
ਗਿਆਨ ਜਯੋਤੀ ਇੰਸਟੀਚਿਊਟ ਦੇ 72 ਵਿਦਿਆਰਥੀਆਂ ਤੇ ਸਟਾਫ਼ ਨੇ ਕੀਤਾ ਖੂਨਦਾਨ
ਮਾਨਵਤਾ ਦੀ ਸੇਵਾ ਲਈ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ: ਡਾ. ਅਨੀਤ ਬੇਦੀ
ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਰੋਟਰੀ ਕਲੱਬ ਅਤੇ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਦੇ ਸਹਿਯੋਗ ਨਾਲ ਸੱਤ ਰੋਜ਼ਾ ਐਨਐਸਐਸ ਕੈਂਪ ਦੌਰਾਨ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਜੇਐਸ ਬੇਦੀ ਨੇ ਕੀਤਾ। ਉਨ੍ਹਾਂ ਨੇ ਸੰਸਥਾਵਾਂ ਅਤੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ, ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਲਾਮਬੰਦ ਹੋਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਿਆਨ ਜਯੋਤੀ ਗਰੁੱਪ ਵੱਲੋਂ ਲੋਕ ਲਹਿਰ ਪੈਦਾ ਕੀਤੀ ਜਾਵੇਗੀ। ਕੈਂਪ ਵਿੱਚ ਇੰਸਟੀਚਿਊਟ ਦੇ 72 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਖੂਨਦਾਨ ਕੀਤਾ।
ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ, ਇਸ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅਦਾਰੇ ਵੱਲੋਂ ਜਿੱਥੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਉਨ੍ਹਾਂ ਨੂੰ ਲੋੜਵੰਦਾਂ ਅਤੇ ਸਮਾਜ ਸੇਵਾ ਦਾ ਵੀ ਪਾਠ ਪੜ੍ਹਾਇਆ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਜਜ਼ਬਾ ਪੈਦਾ ਹੋਵੇਗਾ। ਅਖੀਰ ਵਿੱਚ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫ਼ਿੇਕਟ ਅਤੇ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।