
ਸਾਬਕਾ ਆਰਮੀ ਅਫ਼ਸਰ ਸਣੇ 4 ਅਗਵਾ ਕੇਸ: ਸੀਬੀਆਈ ਅਦਾਲਤ ਵੱਲੋਂ ਸਾਬਕਾ ਐਸਐਚਓ ਦੋਸ਼ੀ ਕਰਾਰ
ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਸਣੇ ਤਿੰਨ ਪੁਲੀਸ ਮੁਲਾਜ਼ਮ ਬਰੀ
ਜਸਵੰਤ ਸਿੰਘ ਖਾਲੜਾ ਕੇਸ ਵਿੱਚ ਪਿਛਲੇ 18 ਸਾਲਾਂ ਤੋਂ ਜੇਲ੍ਹ ਵਿੱਚ ਹੈ ਦੋਸ਼ੀ ਸੁਰਿੰਦਰਪਾਲ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਮੁਹਾਲੀ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਆਰਮੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ, ਭਤੀਜਾ ਗੁਰਦੀਪ ਸਿੰਘ ਸਮੇਤ ਇੱਕ ਹੋਰ ਰਿਸ਼ਤੇਦਾਰ ਸਵਰਣ ਸਿੰਘ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਣ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਤਿੰਨ ਦਹਾਕੇ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐਸਐਚਓ ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਨੂੰ 5 ਅਪਰੈਲ ਨੂੰ ਸਜਾ ਸੁਣਾਈ ਜਾਵੇਗੀ ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਸੇਵਾਮੁਕਤ ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ, ਸਾਬਕਾ ਐੱਸਐੱਸਓ ਰਾਮ ਨਾਥ ਅਤੇ ਥਾਣੇਦਾਰ ਨਾਜ਼ਰ ਸਿੰਘ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕੀਤਾ ਗਿਆ ਹੈ।
ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ 23 ਜੁਲਾਈ 1992 ਵਿੱਚ ਸਾਬਕਾ ਆਰਮੀ ਅਫ਼ਸਰ ਪਿਆਰਾ ਸਿੰਘ, ਉਸ ਦੇ ਬੇਟੇ ਹਰਫੂਲ ਸਿੰਘ, ਭਤੀਜੇ ਗੁਰਦੀਪ ਸਿੰਘ ਜੋ ਬਿਜਲੀ ਬੋਰਡ ਦਾ ਮੁਲਾਜ਼ਮ ਸੀ ਅਤੇ ਇੱਕ ਹੋਰ ਰਿਸ਼ਤੇਦਾਰ ਸਵਰਨ ਸਿੰਘ ਨੂੰ ਘਰੋਂ ਚੁੱਕ ਕੇ ਕਈ ਦਿਨਾਂ ਤੱਕ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਬਾਅਦ ਉਨ੍ਹਾਂ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰ ਦਿੱਤਾ। ਜਿਨ੍ਹਾਂ ਬਾਰੇ ਹੁਣ ਤੱਕ ਕੋਈ ਸੂਹ ਨਹੀਂ ਮਿਲੀ।
ਪੁਲੀਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਪੀੜਤ ਪਰਿਵਾਰ ਲੰਮਾ ਸਮਾਂ ਉਸ ਸਮੇਂ ਦੀ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਤਰਲੇ ਮਿੰਨਤਾਂ ਕਰਦਾ ਰਿਹਾ ਲੇਕਿਨ ਕਿਸੇ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਇਸ ਮਗਰੋਂ ਸਾਬਕਾ ਆਰਮੀ ਅਫ਼ਸਰ ਦੀ ਪਤਨੀ ਬੀਬੀ ਜਗੀਰ ਕੌਰ ਨੇ 1996 ਵਿੱਚ ਇਨਸਾਫ਼ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ। ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਉੱਚ ਅਦਾਲਤ ਵੱਲੋਂ ਇਸ ਮਾਮਲੇ ਦੀ ਸੀਬੀਆਈ ਨੂੰ ਜਾਂਚ ਸੌਂਪੀ ਗਈ। ਮੁੱਢਲੀ ਜਾਂਚ ਤੋਂ ਬਾਅਦ ਸੀਬੀਆਈ ਨੇ ਗੋਬਿੰਦਵਾਲ ਸਾਹਿਬ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਖ਼ਿਲਾਫ਼ ਧਾਰਾ 36,342 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਤਤਕਾਲੀ ਡੀਐਸਪੀ ਭੁਪਿੰਦਰਜੀਤ ਸਿੰਘ ਵਿਰਕ (ਹੁਣ ਸੇਵਾਮੁਕਤ ਐੱਸਐੱਸਪੀ), ਵੇਰੋਵਾਲ ਥਾਣਾ ਦੇ ਤਤਕਾਲੀ ਐਸਐਚਓ ਰਾਮ ਨਾਥ ਸਿੰਘ, ਤਤਕਾਲੀ ਥਾਣੇਦਾਰ ਨਾਜ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਇਸ ਮਾਮਲੇ ਵਿੱਚ 67 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਪ੍ਰੰਤੂ ਸੁਣਵਾਈ ਦੌਰਾਨ 38 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਕਿਉਂਕਿ ਸੁਣਵਾਈ ਲੰਮਾ ਸਮਾਂ ਚੱਲਣ ਕਾਰਨ ਕੁੱਝ ਗਵਾਹਾਂ ਦੀ ਮੌਤ ਹੋ ਗਈ ਸੀ।
ਵਕੀਲਾਂ ਨੇ ਦੱਸਿਆ ਕਿ ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਜੱਜ ਨੇ ਤਤਕਾਲੀ ਐਸਐਚਓ ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਬਾਕੀ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਦੋਸ਼ੀ ਨੂੰ 5 ਅਪਰੈਲ ਨੂੰ ਸਜਾ ਸੁਣਵਾਈ ਜਾਵੇਗੀ। ਵਕੀਲਾਂ ਨੇ ਦੱਸਿਆ ਕਿ ਦੋਸ਼ੀ ਸੁਰਿੰਦਰਪਾਲ ਸਿੰਘ ਜਸਵੰਤ ਸਿੰਘ ਖਾਲੜਾ ਕੇਸ ਵਿੱਚ ਪਿਛਲੇ 18 ਸਾਲਾਂ ਤੋਂ ਵੱਖ-ਵੱਖ ਮਾਮਲਿਆਂ ਵਿੱਚ ਪਹਿਲਾਂ ਹੀ ਸਜਾ ਭੁਗਤ ਰਿਹਾ ਹੈ ਅਤੇ ਜੇਲ੍ਹ ਵਿੱਚ ਬੰਦ ਹੈ।