
ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤ ਦਾ ਸੈਲਾਬ ਉਮੜਿਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਜਿਹੀ ਮਿਸਾਲ ਦੁਨੀਆ ਵਿੱਚ ਹੋਰ ਕਿਤੇ ਨਹੀਂ: ਨਰਿੰਦਰ ਮੋਦੀ
ਮੁੱਖ ਮੰਤਰੀ ਬਾਦਲ ਵੱਲੋਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ
ਮੁੱਖ ਮੰਤਰੀ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਮਜੀਠੀਆ, ਤੋਤਾ ਸਿੰਘ, ਚੰਦੂਮਾਜਰਾ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਪਟਨਾ ਸਾਹਿਬ, 5 ਜਨਵਰੀ:
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਬੰਧਾਂ ਹੇਠ ਸ੍ਰੀ ਪਟਨਾ ਸਾਹਿਬ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਬਾਦਲ ਵਜ਼ਾਰਤ ਕਈ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਬੋਲਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਜਿਹੀ ਦੁਨੀਆ ਭਰ ਵਿੱਚ ਕੋਈ ਮਿਸ਼ਾਲ ਨਹੀਂ ਹੈ। ਜਿਥੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂਆਂ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ, ਉਥੇ ਸਿੱਖ ਧਰਮ ਲਈ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਧਰਤੀ ’ਤੇ ਲੜਦਿਆਂ ਸ਼ਹੀਦੀ ਪ੍ਰਾਪਤ ਕਰ ਗਏ, ਉਥੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸਾਲਾਨੀ ਸ਼ਹਾਦਤ ਦੀ ਦਾਸਤਾਨ ਸੁਣ ਕੇ ਰੌਂਗਟੇ ਖੜੇ ਹੋ ਜਾਂਦੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸ੍ਰੀ ਬਾਦਲ ਅਤੇ ਹੋਰ ਪਤਵੰਤਿਆਂ ਨਾਲ ਇਸ ਪਵਿੱਤਰ ਮੌਕੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਸ੍ਰੀ ਬਾਦਲ ਨੇ ਸੰਗਤ ਨੂੰ ਜਾਤ, ਰੰਗ ਤੇ ਨਸਲ ਤੋਂ ਰਹਿਤ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਮਾਜਵਾਦ, ਮਨੁੱਖੀ ਅਧਿਕਾਰ ਅਤੇ ਧਾਰਮਿਕ ਆਜ਼ਾਦੀ ਦੇ ਸਹੀ ਅਰਥਾਂ ਵਿੱਚ ਰਾਖੇ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਸੀ ਅਤੇ ਜਬਰੀ ਧਰਮ ਪਰਿਵਰਤਨ ਕਰਵਾਉਣ ਵਿਰੁੱਧ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕੁਰਬਾਨੀ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਬਰ ਵਿਰੁੱਧ ਸੰਘਰਸ਼ ਲਈ ਦਸ਼ਮੇਸ਼ ਪਿਤਾ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਜਿਸ ਨਾਲ ਉਨ੍ਹਾਂ ਨੇ ਗਰੀਬਾਂ ਅਤੇ ਲਤਾੜੇ ਹੋਏ ਲੋਕਾਂ ਨੂੰ ਮੁਗਲਾਂ ਦੇ ਅਨਿਆਂ ਅਤੇ ਅਤਿਆਚਾਰ ਵਿਰੁੱਧ ਸੰਘਰਸ਼ ਕਰਨ ਲਈ ਸ਼ਕਤੀਵਾਨ ਕੀਤਾ।
ਜਾਤ, ਰੰਗ ਅਤੇ ਨਸਲ ਦੇ ਅਧਾਰ ਉੱਤੇ ਵਿਤਕਰੇ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਗੁਰੂ ਜੀ ਨੇ ਇੱਕ ਬਾਟੇ ਵਿਚੋਂ ਅਮ੍ਰਿਤ ਛਕਾ ਕੇ ਬਰਾਬਰੀ ਵਾਲੇ ਸਮਾਜ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਦਾ ਹੀ ਇਕ ਪਰਮਾਤਮਾ ਅਤੇ ਮਾਨਵਤਾ ਲਈ ਪਿਆਰ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਮਨੁੱਖਤਾ ਦੀ ਚੜ੍ਹਦੀਕਲਾ ਲਈ ਮਹਾਨ ਗੁਰੂ ਜੀ ਵੱਲੋਂ ਦਿਖਾਇਆ ਰਾਹ ਅਪਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਮਿਸਾਲ ਕੁਰਬਾਨੀ ਵਿਸ਼ਵ ਇਤਿਹਾਸ ਲਈ ਚਾਨਣ ਮੁਨਾਰਾ ਸਿੱਧ ਹੋਵੇਗੀ ਜਿਨ੍ਹਾਂ ਨੇ ਲਤਾੜੇ ਹੋਏ ਲੋਕਾਂ ਨੂੰ ਮੁਗਲ ਹਕੂਮਤ ਦੇ ਜ਼ੁਲਮ, ਦਮਨ ਅਤੇ ਅਨਿਆਂ ਭਰੇ ਸ਼ਾਸਨ ਖਿਲਾਫ ਜੂਝਣ ਦਾ ਰਾਹ ਦਿਖਾਇਆ। ਸ੍ਰੀ ਬਾਦਲ ਨੇ ਨੇ ਗੁਰੂ ਸਾਹਿਬ ਦੇ ਪਵਿੱਤਰ ਜਨਮ ਅਸਥਾਨ ਪਟਨਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਕਰਨ ਵਿੱਚ ਦਿਖਾਈ ਨਿੱਜੀ ਦਿਲਚਸਪੀ ਲਈ ਬਿਹਾਰ ਦੇ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਦੀ ਫਰਾਖਦਿਲੀ ਤੇ ਦੂਰਅੰਦੇਸ਼ੀ ਲਈ ਦੁਨੀਆ ਭਰ ਤੋਂ ਸਮੁੱਚਾ ਸਿੱਖ ਭਾਈਚਾਰਾ ਸਦਾ ਉਨ੍ਹਾਂ ਦਾ ਰਿਣੀ ਰਹੇਗਾ।
ਇਸ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪਾਰਟੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ ਅਤੇ ਪ੍ਰਮੁੱਖ ਸਕੱਤਰ ਆਮ ਪ੍ਰਸ਼ਾਸਨ ਕੇ.ਏ.ਪੀ. ਸਿਨਹਾ ਵੀ ਹਾਜ਼ਰ ਸਨ।