ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਤੇ ਬਲਾਤਕਾਰ ਦੇ ਦੋਸ਼ ਹੇਠ 4 ਮੁਲਜ਼ਮ ਗ੍ਰਿਫ਼ਤਾਰ
ਬੀਤੀ 13 ਨਵੰਬਰ ਤੋਂ ਲੜਕੀ ਸਮੇਤ ਫ਼ਰਾਰ ਸੀ ਮੁੱਖ ਮੁਲਜ਼ਮ, ਪੀੜਤ ਲੜਕੀ ਨੂੰ ਪੀਜੀਆਈ ’ਚ ਕਰਵਾਇਆ ਦਾਖ਼ਲ
ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ:
ਮੁਹਾਲੀ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਘਰੋਂ ਭਜਾਉਣ ਅਤੇ ਬਲਾਤਕਾਰ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਦਮਨਪ੍ਰੀਤ ਸਿੰਘ, ਬਿਕਰਮ ਸਿੰਘ ਤੇ ਪ੍ਰਦੀਪ ਸਿੰਘ ਉਰਫ਼ ਸਨੀ ਸਾਰੇ ਵਾਸੀ ਪਿੰਡ ਝਿਊਰਹੇੜੀ ਅਤੇ ਸਨੀ ਵਾਸੀ ਪਿੰਡ ਬਾਕਰਪੁਰ ਵਜੋਂ ਹੋਈ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਬਾਲਗ ਲੜਕੀ ਵੀ ਬਰਾਮਦ ਕਰ ਲਈ ਹੈ। ਜਿਸ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਐਰੋਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਉਕਤ ਮੁਲਜ਼ਮਾਂ ਅਤੇ ਲੜਕੀ ਨੂੰ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਐਰੋਸਿਟੀ ਥਾਣੇ ਵਿੱਚ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦਮਨਪ੍ਰੀਤ ਸਿੰਘ ਬੀਤੀ 13 ਨਵੰਬਰ ਨੂੰ ਪੀੜਤ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਸਮੇਂ ਤੋਂ ਹੀ ਫ਼ਰਾਰ ਚਲਿਆ ਆ ਰਿਹਾ ਸੀ ਜਿਸ ਨੂੰ ਪੁਲੀਸ ਵੱਲੋਂ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ ਪੀੜਤ ਲੜਕੀ ਨੂੰ ਬਰਾਮਦ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਘਰੋਂ ਭਜਾ ਕੇ ਲਿਜਾਉਣ ਸਮੇਂ ਦਮਨਪ੍ਰੀਤ ਸਿੰਘ ਦੀ ਮਦਦ ਕਰਨ ਵਾਲੇ ਉਸਦੇ ਸਾਥੀਆਂ ਬਿਕਰਮ ਸਿੰਘ, ਪ੍ਰਦੀਪ ਸਿੰਘ ਉਰਫ਼ ਸਨੀ ਵਾਸੀ ਪਿੰਡ ਝਿਊਰਹੇੜੀ ਅਤੇ ਸਨੀ ਵਾਸੀ ਪਿੰਡ ਬਾਕਰਪੁਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।