ਮੁਹਾਲੀ ਜ਼ਿਲ੍ਹੇ ਵਿੱਚ 40 ਆਮ ਆਦਮੀ ਕਲੀਨਿਕ ਪ੍ਰਦਾਨ ਕਰ ਰਹੇ ਨੇ ਮਿਆਰੀ ਸਿਹਤ ਸੇਵਾਵਾਂ: ਕੁਲਵੰਤ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 14,03,442 ਮਰੀਜ਼ ਕਰਵਾ ਚੁੱਕੇ ਹਨ ਮੁਫ਼ਤ ਇਲਾਜ: ‘ਆਪ’ ਵਿਧਾਇਕ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਬੋਝ ਘਟਿਆ

ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮੰਤਵ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਾਰਜਸ਼ੀਲ ਹਨ। ਮੁਹਾਲੀ ਜ਼ਿਲ੍ਹੇ ਵਿੱਚ 40 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਹੁਣ ਤੱਕ 1403442 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਲੋੜ ਅਨੁਸਾਰ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੇ 38 ਡਾਇਗਨੌਸਟਿਕ ਟੈੱਸਟ ਮੁਫ਼ਤ ਦਿੱਤੇ ਜਾਂਦੇ ਹਨ। ਹੁਣ ਤੱਕ 2,98,623 ਮਰੀਜ਼ਾਂ ਦੇ ਲੈਬ ਟੈੱਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਚੈੱਕਅਪ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਹਰ ਕਲੀਨਿਕ ਆਧੁਨਿਕ ਆਈਟੀ ਬੁਨਿਆਦੀ ਢਾਂਚੇ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਸਰਕਾਰ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ 80 ਫ਼ੀਸਦੀ ਦਵਾਈਆਂ ਆਰਾਮ ਨਾਲ ਮਿਲ ਜਾਂਦੀਆਂ ਹਨ। ਪ੍ਰੋਟੋਕਾਲ ਮੁਤਾਬਕ ਪਹਿਲਾਂ ਮਰੀਜ਼ ਰਜਿਸਟਰੇਸ਼ਨ ਕਰਵਾਉਂਦੇ ਹਨ ਅਤੇ ਫਿਰ ਡਾਕਟਰ ਕੋਲ ਚੈੱਕਅਪ ਕਰਵਾਉਂਦੇ ਹਨ। ਉਪਰੰਤ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅਪ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਸਾਰੇ ਟੈੱਸਟ ਵੀ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਬੋਝ ਘਟਿਆ ਹੈ। ਇਹ ਕਲੀਨਿਕ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ ਅਤੇ ਹੁਣ ਲੋਕਾਂ ਨੂੰ ਲੰਮੀ ਲਾਈਨ ਵਿੱਚ ਖੜ੍ਹੇ ਨਹੀਂ ਹੋਣਾ ਪੈਂਦਾ ਹੈ।
ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ ਪ੍ਰਤੀ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਧਾਰਨ ਬੀਮਾਰੀਆਂ ਲਈ ਇੱਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲ ਜਾਂਦੀਆਂ ਹਨ ਅਤੇ ਕਲੀਨਿਕਾਂ ਵਿੱਚ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਮੁਹੱਲਾ ਕਲੀਨਿਕਾਂ ਦੇ ਰੂਪ ਵਿੱਚ ਵੱਡੀ ਸਹੂਲਤ ਦਿੱਤੀ ਹੈ ਕਿਉਂਕਿ ਗਰੀਬ ਲੋਕ ਮਹਿੰਗੇ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀਂ ਸੀ ਕਰਵਾ ਸਕਦੇ। ਇਨ੍ਹਾਂ ਕਲੀਨਿਕਾਂ ਵਿੱਚ ਸਰਦੀ, ਜ਼ੁਕਾਮ, ਬੁਖ਼ਾਰ, ਬੀਪੀ, ਸ਼ੂਗਰ, ਚਮੜੀ ਰੋਗ ਸਮੇਤ ਹੋਰਨਾਂ ਬੀਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …