
ਗਿਆਨ ਜਯੋਤੀ ਇੰਸਟੀਚਿਊਟ ਵਿੱਚ ਦੂਜਾ ਮੁਫ਼ਤ ਕੋਵਿਡ ਟੀਕਾਕਰਨ ਕੈਂਪ, 350 ਲੋਕਾਂ ਦਾ ਟੀਕਾਕਰਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੁਲਾਈ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿਖੇ ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਵਿਦਿਆਰਥੀਆਂ, ਅਧਿਆਪਕਾਂ, ਦਫ਼ਤਰੀ ਸਟਾਫ਼ ਸਮੇਤ ਆਮ ਸ਼ਹਿਰੀਆਂ ਦੀ ਸੁਵਿਧਾ ਲਈ ਦੂਜਾ ਮੁਫ਼ਤ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਜੇਐਸ ਬੇਦੀ ਨੇ ਕੀਤਾ। ਜਦੋਂਕਿ ਪ੍ਰਧਾਨਗੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕੀਤੀ। ਇਸ ਕੈਂਪ ਵਿੱਚ ਇੰਸਟੀਚਿਊਟ ਦੇ ਵਿਦਿਆਰਥੀਆਂ ਸਮੇਤ 350 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਜੇਐਸ ਬੇਦੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਹਾਲਾਤਾਂ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸੰਸਥਾ ਦੀ ਡਾਇਰੈਕਟਰ ਡਾ.ਅਨੀਤ ਬੇਦੀ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਗਿਆਨ ਜਯੋਤੀ ਗਰੁੱਪ ਨੇ ਹਮੇਸ਼ਾ ਹੀ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਲੋਕ ਭਲਾਈ ਦੇ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਭਲਾਈ ਦੇ ਕੰਮ ਜਾਰੀ ਰਹਿਣਗੇ। ਉਨ੍ਹਾਂ ਨੇ ਕੋਵਿਡ ਟੀਕਾਕਰਨ ਕੈਂਪ ਲਈ ਸਿਹਤ ਵਿਭਾਗ, ਮੈਡੀਕਲ ਟੀਮ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।