ਕੌਮੀ ਲੋਕ ਅਦਾਲਤ ਵਿੱਚ 9973 ਕੇਸਾਂ ਦਾ ਨਿਪਟਾਰਾ, 75,91,93,270 ਕੀਮਤ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਹੇਠ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 15 ਜੁਡੀਸ਼ਲ ਅਧਿਕਾਰੀਆਂ ਦੇ ਬੈਂਚਾਂ ਦਾ ਗਠਨ ਕੀਤਾ ਗਿਆ। ਜਦੋਂਕਿ ਇਸ ਤੋਂ ਇਲਾਵਾ 4 ਮਾਲ ਅਧਿਕਾਰੀਆਂ ਦੇ ਬੈਂਚ ਵੀ ਲਾਏ ਗਏ। ਇੰਜ ਹੀ ਡੇਰਾਬੱਸੀ ਵਿੱਚ ਦੋ ਜੁਡੀਸ਼ਲ ਅਤੇ 4 ਰੈਵੀਨਿਊ ਬੈਂਚ, ਖਰੜ ਵਿੱਚ 3 ਜੁਡੀਸ਼ਲ ਅਤੇ 4 ਰੈਵੀਨਿਊ ਬੈਂਚ ਸਥਾਪਿਤ ਕੀਤੇ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਵੱਖ-ਵੱਖ ਬੈਂਚਾਂ ਵਿੱਚ ਜਾ ਕੇ ਲੋਕਾਂ ਨੂੰ ਰਾਜ਼ੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫ਼ੈਸਲਾ ਦੋਵਾਂ ਧਿਰਾਂ ਲਈ ਖ਼ੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ’ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਕੁੱਲ 15478 ਕੇਸ ਨਿਪਟਾਰੇ ਲਈ ਰੱਖੇ ਗਏ। ਜਿਨ੍ਹਾਂ ’ਚੋਂ 9973 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਕੁੱਲ 75,91,93,270 ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ 12 ਘਰੇਲੂ ਹਿੰਸਾ ਦੇ ਕੇਸ ਵੀ ਸੁਣਵਾਈ ਰੱਖੇ ਗਏ। ਕਈ ਪਤੀ-ਪਤਨੀ ਆਪਸੀ ਮਨ-ਮੁਟਾਓ ਕਾਰਨ ਅਲੱਗ-ਅਲੱਗ ਰਹਿ ਰਹੇ ਸਨ ਪ੍ਰੰਤੂ ਫੈਮਲੀ ਕੋਰਟ ਦੇ ਪ੍ਰਿੰਸੀਪਲ ਜੱਜ ਬਰਜਿੰਦਰਪਾਲ ਸਿੰਘ ਦੇ ਯਤਨਾਂ ਸਦਕਾ ਇੱਕ ਵਿਆਹੁਤਾ ਜੋੜਾ, ਜੋ ਆਪਸੀ ਮਤਭੇਦਾਂ ਕਾਰਨ ਪਿਛਲੇ 11 ਸਾਲ ਤੋਂ ਅਦਾਲਤੀ ਝਗੜਿਆਂ ਵਿੱਚ ਪਿਆ ਹੋਇਆ ਸੀ, ਇਕੱਠੇ ਰਹਿਣ ਲਈ ਤਿਆਰ ਹੋ ਗਿਆ। ਮਸ਼ਹੂਰ ਪੰਜਾਬੀ ਕਾਮੇਡੀਅਨ ਬਾਲ ਮੁਕੰਦ ਸ਼ਰਮਾ ਨੇ ਵੀ ਲੋਕ ਅਦਾਲਤ ਦੇ ਫੈਮਲੀ ਕੋਰਟ ਬੈਂਚ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਕਈ ਪਰਿਵਾਰਾਂ ਦੇ ਝਗੜਿਆਂ ਨੂੰ ਸਹਿਮਤੀ ਨਾਲ ਸੁਲਝਾਉਣ ਲਈ ਰਾਜ਼ੀ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਦਾ ਭਵਿੱਖ ਬਚਾਅ ਸਕਣ।

Load More Related Articles

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…