Nabaz-e-punjab.com

ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ’ਤੇ ਖ਼ਰਚੇ ਜਾਣਗੇ 5 ਕਰੋੜ ਰੁਪਏ: ਬਲਬੀਰ ਸਿੱਧੂ

ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਕਰਨ ਪੰਚ-ਸਰਪੰਚ, ਨਵੀਆਂ ਪੰਚਾਇਤਾਂ ਵਿਕਾਸ ਲਈ ਮਤੇ ਪਾ ਕੇ ਭੇਜਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਹਲਕੇ ਦੇ ਵਿਕਾਸ ਕਾਰਜਾਂ ’ਤੇ 5 ਕਰੋੜ ਰੁਪਏ ਖਰਚੇ ਜਾਣਗੇ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ। ਢਾਈ ਕਰੋੜ ਰੁਪਏ ਦੀ ਪਹਿਲੀ ਕਿਸ਼ਤ ਨਾਲ ਹਲਕੇ ਦੇ ਵਿਕਾਸ ਕਾਰਜ ਜਲਦੀ ਸ਼ੁਰੂ ਕਰਵਾਏ ਜੇ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰੀਸ਼ਦ ਭਵਨ ਵਿਖੇ ਹਲਕੇ ਦੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਮੀਟਿੰਗ ਵਿੱਚ ਹਾਜ਼ਰ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋ ਚੁੱਕੀ ਹੈ। ਉਨ੍ਹਾਂ ਪੰਚਾਂ-ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ 31 ਜਨਵਰੀ ਤੱਕ ਮਤੇ ਪਾ ਕੇ ਭੇਜਣ ਲਈ ਕਿਹਾ ਤਾਂ ਜੋ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਪੰਚਾਇਤਾਂ ਨੂੰ ਪ੍ਰਾਥਮਿਕਤਾ ਦੇ ਆਧਾਰ ’ਤੇ ਵਿਕਾਸ ਕਾਰਜਾਂ ਦੀ ਸੂਚੀ ਬਣਾ ਕੇ ਮਤੇ ਪਾਉਣ ਲਈ ਕਿਹਾ ਤਾਂ ਜੋ ਪਿੰਡਾਂ ਦੇ ਜ਼ਰੂਰੀ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਏ ਜਾ ਸਕਣ।
ਸ੍ਰੀ ਸਿੱਧੂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦਾ ਪਹਿਲਾ ਕੰਮ ਇਲਾਕੇ ਦਾ ਵਿਕਾਸ ਕਰਵਾਉਣਾ ਹੁੰਦਾ ਹੈ, ਇਸ ਲਈ ਉਹ ਸਭ ਨੂੰ ਨਾਲ ਲੈ ਕੇ ਚੱਲਣ ਅਤੇ ਬਿਨਾਂ ਕਿਸੇ ਪੱਖਪਾਤ ਤੋੋਂ ਆਪੋ-ਆਪਣੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਮਤੇ ਪਾ ਕੇ ਭੇਜਣ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਸਦੇ ਜਿਥੇ ਉਹ ਮੰਤਰੀ ਹਨ ਉਥੇ ਹਲਕੇ ਦੇ ਵਿਧਾਇਕ ਵੀ ਹਨ, ਜਿਸਦਾ ਪੂਰਾ ਫਾਇਦਾ ਉਹ ਐਸ. ਏ. ਐਸ. ਨਗਰ ਵਾਸੀਆਂ ਨੂੰ ਹਲਕੇ ਦਾ ਵਿਕਾਸ ਕਰਵਾ ਕੇ ਦਿਵਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ 2 ਸਾਲਾਂ ਵਿੱਚ ਮੈਡੀਕਲ ਕਾਲਜ ਬਣ ਕੇ ਤਿਆਰ ਹੋ ਜਾਵੇਗਾ, ਜਿਸ ਨਾਲ ਇਲਾਕੇ ਦੀ ਕਾਇਆ ਕਲਪ ਹੋ ਜਾਵੇਗੀ।
ਸ੍ਰੀ ਸਿੱਧੂ ਨੇ ਬਿਨਾਂ ਕਿਸੇ ਲੜਾਈ-ਝਗੜੇ ਤੋਂ ਪੰਚਾਇਤੀ ਚੋਣਾਂ ਹੋਣ ’ਤੇ ਪੰਚਾਂ-ਸਰਪੰਚਾਂ ਨੂੰ ਵਧਾਈ ਵੀ ਦਿੱਤੀ ਅਤੇ ਪਿੰਡਾਂ ਦੀ ਧੜੇਬੰਦੀ ਤੋਂ ਉਪਰ ਉੱਠ ਕੇ ਵਿਕਾਸ ਕਾਰਜਾਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਪੰਚਾਇਤ ਸੈਕਟਰੀਆਂ, ਬੀਡੀਪੀਓਜ਼ ਸਮੇਤ ਹੋਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਦੇ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਈ ਨਾ ਵਰਤੀ ਜਾਵੇ ਅਤੇ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਸ੍ਰੀ ਸਿੱਧੂ ਅਤੇ ਆਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਸਿੱਧੂ ਵੱਲੋਂ ਹਲਕੇ ਦਾ ਵਿਕਾਸ ਕਰਨ ਲਈ ਹਰ ਇੱਕ ਨੂੰ ਨਾਲ ਲੈ ਕੇ ਚੱਲਣ ਦਾ ਏਜੰਡਾ ਹੈ ਅਤੇ ਵਿਕਾਸ ਕਾਰਜ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਆਪਣੇ ਪਿੰਡ ਦੇ ਵਿਕਾਸ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ।
ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ ਜੁਝਾਰ ਨਗਰ, ਸਰਪੰਚ ਰਣਜੀਤ ਸਿੰਘ ਗਿੱਲ ਜਗਤਪੁਰਾ ਅਤੇ ਸਰਪੰਚ ਛੱਜਾ ਸਿੰਘ ਕੁਰੜੀ ਨੇ ਆਪੋ-ਆਪਣੇ ਪਿੰਡਾਂ ਸਮੇਤ ਹਲਕੇ ਦੀਆਂ ਸਾਂਝੀਆਂ ਮੰਗਾਂ ਰੱਖਦਿਆਂ ਸ੍ਰੀ ਸਿੱਧੂ ਦਾ ਧੰਨਵਾਦ ਕੀਤਾ। ਇਸ ਮੌਕੇ ਉੱਪ ਮੁੱਖ ਕਾਰਜਕਾਰੀ ਅਫ਼ਸਰ ਰਵਿੰਦਰ ਸਿੰਘ ਸੰਧੂ, ਐਕਸੀਅਨ ਪੰਚਾਇਤੀ ਰਾਜ ਕੁਲਦੀਪ ਸਿੰਘ ਗਰਚਾ, ਐਸਡੀਓ ਪੰਚਾਇਤੀ ਰਾਜ ਅਜੀਤ ਭੱਲਾ, ਬੀਡੀਪੀਓ ਰਣਜੀਤ ਸਿੰਘ, ਬੀਡੀਪੀਓ ਮਾਜਰੀ ਹਿਤੇਨ ਕਪਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਣ ਸਿੰਘ ਬਠਲਾਣਾ, ਜਸਵਿੰਦਰ ਕੌਰ ਦੁਰਾਲੀ, ਮੈਂਬਰ ਬਲਾਕ ਸੰਮਤੀ ਮਨਜੀਤ ਸਿੰਘ ਤੰਗੋਰੀ, ਰਘੁਵੀਰ ਸਿੰਘ ਚਾਊਮਾਜਰਾ, ਗੁਰਬਿੰਦਰ ਸਿੰਘ ਬੜੀ, ਬਲਜੀਤ ਸਿੰਘ ਭਾਗੋਮਾਜਰਾ, ਸ਼ਮਸ਼ੇਰ ਸਿੰਘ ਕੈਲੋਂ, ਗੁਰਦੀਪ ਸਿੰਘ ਬਾਸੀ ਅਤੇ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…