆਰਪੁਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਆਦਿ ਜ਼ਿਲ੍ਹਿਆਂ ਵਿਖੇ ਹਰਬਲ ਗਾਰਡਨ ਤਿਆਰ ਕਰਨ ਅਤੇ ਢੁੱਕਵੀਆਂ ਥਾਂਵਾਂ ’ਤੇ ਮੈਡੀਸਨਲ ਪਲਾਂਟ ਲਗਾਏ ਜਾਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਚਾਲੂ ਸਾਲ ਦੌਰਾਨ ਅਨੁਮਾਨਿਤ 1 ਕਰੋੜ 25 ਲੱਖ ਰੁਪਏ ਖ਼ਰਚੇ ਜਾਣਗੇ। ਜੰਗਲਾਤ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਵੱਧ ਤੋਂ ਵੱਧ ਰਕਬਾ ਜੰਗਲਾਤ ਅਧੀਨ ਲਿਆਉਣ ਦੇ ਮਕਸਦ ਨਾਲ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਐਗਰੋ ਫਾਰੈਸਟਰੀ ਸਬੰਧੀ 8 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਮਨਜ਼ੂਰੀ ਹਿੱਤ ਭੇਜਿਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਰੁੱਖ ਲਾਉਣ ਪ੍ਰਤੀ ਉਤਸ਼ਾਹਿਤ ਕਰਨ ਅਤੇ ਇਸ ਕਾਰਜ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਏ ਜਾਣ ਦੀ ਯੋਜਨਾ ਉਲੀਕੀ ਗਈ ਹੈ।
ਸ੍ਰੀ ਧਰਮਸੋਤ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ 2 ਮਾਡਰਨ ਨਰਸਰੀਆਂ ਦੀ ਸਥਾਪਨਾ ਕੀਤੀ ਜਾ ਚੁੱਕੀ ਹੈ ਤਾਂ ਜੋ ਜੰਗਲਾਤ ਲਈ ਚੰਗੀ ਗੁਣਵੱਤਾ ਦੇ ਬੂਟੇ ਤਿਆਰ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਗਰੀਨ ਪੰਜਾਬ ਮਿਸ਼ਨ ਅਧੀਨ ਵਿਭਾਗ ਦੀਆਂ ਵੱਖ-ਵੱਖ ਨਰਸਰੀਆਂ ਵਿੱਚ ਵੱਖ-ਵੱਖ ਕਿਸਮ ਦੇ 180 ਲੱਖ ਬੂਟੇ ਤਿਆਰ ਕਰਵਾਏ ਗਏ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…