ਪੰਜਾਬ ਵਿੱਚ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਲੱਗਣਗੇ ਤਾਲੇ

ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖਿਆ ਪੱਤਰ, ਆਪੋ ਆਪਣੇ ਜ਼ਿਲ੍ਹਾ ਦਾ ਮੋਰਚਾ ਸੰਭਾਲਣ ਦੇ ਹੁਕਮ

ਘੱਟ ਬੱਚਿਆਂ ਵਾਲੇ ਸਕੂਲ ਨੇੜਲੇ ਸਕੂਲਾਂ ਵਿੱਚ ਮਰਜ਼ ਹੋਣ ਤੋਂ ਬਾਅਦ ਕਰੀਬ 1600 ਅਧਿਆਪਕਾਂ ਦੀਆਂ ਖ਼ਤਮ ਹੋਣਗੀਆਂ ਅਸਾਮੀਆਂ

ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਜ਼ਿਲ੍ਹਾ ਗੁਰਦਾਸਪੁਰ ’ਚ 30 ਤੇ ਸਾਬਕਾ ਸਿੱਖਿਆ ਮੰਤਰੀ ਚੀਮਾ ਦੇ ਹਲਕਾ ਰੋਪੜ ’ਚ 71 ਸਕੂਲ ਹੋਣਗੇ ਬੰਦ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਕਤੂਬਰ:
ਸਿੱਖਿਆ ਵਿਭਾਗ ਨੇ ਆਪਣੀ ਚੁੱਪੀ ਤੋੜਦਿਆਂ ਪੰਜਾਬ ਵਿੱਚ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਤਾਲੇ ਲਾਉਣ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ 20 ਵਿਦਿਆਰਥੀਆਂ ਤੋਂ ਘੱਟ ਗਿਣਤੀ ਵਾਲੇ 800 ਸਕੂਲਾਂ ਨੂੰ ਨੇੜਲੇ ਸਕੂਲਾਂ ਵਿੱਚ ਮਰਜ਼ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅਧਿਕਾਰੀ ਨੇ ਇਹ ਕਾਰਵਾਈ ਇੱਕ ਹਫ਼ਤੇ ਦੇ ਅੰਦਰ ਅੰਦਰ 25 ਅਕਤੂਬਰ ਤੱਕ ਮੁਕੰਮਲ ਕਰਕੇ ਸਰਕਾਰ ਨੂੰ ਰਿਪੋਰਟ ਭੇਜਣ ਲਈ ਆਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਘੱਟ ਬੱਚਿਆਂ ਵਾਲੇ ਸਕੂਲ ਨੇੜਲੇ ਸਕੂਲਾਂ ਵਿੱਚ ਮਰਜ਼ ਹੋਣ ਤੋਂ ਬਾਅਦ ਕਰੀਬ 1600 ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਹੋ ਜਾਣਗੀਆਂ? ਉਂਜ ਇਹ ਵੀ ਦੱਸਿਆ ਗਿਆ ਹੈ ਕਿ ਫਿਲਹਾਲ ਕਿਸੇ ਅਧਿਆਪਕ ਦੀ ਛੁੱਟੀ ਨਹੀਂ ਕੀਤੀ ਜਾ ਰਹੀ ਹੈ ਪ੍ਰੰਤੂ ਭਵਿੱਖ ਵਿੱਚ ਇਨ੍ਹਾਂ ਅਧਿਆਪਕਾਂ ਦੀ ਸੇਵਾਮੁਕਤੀ ਤੋਂ ਬਾਅਦ ਇਨ੍ਹਾਂ ਦੀ ਥਾਂ ਕੋਈ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੇ 30 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਹੁਣ ਤਾਲੇ ਲੱਗ ਜਾਣਗੇ। ਇਸੇ ਤਰ੍ਹਾਂ ਗੁਰੂ ਕੀ ਨਗਰੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ 30 ਸਕੂਲਾਂ ਅਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਹਲਕੇ ਸਮੇਤ ਸਮੁੱਚੇ ਜ਼ਿਲ੍ਹਾ ਗੁਰਦਾਸਪੁਰ ਵਿੱਚ 133 ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਹਲਕਾ ਜ਼ਿਲ੍ਹਾ ਰੂਪਨਗਰ ਵਿੱਚ 71 ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 140 ਸਕੂਲਾਂ ਨੂੰ ਤਾਲੇ ਲਾਏ ਜਾਣਗੇ। ਜ਼ਿਲ੍ਹਾ ਪਠਾਨਕੋਟ ਵਿੱਚ 52, ਜ਼ਿਲ੍ਹਾ ਪਟਿਆਲਾ ਵਿੱਚ 50, ਜ਼ਿਲ੍ਹਾ ਜਲੰਧਰ ਵਿੱਚ 54, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ 41-41, ਜ਼ਿਲ੍ਹਾ ਲੁਧਿਆਣਾ ਵਿੱਚ 39, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਿੱਚ 34, ਜ਼ਿਲ੍ਹਾ ਸੰਗਰੂਰ ਵਿੱਚ 23, ਜ਼ਿਲ੍ਹਾ ਫਿਰੋਜ਼ਪੁਰ ਵਿੱਚ 22, ਜ਼ਿਲ੍ਹਾ ਤਰਨਤਾਰਨ ਵਿੱਚ 9, ਜ਼ਿਲ੍ਹਾ ਫਾਜ਼ਿਲਕਾ ਵਿੱਚ 8, ਜ਼ਿਲ੍ਹਾ ਮੋਗਾ ਵਿੱਚ 7, ਜ਼ਿਲ੍ਹਾ ਫਰੀਦਕੋਟ ਵਿੱਚ 5, ਜ਼ਿਲ੍ਹਾ ਮਾਨਸਾ ਵਿੱਚ 4, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਬਰਨਾਲਾ ਵਿੱਚ 3-3 ਅਤੇ ਜ਼ਿਲ੍ਹਾ ਮੁਕਤਸਰ ਵਿੱਚ 1 ਸਕੂਲ ਨੂੰ ਨਜ਼ਦੀਕੀ ਸਕੂਲ ਵਿੱਚ ਮਰਜ਼ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਕੁੱਝ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸ਼ਰਤਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਪੱਤਰ ਅਨੁਸਾਰ 20 ਬੱਚਿਆਂ ਤੋਂ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਜਿਹੜੇ ਵੀ ਨੇੜਲੇ ਸਕੂਲ ਵਿੱਚ ਮਰਜ਼ ਕੀਤਾ ਜਾ ਰਿਹਾ ਹੈ, ਉਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਇਆ ਜਾਵੇ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸਕੂਲ ਦੀ ਇਮਾਰਤ, ਬਿਜਲੀ ਪਾਣੀ, ਬਾਥਰੂਮ, ਕਿਚਨ ਸ਼ੈੱਡ, ਬਿਜਲੀ ਉਪਕਰਨ, ਮਿਡ ਡੇਅ ਮੀਲ ਆਦਿ ਸਮਾਨ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੈਂਟਰ ਹੈੱਡ ਟੀਚਰ ਅਤੇ ਬੀਪੀਈਓ ਦੇ ਮੋਢਿਆਂ ’ਤੇ ਸੁੱਟੀ ਗਈ ਹੈ। ਮਰਜ਼ ਕੀਤੇ ਜਾਣ ਵਾਲੇ ਸਕੂਲਾਂ ਦਾ ਦਫ਼ਤਰੀ ਰਿਕਾਰਡ ਸਬੰਧਤ ਸੈਂਟਰ ਹੈੱਡ ਟੀਚਰ ਦੀ ਦੇਖ ਰੇਖ ਹੇਠ ਸੈਂਟਰ ਸਕੂਲ ਵਿੱਚ ਸ਼ਿਫ਼ਟ ਕੀਤੇ ਜਾਵੇ ਅਤੇ ਇਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਸਬੰਧੀ ਸੈਂਟਰ ਹੈੱਡ ਟੀਚਰ ਦੀ ਹੋਵੇਗੀ।
ਸਰਕਾਰੀ ਚਿੱਠੀ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮਰਜ਼ ਕੀਤੇ ਜਾਣ ਵਾਲੇ ਸਕੂਲਾਂ ਦੇ ਅਧਿਆਪਕਾਂ ਦਾ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਪੁਲ ਬਣਾਇਆ ਜਾਵੇ ਅਤੇ ਸਬੰਧਤ ਅਧਿਆਪਕਾਂ ਦੀ ਸੀਨੀਅਆਰਤਾ ਸੂਚੀ ਤਿਆਰ ਕਰਕੇ ਅਧਿਆਪਕਾਂ ਨੂੰ ਫਿਲਹਾਲ ਲੋੜਵੰਦ ਸਕੂਲਾਂ ਵਿੱਚ ਤਾਇਨਾਤ ਕਰਦੇ ਸਮੇਂ ਉਨ੍ਹਾਂ ਦੀ ਸੀਨੀਆਰਤਾ ਅਨੁਸਾਰ ਸਟੇਸ਼ਨ ਦੀ ਚੋਣ ਕਰਵਾਈ ਜਾਵੇ। ਇਹ ਸਾਰੀ ਕਾਰਵਾਈ 25 ਅਕਤੂਬਰ ਤੱਕ ਨੇਪਰੇ ਚਾੜ੍ਹਨ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Important Stories

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…