9 ਨਵੇਂ ਮੰਤਰੀਆਂ ਨੇ ਹਲਫ਼ ਲਿਆ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਅਪਰੈਲ:
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ 9 ਨਵੇਂ ਕੈਬਨਿਟ ਮੰਤਰੀਆਂ ਅਤੇ ਦੋ ਰਾਜ ਮੰਤਰੀਆਂ ਨੂੰ ਵੀ ਕੈਬਨਿਟ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ, ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਇਹ ਸਾਦਾ ਹਲਫ਼ਦਾਰੀ ਸਮਾਗਮ ਅੱਜ ਇੱਥੇ ਰਾਜ ਭਵਨ ਵਿਖੇ ਹੋਇਆ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ-ਚੁੱਕ ਸਮਾਗਮ ਦੀ ਕਾਰਵਾਈ ਚਲਾਈ।
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਅੰਮ੍ਰਿਤਸਰ ਕੇਂਦਰੀ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ, ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਐਸ.ਏ.ਐਸ. ਨਗਰ (ਮੁਹਾਲੀ) ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਸੰਗਰੂਰ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਸ਼ਾਮਲ ਸਨ। ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਨੂੰ ਰਾਜ ਮੰਤਰੀ ਤੋਂ ਤਰੱਕੀ ਦੇ ਕੇ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਇਸ ਨਾਲ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ 18 ਹੋ ਗਈ ਹੈ।
ਹਲਫ਼ਦਾਰੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਲਾਈ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਅੌਜਲਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਹਾਜ਼ਰ ਸਨ। ਇਸ ਮੌਕੇ ਵਿਧਾਇਕਾਂ ਤੋਂ ਇਲਾਵਾ ਪਾਰਟੀ ਲੀਡਰ, ਸਿਵਲ ਤੇ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…