ਮੁਹਾਲੀ ਵਿੱਚ 48 ਨਮੂਨਿਆਂ ਦੀ ਰਿਪੋਰਟ ਨੈਗੇਟਿਵ, 67 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ

ਮੁਹਾਲੀ ਜ਼ਿਲ੍ਹੇ ਪੀੜਤ ਮਰੀਜ਼ਾਂ ਦੀ ਗਿਣਤੀ 95, ਹੁਣ ਤੱਕ 43 ਮਰੀਜ਼ ਠੀਕ ਹੋਏ, 50 ਕੇਸ ਐਕਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ:
ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੀ ਮਹਾਮਾਰੀ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਪਿਛਲੇ ਦਿਨੀਂ ਸ੍ਰੀ ਹਜ਼ੂਰ ਸਾਹਿਬ ਤੋਂ ਮੁਹਾਲੀ ਪਰਤੇ ਡੇਢ ਦਰਜਨ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਅਚਾਨਕ ਵਧ ਗਈ ਸੀ ਲੇਕਿਨ ਹੁਣ ਬੀਤੇ ਦੋ ਦਿਨਾਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੀਤੇ ਕੱਲ੍ਹ ਵੱਖ-ਵੱਖ ਥਾਵਾਂ ਤੋਂ 51 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ’ਚੋਂ ਅੱਜ 48 ਨਮੂਨਿਆਂ ਦੀ ਰਿਪੋਰਟ ਆਈ ਹੈ ਅਤੇ ਸਾਰੀਆਂ ਰਿਪੋਰਟਾਂ ਨੈਗੇਟਿਵ ਹਨ ਜਦੋਂਕਿ ਤਿੰਨ ਸੈਂਪਲਾਂ ਦੀ ਰਿਪੋਰਟ ਭਲਕੇ ਆਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਜਵਾਹਰਪੁਰ ਸਮੇਤ ਨਵਾਂ ਗਾਉਂ, ਜਗਤਪੁਰਾ, ਕੁੰਭੜਾ, ਮੌਲੀ ਬੈਦਵਾਨ ਅਤੇ ਖਰੜ ਵਿੱਚ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਅੱਜ 67 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 95 ਹੈ। ਜਿਨ੍ਹਾਂ ’ਚੋਂ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਹੁਣ ਤੱਕ 43 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਵਿੱਚ ਇਕੱਲੇ ਜਵਾਹਰਪੁਰ ਦੇ 27 ਮਰੀਜ਼ ਹਨ। ਇਸ ਸਮੇਂ 50 ਕੇਸ ਐਕਟਿਵ ਹਨ। ਜੋ ਪੀਜੀਆਈ ਸਮੇਤ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ ਅਤੇ ਇਨ੍ਹਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸਾਵਧਾਨੀ ਵਜੋਂ ਇੱਥੋਂ ਦੇ ਫੇਜ਼-3ਬੀ1, ਸੈਕਟਰ-78 ਅਤੇ ਬਲੌਂਗੀ ਅਤੇ ਹੋਰਨਾਂ ਥਾਵਾਂ ’ਤੇ ਮੈਡੀਕਲ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 2563 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ ਹੋ ਚੁੱਕਾ ਹੈ। ਇਸ ਤੋਂ ਇਲਾਵਾ 1506 ਕੌਮਾਂਤਰੀ ਯਾਤਰੀ ਵੀ ਇਕਾਂਤਵਾਸ ਦੀ ਮਿਆਦ ਪੂਰੀ ਕਰ ਚੁੱਕੀ ਹੈ। ਵਿਦੇਸ਼ ’ਚੋਂ ਪਰਤਨ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਵੀ ਕੁਆਰੰਟੀਨ ਕੀਤਾ ਗਿਆ ਸੀ। ਇਸ ਸਮੇਂ 921 ਵਿਅਕਤੀ ਹਾਲੇ ਵੀ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ’ਤੇ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀ ਇਸ ਮਹਾਮਾਰੀ ਦੇ ਮਾਮਲੇ ਵਿੱਚ ਪ੍ਰਾਈਵੇਟ ਸੈਕਟਰ ਦਾ ਵੀ ਅਹਿਮ ਰੋਲ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਘਰਾਂ ਵਿੱਚ ਰਹਿਣ।
ਸਿਵਲ ਸਰਜਨ ਨੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੇ ਦਿਨ ਰਾਤ ਅਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੀੜਤ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬਿਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਛੇਤੀ ਹੀ ਇਸ ਮਹਾਮਾਰੀ ’ਤੇ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪ੍ਰੇਰਦਿਆਂ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਡਾਕਟਰੀ ਸਲਾਹ ਲਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…