nabaz-e-punjab.com

ਅੱਗ ਬੁਝਾਊ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਵੱਲੋਂ 43 ਕਰੋੜ ਦੀ ਰਾਸ਼ੀ ਮਨਜ਼ੂਰ

ਵਿਸ਼ਵ ਬੈਂਕ ਤੋਂ 200 ਕਰੋੜ ਲੈਣ ਦੀ ਪ੍ਰਕਿਰਿਆ ਕਾਰਵਾਈ ਅਧੀਨ, ਨਵਜੋਤ ਸਿੱਧੂ ਨੇ ਸਦਨ ਨੂੰ ਦਿੱਤੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਨਵੰਬਰ:
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਧਾਨ ਸਭਾ ਨੂੰ ਸੂਚਿਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗ ਬੁਝਾਊ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਹਿਲਾਂ ਹੀ 43 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ ਅਤੇ ਸਰਕਾਰ ਵਲੋਂ ਵਿਸ਼ਵ ਬੈਂਕ ਤੋਂ 200 ਕਰੋੜ ਰੁਪਏ ਪ੍ਰਾਪਤ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ। ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਧਾਇਕ ਸ੍ਰੀ ਐੱਨ.ਕੇ. ਸ਼ਰਮਾ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਆਉਣ ਵਾਲੇ ਤਿੰਨ ਸਾਲਾਂ ਦੌਰਾਨ ਅੱਗ ਬੁਝਾਊ ਸੇਵਾਵਾਂ ਨੂੰ ਪੂਰੀ ਤਰ੍ਹਾਂ ਆਧੁਨਿਕ ਅਤੇ ਹੋਰ ਬਿਹਤਰ ਬਣਾਇਆ ਜਾਵੇਗਾ।
ਸ੍ਰੀ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਮਨਜ਼ੂਰ ਕੀਤੇ 43 ਕਰੋੜ ਰੁਪਏ ਵਿੱਚੋਂ 7 ਕਰੋੜ ਰੁਪਏ ਫਾਇਰਮੈਨਾਂ ਲਈ ਅੱਗ ਬਚਾਊ ਕੱਪੜੇ ਅਤੇ ਸੁਰੱਖਿਆ ਸਾਜ਼ੋ-ਸਮਾਨ ਖਰੀਦਣ ਲਈ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਸਾਲਾਂ ਦੇ ਸਮੇਂ ਦੌਰਾਨ 550 ਅੱਗ ਬੁਝਾਊ ਗੱਡੀਆਂ ਉੱਪਲਬਧ ਕਰਵਾਈਆਂ ਜਾਣਗੀਆਂ ਅਤੇ ਹਰੇਕ 50000 ਲੋਕਾਂ ਦੀ ਵਸੋਂ ਪਿੱਛੇ 1 ਫਾਇਰ ਗੱਡੀ ਦਾ ਪ੍ਰਬੰਧ ਕੀਤਾ ਜਾਵੇਗਾ। ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸਿੱਧੂ ਨੇ ਕਿਹਾ ਕਿ ਫਾਇਰ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਵਿਸ਼ਵ ਪੱਧਰੀ ਮਾਪਦੰਡਾਂ ਨੂੰ ਅਪਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੁਆਰਾ ਵਿਸ਼ਵ ਬੈਂਕ ਫੰਡਿੰਗ ਲਈ 15 ਦਸੰਬਰ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਨਿਰਧਾਰਿਤ ਕੀਤੀ ਗਈ ਹੈ। ਤਜ਼ਰਬੇ ਦੀ ਘਾਟ ਕਾਰਨ ਸਮੇਂ ਸਿਰ ਸੇਵਾਵਾਂ ਪਹੁੰਚਾਉਣ ਨੂੰ ਇੱਕ ਵੱਡੀ ਚੁਣੌਤੀ ਦੱਸਦਿਆਂ ਸਿੱਧੂ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਹੀ ਨਵੀਂ ਭਰਤੀ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ ਅਤੇ 46 ਫਾਇਰ ਅਧਿਕਾਰੀ ਜਲਦੀ ਹੀ ਭਰਤੀ ਕੀਤੇ ਜਾਣਗੇ।
ਸੂਬੇ ਭਰ ਵਿੱਚ ਫਾਇਰ ਟੈਂਡਰ ਦੀ ਮੌਜੂਦਾ ਸਥਿਤੀ ਲਈ ਪਿਛਲੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕੁਸ਼ਾਸਨ ਦੀ ਆਲੋਚਨਾ ਕਰਦੇ ਹੋਏ ਮੰਤਰੀ ਨੇ ਕਿਹਾ ਕਿ 2007 ਤੋਂ 2013 ਤੱਕ ਕੇਂਦਰ ਸਰਕਾਰ ਨੇ 32 ਕਰੋੜ ਰੁਪਏ ਦੀ ਰਕਮ ਸੂਬਾ ਸਰਕਾਰ ਨੰ ਦਿੱਤੀ ਸੀ, ਪਰ ਅਕਾਲੀ ਸਰਕਾਰ ਇਸ ਨੂੰ ਸਹੀ ਢੰਗ ਨਾਲ ਵਰਤਣ ’ਚ ਅਸਮਰੱਥ ਰਹੀ ਅਤੇ ਕੇਂਦਰ ਸਰਕਾਰ ਨੂੰ ਵਰਤੋ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਇਆ ਜਿਸ ਕਾਰਨ ਉਸ ਸਮੇਂ ਪੰਜਾਬ ਖਤਰੇ ਦੀ ਸਥਿਤੀ ਵਿੱਚ ਆ ਗਿਆ ਸੀ। ਸਦਨ ਵਿੱਚ ਸ੍ਰੀ ਸਿੱਧੂ ਨੇ ਖੁਲਾਸਾ ਕਰਦੇ ਹੋਏ ਕਿਹਾ ਕਿ 2013 ਦੌਰਾਨ ਵੀ 92 ਕਰੋੜ ਰੁਪਏ ਦੀ ਵੱਡੀ ਰਾਸ਼ੀ ਆਫ਼ਤ ਪ੍ਰਬੰਧਨ ਨੂੰ ਮਨਜ਼ੂਰ ਕੀਤੇ ਗਏ ਸਨ, ਜਿਸ ਵਿੱਚੋਂ ਸਿਰਫ਼ 17 ਕਰੋੜ ਹੀ ਵਰਤੇ ਗਏ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…