Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 72 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਸਿੱਧੂ ਸਮੁੱਚੇ ਪੰਜਾਬ ਵਿੱਚ ਟੀਕਾਕਰਨ ਲਈ ਵੱਖ ਵੱਖ ਟੀਮਾਂ ਦਾ ਗਠਨ, 30 ਨਵੰਬਰ ਤੱਕ ਚੱਲੇਗੀ ਟੀਕਾਕਰਨ ਮੁਹਿੰਮ ਪਸ਼ੂ ਪਾਲਕਾਂ ਨੂੰ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਯਕੀਨੀ ਬਣਾਉਣ ਦੀ ਅਪੀਲ ਪਸ਼ੂ ਪਾਲਣ ਬਲਬੀਰ ਸਿੱਧੂ ਨੇ ਮੁਹਾਲੀ ਦੇ ਪਿੰਡ ਗਿੱਦੜਪੁਰ ਤੋਂ ਕੀਤਾ ਪਸ਼ੂਆਂ ਨੂੰ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦਾ ਆਗਾਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਪੰਜਾਬ ਵਿੱਚ ਪਸ਼ੂ ਧੰਨ ਦਾ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਰਾਜ ਵਿੱਚ ਪਸ਼ੂਆਂ ਨੂੰ ਨਾ ਮੁਰਾਦ ਬਿਮਾਰੀ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 72 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਮੁਹਿੰਮ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗਿੱਦੜਪੁਰ ਸਥਿਤ ਸਿਵਲ ਪਸ਼ੂ ਡਿਸਪੈਂਸਰੀ ਤੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਉਪਰੰਤ ਪਸ਼ੂ ਪਾਲਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਮੂੰਹ-ਖੁਰ ਦੀ ਬਿਮਾਰੀ ਪਸ਼ੂਆਂ ਲਈ ਬੇਹੱਦ ਖ਼ਤਰਨਾਕ ਹੈ ਜੋ ਇੱਕ ਬਿਮਾਰ ਪਸ਼ੂ ਤੋਂ ਦੂਜੇ ਪਸ਼ੂ ਤੱਕ ਬਹੁਤ ਤੇਜ਼ੀ ਨਾਲ ਫੈਲਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੇ ਬਚਾਅ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕੇ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਲ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਬਿਮਾਰੀ ਦੇ ਬਚਾਅ ਲਈ ਟੀਕਾਕਰਨ ਕੀਤਾ ਜਾਂਦਾ ਹੈ ਤਾਂ ਜੋ ਇਨ੍ਹਾਂ ਬਿਮਾਰੀਆਂ ਦਾ ਮੁਕੰਮਲ ਖ਼ਾਤਮਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਿਵਲ ਪਸ਼ੂ ਡਿਸਪੈਂਸਰੀ ਗਿੱਦੜਪੁਰ ਨੂੰ ਪਸ਼ੂ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਹੁਣ ਇੱਥੇ ਵੈਟਰਨਰੀ ਡਾਕਟਰ ਦੀ ਪੱਕੇ ਤੌਰ ’ਤੇ ਨਿਯੁਕਤੀ ਕਰ ਦਿੱਤੀ ਗਈ ਹੈ। ਮੰਤਰੀ ਨੇ ਪਸ਼ੂ ਹਸਪਤਾਲ ਦੇ ਬੁਨਿਆਦੀ ਢਾਂਚੇ ਲਈ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਡੇਅਰੀ, ਮੱਛੀ ਪਾਲਣ, ਸੂਰ ਪਾਲਣ, ਬਕਰੀ ਪਾਲਣ ਆਦਿ ਅਪਣਾਉਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ਮੰਤਰੀ ਨੇ ਪਿੰਡ ਦੇ 85 ਸਾਲਾਂ ਬਜ਼ੁਰਗ ਡਾ. ਜਸਪਾਲ ਸਿੰਘ ਜਿਸ ਨੇ ਬਜ਼ੁਰਗਾਂ ਦੀਆਂ ਵੱਖ-ਵੱਖ ਖੇਡਾਂ ਵਿੱਚ ਏਸ਼ੀਆ ਪੱਧਰ ’ਤੇ ਤਮਗੇ ਹਾਸਲ ਕੀਤੇ ਹਨ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਹਰਸ਼ ਮੋਹਨ ਵਾਲੀਆ ਨੇ ਦੱਸਿਆ ਕਿ ਪੰਜਾਬ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਅਤੇ ਰੋਕਥਾਮ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਪੰਜਾਬ ਦੇ ਕਿਸੇ ਪਿੰਡ ਵਿੱਚ ਕੋਈ ਪਸ਼ੂ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਹਾਈ ਕੋਰਟ ਦੇ ਵਕੀਲ ਕੰਵਰਬੀਰ ਸਿੰਘ ਸਿੱਧੂ, ਸਤਪਾਲ ਸਿੰਘ, ਡਾ. ਚੁਟਾਨੀ, ਡਾ. ਬੁੱਧ ਇੰਦਰ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਸਰਪੰਚ ਜਸਵੰਤ ਸਿੰਘ, ਜਸਵਿੰਦਰ ਸਿੰਘ ਪੱਪਾ, ਜਰਨੈਲ ਸਿੰਘ, ਗੁਰਮੇਲ ਸਿੰਘ, ਜਗਪਾਲ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ ਸੋਏਮਾਜਰਾ, ਭਰਪੂਰ ਸਿੰਘ ਸਾਬਕਾ ਸਰਪੰਚ ਚਡਿਆਲਾ, ਅਰਜਨ ਸਿੰਘ ਸੈਦਪੁਰ, ਦਿਆਲ ਸਿੰਘ ਚਡਿਆਲਾ, ਪ੍ਰਦੁਮਣ ਸਿੰਘ ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਅਤੇ ਵੈਟਰਨਰੀ ਅਫ਼ਸਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ