ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 52529 ਮੀਟਰਿਕ ਟਨ ਕਣਕ ਦੀ ਖ਼ਰੀਦ

ਖਰੀਦੀ ਗਈ ਕਣਕ ਦੀ 114.52 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ: ਡੀਸੀ

ਮੰਡੀਆਂ ’ਚੋਂ 67.1 ਫੀਸਦੀ ਕਣਕ ਦੀ ਲਿਫ਼ਟਿੰਗ ਕਰਨ ਦਾ ਦਾਅਵਾ

ਨਬਜ਼-ਏ-ਪੰਜਾਬ, ਮੁਹਾਲੀ, 20 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 52529 ਮੀਟਰਿਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ। ਅੱਜ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵਜੋਂ 114.52 ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਤੈਅ ਸਮਾਂ ਸੀਮਾ (48 ਘੰਟੇ) ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਛੁੱਟੀ ਵਾਲੇ ਦਿਨਾਂ ਵਿੱਚ ਵੀ ਕਣਕ ਦੀ ਖ਼ਰੀਦੀ ਕੀਤੀ ਜਾ ਰਹੀ ਹੈ।
ਡੀਸੀ ਸ੍ਰੀਮਤੀ ਮਿੱਤਲ ਨੇ ਕਿਹਾ ਕਿ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਮੀਂਹ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 17663 ਮੀਟਰਿਕ ਟਨ, ਮਾਰਕਫੈੱਡ ਵੱਲੋਂ 12029 ਮੀਟਰਿਕ ਟਨ, ਪਨਸਪ ਵੱਲੋਂ 12180 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6464 ਮੀਟਰਿਕ ਟਨ ਅਤੇ ਐਫ਼ਸੀਆਈ ਵੱਲੋਂ 4193 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਜਦੋਂਕਿ ਵਪਾਰੀ ਵਰਗ ਵੱਲੋਂ ਵੀ 58 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਮਿਥੇ ਸਮੇਂ (ਖ਼ਰੀਦ ਤੋਂ 72 ਘੰਟਿਆਂ ਵਿੱਚ) ਕੀਤੀ ਜਾ ਰਹੀ ਹੈ। ਐਫ਼ਸੀਆਈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ’ਚੋਂ ਕਣਕ ਸਿੱਧੀ ਖ਼ਰੀਦ ਕੇ ਰੇਲਵੇ ਅਤੇ ਸੜਕ ਰਸਤੇ ਰਾਹੀਂ ਦੂਜੇ ਸੂਬਿਆਂ ਵਿੱਚ ਵੀ ਭੇਜੀ ਜਾ ਰਹੀ ਹੈ। ਮੰਡੀਆਂ ’ਚੋਂ ਹੁਣ ਤੱਕ ਤਕਰੀਬਨ 67.1 ਫੀਸਦੀ ਕਣਕ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਲਿਫ਼ਟਿੰਗ ਵੀ ਆਉਂਦੇ ਦਿਨਾਂ ਵਿੱਚ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮੰਡੀਆਂ ’ਚੋਂ ਸਾਰੀ ਕਣਕ ਦੀ ਲਿਫ਼ਟਿੰਗ ਕਰਨ ਅਤੇ ਮੰਡੀਆਂ ਨੂੰ ਖਾਲੀ ਕਰਨ ਲਈ ਸਮੂਹ ਖ਼ਰੀਦ ਏਜੰਸੀਆਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸੀਜ਼ਨ ਦੇ ਅਖੀਰ ਤੱਕ ਇੰਜ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਮੰਡੀ ਵਿਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…