
ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 67 ਹੋਰ ਨਵੇਂ ਮਾਮਲੇ, ਬਜ਼ੁਰਗ ਦੀ ਮੌਤ
ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10900 ’ਤੇ ਪੁੱਜੀ, 1537 ਐਕਟਿਵ ਕੇਸ, 216 ਨੂੰ ਮਿਲੀ ਛੁੱਟੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਐਤਵਾਰ ਨੂੰ 67 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 900 ’ਤੇ ਪਹੁੰਚ ਗਈ ਹੈ। ਅੱਜ ਇਕ ਬਜ਼ੁਰਗ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਹੁਣ ਤੱਕ 200 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 216 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਪੀੜਤ ਬਜ਼ੁਰਗ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਪਿੰਡ ਸਿਆਲਬਾ ਮਾਜਰਾ ਦੇ 66 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਸਥਾਨਕ ਗਰੇਸ਼ੀਅਨ ਹਸਪਤਾਲ ਵਿੱਚ ਦਾਖ਼ਲ ਸੀ। ਉਨ੍ਹਾਂ ਦੱਸਿਆ ਕਿ ਅੱਜ 67 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 45 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 7, ਢਕੌਲੀ ਵਿੱਚ 13 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1537 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 9163 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।