
ਮੁਹਾਲੀ ਜ਼ਿਲ੍ਹੇ ਵਿੱਚ 5 ਲੱਖ 7 ਹਜ਼ਾਰ ਵਿਅਕਤੀਆਂ ਨੂੰ ਲਾਇਆ ਕਰੋਨਾ ਦਾ ਟੀਕਾ: ਡੀਸੀ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 83 ਹਜ਼ਾਰ ਵਿਅਕਤੀਆਂ ਦੇ ਬਣਾਏ ਈ-ਕਾਰਡ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਮਿਸ਼ਨ ਫਤਿਹ02 ਤਹਿਤ ਕਰੋਨਾ ਮਹਾਮਾਰੀ ਨੂੰ ਮਾਤ ਦੇਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 5 ਲੱਖ 7 ਹਜ਼ਾਰ ਵਿਅਕਤੀਆਂ ਨੂੰ ਕੋਵਿਡ ਵੈਕਸੀਨੇਸ਼ਨ ਤਹਿਤ ਪਹਿਲੀ ਡੋਜ਼ ਅਤੇ ਕਰੀਬ 8 ਹਜ਼ਾਰ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਅਤਿ ਜ਼ਰੂਰੀ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕ ਆਪ ਮੁਹਾਰੇ ਵੀ ਅੱਗੇ ਆ ਕੇ ਟੀਕਾਕਰਨ ਕਰਵਾ ਰਹੇ ਹਨ।
ਸ੍ਰੀ ਦਿਆਲਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਤੇ ਇੰਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਹੁਣ ਤੱਕ ਕਰੀਬ 1 ਲੱਖ 83 ਹਜ਼ਾਰ ਈ-ਕਾਰਡ ਬਣਾਏ ਜਾ ਚੁੱਕੇ ਹਨ ਅਤੇ 80 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਕਰੀਬ 8 ਹਜ਼ਾਰ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਕਰਵਾਇਆ ਗਿਆ ਹੈ। ਇਸ ਸਬੰਧੀ 5,72,02,950 ਫੰਡ ਸਰਕਾਰੀ ਹਸਪਤਾਲਾਂ ਨੂੰ ਮੁਹੱਈਆ ਕਰਵਾਏ ਗਏ ਹਨ।
ਡੀਸੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਕਰੀਬ 30 ਹਜ਼ਾਰ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਹੋ ਚੁੱਕਿਆ ਹੈ ਤੇ ਇਨ੍ਹਾਂ ਹਸਪਤਾਲਾਂ ਨੂੰ 26,58,72,946 ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ਦੇ ਈ-ਕਾਰਡ ‘ਕਾਮਨ ਸਰਵਿਸ ਸੈਂਟਰਾਂ’ ਅਤੇ ਸੇਵਾ ਕੇਂਦਰਾਂ ‘ਤੇ ਬਣਾਏ ਜਾ ਸਕਦੇ ਹਨ। ਜਿਹੜੇ ਵਸਨੀਕਾਂ ਕੋਲ ਸਮਾਰਟ ਰਾਸ਼ਨ ਕਾਰਡ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਆਪਣੇ ਆਪ ਨੂੰ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਰਜਿਸਟਰ ਕਰਵਾ ਸਕਦੇ ਹਨ।
ਡੀਸੀ ਨੇ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇ। ਜਿਨ੍ਹਾਂ ਦੇ ਹੁਣ ਤੱਕ ਕਾਰਡ ਨਹੀਂ ਬਣਾਏ ਗਏ। ਉਨ੍ਹਾਂ ਸਾਰੇ ਯੋਗ ਲਾਭਪਾਤਰੀਆਂ ਦੇ ਕਾਰਡ ਅਤੇ ਈ-ਕਾਰਡ ਜਾਰੀ ਕਰਨ ਦੀ ਕਾਰਵਾਈ ਤੇਜ਼ ਕੀਤੀ ਜਾਵੇ। ਨਵੇਂ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਈ-ਕਾਰਡ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਏਡੀਸੀ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸਡੀਐਮ ਜਗਦੀਪ ਸਹਿਗਲ, ਐਸਡੀਐਮ ਡੇਰਾਬੱਸੀ ਕੁਲਦੀਪ ਬਾਵਾ, ਐਸਡੀਐਮ ਖਰੜ ਹਰਬੰਸ ਸਿੰਘ, ਸਿਵਲ ਸਰਜਨ ਡਾ. ਅਦਰਸ਼ਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਧਰ, ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਡੇਂਗੂ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਡੇਂਗੂ ਦੇ 11 ਕੇਸ ਰਿਪੋਰਟ ਹੋਏ ਹਨ ਅਤੇ ਡੇਂਗੂ ਤੋਂ ਬਚਾਅ ਸਬੰਧੀ ਮੁਹਾਲੀ ਜ਼ਿਲ੍ਹੇ ਵਿੱਚ 13 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ 30 ਬਰੀਡ ਚੈਕਰਜ਼ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਦਾ ਪੂਰਾ ਧਿਆਨ ਰੱਖਣ ਅਤੇ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ।