Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 86 ਹੋਰ ਨਵੇਂ ਕੇਸ ਸਾਹਮਣੇ ਆਏ, 3 ਮੌਤਾਂ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3037 ’ਤੇ ਪੁੱਜੀ, 1329 ਐਕਟਿਵ ਕੇਸ, ਹੁਣ ਤੱਕ 67 ਮੌਤਾਂ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 86 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3037 ’ਤੇ ਪਹੁੰਚ ਗਈ ਹੈ। ਅੱਜ ਇਕ ਅੌਰਤ ਸਮੇਤ ਤਿੰਨ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹੁਣ ਤੱਕ 67 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 44 ਦਿਨਾਂ ਵਿੱਚ 2642 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 43 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਨਵਾਂ ਗਾਉਂ ਦੀ 62 ਸਾਲਾ ਬਜ਼ੁਰਗ ਅੌਰਤ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਉਹ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਜੇਰੇ ਇਲਾਜ ਸੀ। ਇੰਜ ਹੀ ਇੱਥੋਂ ਦੇ ਸੈਕਟਰ-71 ਸਥਿਤ ਆਈਵੀਵਾਈ ਹਸਪਤਾਲ ਵਿੱਚ ਦਾਖ਼ਲ ਖਰੜ ਦੀ 58 ਸਾਲਾ ਪੁਰਸ਼ ਨੇ ਦਮ ਤੋੜ ਦਿੱਤਾ। ਉਹ ਪਹਿਲਾਂ ਹੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਲਾਲੜੂ ਵਾਸੀ 43 ਸਾਲਾ ਪੁਰਸ਼ ਦੀ ਵੀ ਕਰੋਨਾ ਨਾਲ ਮੌਤ ਹੋ ਗਈ ਹੈ। ਉਹ ਸਰਕਾਰੀ ਹਸਪਤਾਲ ਅੰਬਾਲਾ ਵਿੱਚ ਦਾਖ਼ਲ ਸੀ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਮਰੀਜ਼ ਪਹਿਲਾਂ ਤੋਂ ਹੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 86 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 33 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 12, ਜ਼ੀਰਕਪੁਰ ਵਿੱਚ 19, ਬਨੂੜ ਵਿੱਚ 1, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 17 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1329 ਨਵੇਂ ਕੇਸ ਐਕਟਿਵ ਹਨ। ਜਦੋਂਕਿ 1641 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ