
ਆਜ਼ਾਦੀ ਦੇ 75 ਸਾਲ: ਨਹੀਂ ਰੁਕ ਰਿਹਾ ਦਲਿਤਾਂ ’ਤੇ ਅੱਤਿਆਚਾਰ, ਰੋਸ ਵਿਖਾਵਾ
ਰਾਜਸਥਾਨ ਦੇ ਜ਼ਿਲ੍ਹਾ ਜਾਲੌਰ ਦੇ ਅਧਿਆਪਕ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਉੱਠੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਦੇਸ਼ ਨੂੰ ਆਜ਼ਾਦ ਹੋਇਆ ਭਾਵੇਂ 75 ਸਾਲ ਬੀਤੇ ਗਏ ਹਨ, ਪ੍ਰੰਤੂ ਅੱਜ ਵੀ ਦਲਿਤ ਵਰਗ ਦੇ ਲੋਕਾਂ ਗੁਲਾਮਾਂ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਦੇਸ਼ ਵਿੱਚ ਦਲਿਤਾਂ ਉੱਤੇ ਹੋ ਰਹੇ ਅੱਤਿਆਚਾਰ ਅਤੇ ਬੇਇਨਸਾਫ਼ੀ ਖ਼ਿਲਾਫ਼ ਅੱਜ ਵੱਖ-ਵੱਖ ਜਥੇਬੰਦੀਆਂ ਨੇ ਰੋਸ ਵਿਖਾਵਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਜਥੇਬੰਦੀਆਂ ਦੇ ਮੋਹਰੀ ਆਗੂਆਂ ਨੇ ਡਿਪਟੀ ਕਮਿਸ਼ਨਰ ਦੀ ਗੈਰਮੌਜੂਦਗੀ ਵਿੱਚ ਐਸਡੀਐਮ ਸਰਬਜੀਤ ਕੌਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਸੌਂਪਿਆ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸਿੱਖ ਆਗੂ ਬਲਜੀਤ ਸਿੰਘ ਖਾਲਸਾ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਨਰੇਗਾ ਵਰਕਰਜ਼ ਫਰੰਟ ਦੇ ਆਗੂ ਗੁਰਮੁੱਖ ਸਿੰਘ ਢੋਲਣ ਮਾਜਰਾ ਨੇ ਬੀਤੇ ਦਿਨੀਂ ਰਾਜਸਥਾਨ ਦੇ ਜ਼ਿਲ੍ਹਾ ਜਲੌਰ ਦੇ ਸਕੂਲ ਵਿੱਚ ਪੜ੍ਹਦੇ ਦਲਿਤ ਪਰਿਵਾਰ ਨਾਲ ਸਬੰਧਤ ਵਿਦਿਆਰਥੀ ਨੂੰ ਅਧਿਆਪਕ ਨੇ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇੱਕ ਬੱਚੇ ਦਾ ਕਸੂਰ ਸਿਰਫ਼ ਐਨਾ ਹੀ ਸੀ, ਉਸ ਨੇ ਆਪਣੇ ਸਕੂਲ ਦੇ ਅਧਿਆਪਕ ਦੇ ਗਲਾਸ ਵਿੱਚ ਪਾਣੀ ਪੀ ਲਿਆ ਸੀ। ਜਿਸ ਕਾਰਨ ਅਧਿਆਪਕ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਚੜ੍ਹ ਗਿਆ ਅਤੇ ਉਸ ਨੇ ਦਲਿਤ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆਂ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਅਧਿਆਪਕ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਦਲਿਤ ਵਰਗ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਰਗ ’ਤੇ ਹੋ ਰਹੇ ਜਬਰ ਜੁਲਮ ਨੂੰ ਰੋਕਣ ਲਈ
ਠੋਸ ਕਦਮ ਚੁੱਕੇ ਜਾਣ।

ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਗੁਰਦੀਪ ਸਿੰਘ, ਗੁਰਜੀਤ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਲਖਵੀਰ ਸਿੰਘ, ਮਾਨ ਸਿੰਘ ਅਤੇ ਹੋਰ ਆਗੂ ਮੌਜੂਦ ਸਨ।