ਮੁਹਾਲੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ 60 ਕਰੋੜ ਰੁਪਏ ਖਰਚ ਕੀਤੇ ਜਾਣਗੇ: ਸਿੱਧੂ

ਸ਼ਹਿਰ ਵਿੱਚ 13 ਹੋਰ ਨਵੇਂ ਟਿਊਬਵੈਲ ਲਗਾਏ ਜਾਣਗੇ ਅਤੇ ਸੀਵਰੇਜ਼ ਟਰੀਟਮੈਂਟ ਪਲਾਂਟ ਵੀ ਕੀਤਾ ਜਾਵੇਗਾ ਸਥਾਪਿਤ

ਸ਼ਹਿਰ ਦੇ ਸਰਬਪੱਖੀ ਵਿਕਾਸ ਕੰਮਾਂ ਸਬੰਧੀ ਹਰ ਮਹੀਨੇ ਹੋਣ ਵਾਲੀ ਮੀਟਿੰਗ ਵਿੱਚ ਹੋਇਆ ਕਰੇਗਾ ਲੇਖਾ-ਜੋਖ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਸਾਹਿਬਜਾਦਾ ਅਜੀਤ ਸਿੰਘ ਨਗਰ ਸ਼ਹਿਰ ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ 60 ਕਰੋੜ ਰੁਪਏ ਖਰਚ ਕਰਨ ਦੀ ਇੱਕ ਵਿਸੇਸ਼ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਸ਼ਹਿਰ ’ਚ 13 ਨਵੇਂ ਹੋਰ ਡੂੰਘੇ ਟਿਊਬਵੈਲ ਲਗਾਏ ਜਾਣਗੇ ਅਤੇ ਸੀਵਰੇਜ਼ ਟਰੀਟਮੈਂਟ ਪਲਾਂਟ ਵੀ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਜੌਲੀ ਵਾਟਰ ਵਰਕਸ ਤੋਂ ਪੰਜ ਐਮ.ਜੀ.ਡੀ. ਪਾਣੀ ਹੋਰ ਮਿਲਣਾ ਸ਼ੁਰੂ ਹੋ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਨਗਰ ਨਿਗਮ ਅਤੇ ਹੋਰਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜੋ ਕਿ ਪੰਜਾਬ ਦਾ ਪ੍ਰਵੇਸ ਦੁਆਰ ਹੈ ਇਸ ਦੀ ਖੂਬਸੂਰਤੀ ਅਤੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਜੋ ਚੋਣ ਵਾਅਦੇ ਕੀਤੇ ਹਨ ਉਹਨ੍ਹਾਂ ਨੂੰ ਹਰ ਕੀਮਤ ਤੇ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਨੁੰੂ ਸਾਫ ਸੂਥਰਾ ਪ੍ਰਸ਼ਾਸਨ ਦੇਣ ਦੇ ਨਾਲ ਨਾਲ ਵਿਕਾਸ ਕਾਰਜਾਂ ਵਿੱਚ ਵੀ ਪਾਰਦਰਸ਼ਤਾ ਲਿਆਂਦੀ ਜਾਵੇਗੀ। ਉਨ੍ਹਾਂ ਇਸ ਮੌਕੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਤਾਂ ਜੋ ਮੁਹਾਲੀ ਸ਼ਹਿਰ ਨੂੰ ਸਫਾਈ ਪੱਖੋਂ ਦੇਸ਼ ਦਾ ਨਮੂਨੇ ਦਾ ਸ਼ਹਿਰ ਬਣਾ ਸਕੀਏ। ਸ੍ਰ: ਸਿੱਧੂ ਨੇ ਦੱਸਿਆ ਕਿ ਨਗਰ ਨਿਗਮ ਦੀ ਹਦੂਦ ਅੰਦਰ ਪੈਦੇ ਪਿੰਡ ਜੋ ਅਣਗੌਲੇ ਹਨ ਦੀ ਹੁਣ ਕਾਇਆ ਕਲਪ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਲੋਕਾਂ ਨੂੰ ਪਾਣੀ ਦੀ ਵਰਤੋਂ ਨੂੰ ਸੰਜਮ ਨਾਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਪੱਤਰਕਾਰਾਂ ਵੱਲੋਂ ਐਸ.ਵਾਈ.ਐਲ. ਦੇ ਮੁੱਦੇ ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੁੰਦ ਪਾਣੀ ਦੀ ਫਾਲਤੂ ਨਹੀਂ ਹੈ। ਦਰਿਆਵਾਂ ਵਿੱਚ ਪਹਿਲਾਂ ਹੀ ਪਾਣੀ ਘਟਦਾ ਜਾ ਰਿਹਾ ਹੈ। ਇਸ ਲਈ ਗੁਆਂਢੀ ਰਾਜ ਹਰਿਆਣੇ ਨੂੰ ਪਾਣੀ ਦੇਣ ਦੀ ਕੋਈ ਤੁੱਕ ਨਹੀ ਬਣਦੀ। ਇਸ ਤੋਂ ਪਹਿਲਾਂ ਸ੍ਰ: ਸਿੱਧੂ ਨੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਕਾਰੀ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਕੰਮ ਕਰਨ ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਿਆ ਜਾ ਸਕੇ। ਉਨ੍ਹਾਂ ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਆਖਿਆ। ਸ੍ਰ: ਸਿੱਧੂ ਨੇ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸ਼ਹਿਰ ਦੀ ਸਫਾਈ ਨੁੰੂ ਇੱਕ ਯੋਜਨਾਬੱਧ ਤਰੀਕੇ ਨਾਲ ਚਲਾਉਣ ਤਾਂ ਜੋ ਸਫਾਈ ਕਾਰਜਾਂ ਵਿੱਚ ਵਿਆਪਕ ਤੌਰ ਤੇ ਸੁਧਾਰ ਆਵੇ। ਹਰੇਕ ਵਾਰਡ ਵਿੱਚ ਅਧਿਕਾਰੀਆਂ ਦੀ ਸੂਚੀ ਅਤੇ ਉਨ੍ਹਾਂ ਦੇ ਟੈਲੀਫੋਨ ਨੰਬਰ ਅੰਕਿਤ ਕੀਤੇ ਜਾਣ ਤਾਂ ਜੋ ਕੋਈ ਵੀ ਨਾਗਰਿਕ ਉਨ੍ਹਾਂ ਤੋਂ ਸਫਾਈ ਕਾਰਜਾਂ ਸਬੰਧੀ ਜਾਣਕਾਰੀ ਹਾਸ਼ਿਲ ਕਰ ਸਕੇ। ਉਨ੍ਹਾਂ ਹੋਰ ਕਿਹਾ ਕਿ ਸ਼ਹਿਰ ’ਚ ਬਿਨ੍ਹਾਂ ਮਨਜੂਰੀ ਤੋਂ ਜੇਕਰ ਕੋਈ ਵੀ ਕੰਪਨੀ ਅੰਡਰਗਰਾਊਂਡ ਟੈਲੀਫੋਨ ਦੀ ਤਾਰ ਪਾ ਰਹੀ ਹੋਵੇ ਉਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਵੀ ਕੀਤੀ ਜਾਵੇ ਅਤੇ ਉਸ ਕੰਪਨੀ ਤੋਂ ਤਾਰ ਪਾਉਣ ਦਾ ਪੂਰਾ ਲੇਖਾ ਜੋਖਾ ਲਿਆ ਜਾਵੇ ਅਤੇ ਕੰਪਨੀ ਦੇ ਨੁਮਾਇੰਦਿਆਂ ਨੂੰ ਸੱਦ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਜਾਵੇ।
ਸ੍ਰੀ ਸਿੱਧੂ ਨੇ ਇਸ ਮੌਕੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰੂ ਸ਼ਹਿਰ ਨਿਵਾਸੀਆਂ ਨੁੰੂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ ਅਤੇ ਨਗਰ ਨਿਗਮ ਅੰਦਰ ਪੈਂਦੇ ਪਿੰਡਾਂ ਦੇ ਸੀਵਰੇਜ਼ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਆਖਿਆ। ਸ੍ਰ: ਸਿੱਧੂ ਨੇ ਇਸ ਮੌਕੇ ਅਵਾਰਾ ਕੁੱਤਿਆਂ ਤੇ ਕਾਬੂ ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਧ-ਤੋਂ-ਵੱਧ ਕੁੱਤਿਆਂ ਦੀ ਨਸਬੰਦੀ ਕਰਨ ਦੀ ਮੁਹਿੰਮ ਵਿੰਢਣ ਲਈ ਵੀ ਆਖਿਆ। ਸ੍ਰ: ਸਿੱਧੁੂ ਨੇ ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੁੰੂ ਆਖਿਆ ਕਿ ਜਿਹੜੇ ਹੋਟਲ ਆਪਣਾ ਵੇਸਟ ਨਾਲ ਰਿਹਾਇਸੀ ਇਲਾਕਿਆਂ ਦੇ ਸੀਵਰੇਜ਼ ਵਿੱਚ ਸੁੱਟਦੇ ਹਨ ਜਿਸ ਕਾਰਨ ਸੀਵਰੇਜ਼ ਬੰਦ ਹੁੰਦਾ ਹੈ ਉਨ੍ਹਾਂ ਹੋਟਲ ਮਾਲਕਾਂ ਵਿਰੁੱਧ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼ਹਿਰ ਦੀ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸ਼ਹਿਰ ਦਾ ਸਮੁੱਚਾ ਵਿਕਾਸ ਯੋਜਨਾ ਬੱਧ ਤਰੀਕੇ ਨਾਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਮੁੱਚੇ ਸ਼ਹਿਰ ਦੀਆਂ ਮੁਸ਼ਿਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਸ੍ਰ: ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ ਚੰਦ ਸ਼ਰਮਾਂ, ਕੌਸਲਰ ਰਾਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਸ੍ਰੀ ਸੁਮਨ ਗਰਗ, ਨਛੱਤਰ ਸਿੰਘ, ਜਸਪ੍ਰੀਤ ਕੌਰ ਗਿੱਲ, ਕੁਲਵੰਤ ਕੌਰ, ਰਾਜ ਰਾਣੀ, ਮਨਮੋਹਣ ਸਿੰਘ ਲੰਗ, ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸਤਪਾਲ ਸਿੰਘ ਕੱਸਿਆਣਾ, ਤਰਨਜੀਤ ਕੌਰ, ਚੌਧਰੀ ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭਮਰਾ, ਪਰਦੀਪ ਸੋਨੀ, ਹਰਜੀਤ ਘੋਲੂ ਸੁਹਾਣਾ ਸਮੇਤ ਹੋਰ ਪੰਤਵੰਤੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…