ਕੰਗਣਾ ਰਨੌਤ ਮਾਨਸਿਕ ਰੋਗੀ ਹੈ, ਭਾਜਪਾ ਤੁਰੰਤ ਇਲਾਜ ਕਰਵਾਏ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ, ਮੁਹਾਲੀ, 26 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਨੌਤ ਨੂੰ ਮਾਨਸਿਕ ਰੋਗੀ ਦੱਸਦਿਆਂ ਕੇਂਦਰ ਸਰਕਾਰ ਅਤੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਸ ਦਾ ਕਿਸੇ ਚੰਗੇ ਹਸਪਤਾਲ ’ਚੋਂ ਇਲਾਜ ਕਰਵਾਇਆ ਜਾਵੇ ਤਾਂ ਜੋ ਦੇਸ਼ ਵਿੱਚ ਅਮਨ ਕਾਨੂੰਨ ਨੂੰ ਭੰਗ ਹੋਣ ਤੋਂ ਰੋਕਿਆ ਜਾ ਸਕੇ ਅਤੇ ਆਪਸੀ ਭਾਈਚਾਰਾ ਬਣਿਆ ਰਹਿ ਸਕੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੰਗਨਾ ਰਨੌਤ ਦੀਆਂ ਹਰਕਤਾਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ। ਕੰਗਨਾ ਦੇ ਦਿਮਾਗ ਵਿੱਚ ਪੰਜਾਬੀਆਂ (ਖਾਸ ਕਰਕੇ ਸਿੱਖਾਂ ਤੇ ਕਿਸਾਨਾਂ) ਪ੍ਰਤੀ ਨਫ਼ਰਤ ਭਰੀ ਹੋਈ ਹੈ। ਪਹਿਲਾਂ ਉਹ ਕਿਸਾਨ ਅੰਦੋਲਨ ਸਮੇਂ ਕਿਸਾਨਾਂ ਨੂੰ ਅੱਤਵਾਦੀ ਵੱਖਵਾਦੀ ਕਹਿ ਕੇ ਭੰਡਦੀ ਰਹੀ ਹੈ ਅਤੇ ਕਿਸਾਨ ਅੌਰਤਾਂ ਨੂੰ 100-100 ਰੁਪਏ ’ਤੇ ਵਿਕਣ ਵਾਲੀਆਂ ਅੌਰਤਾਂ ਦੱਸਦੀ ਰਹੀ ਹੈ। ਕੇਂਦਰ ਸਰਕਾਰ ਦੀ ਸ਼ਹਿ ਮਿਲਣ ਕਾਰਨ ਉਹ ਲਗਾਤਾਰ ਸਿੱਖਾਂ ਅਤੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਸ੍ਰੀ ਕਾਹਲੋਂ ਨੇ ਕਿਹਾ ਕਿ ਇਸ ਫਿਲਮੀ ਅਦਾਕਾਰਾ ਦੀ ਨਫ਼ਰਤ ਭਰੀ ਸੋਚ ਦੇ ਬਾਵਜੂਦ ਭਾਜਪਾ ਨੇ ਉਸ ਨੂੰ ਟਿਕਟ ਦਿੱਤੀ ਗਈ। ਜਿਸ ਕਾਰਨ ਉਸਦੇ ਹੌਸਲੇ ਹੋਰ ਵਧ ਗਏ ਅਤੇ ਹੁਣ ਉਹ ਸੱਤਾ ਦੇ ਨਸ਼ੇ ਵਿੱਚ ਆਪਣੇ ਨਫ਼ਰਤੀ ਵਿਚਾਰਾਂ ਰਾਹੀਂ ਲਾਂਬੂ ਲਾਉਣ ਦੀ ਤਾਕ ਵਿੱਚ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਨੌਤ ਵੱਲੋਂ ਇਤਿਹਾਸ ਤੋਂ ਅਣਜਾਣ ਹੋਣ ਦੇ ਬਾਵਜੂਦ ਐਮਰਜੈਂਸੀ ਜਿਹੀ ਵਿਵਾਦਿਤ ਫ਼ਿਲਮ ਬਣਾਉਣਾ ਇਸਦੀ ਨਫ਼ਰਤੀ ਸੋਚ ਦਾ ਪ੍ਰਗਟਾਵਾ ਹੈ, ਜਿਸ ਵਿੱਚ ਸਿੱਖਾਂ ਦੀ ਭੂਮਿਕਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਚਨਾ ਪ੍ਰਸਾਰਣ ਮੰਤਰੀ ਅਤੇ ਭਾਜਪਾ ਪ੍ਰਧਾਨ ਤੋਂ ਮੰਗ ਕੀਤੀ ਕਿ ਦੇਸ਼ ਦੇ ਵੱਡੇ ਹਿੱਤਾਂ ਨੂੰ ਸਾਹਮਣੇ ਰੱਖਦੇ ਹੋਏ ਕੰਗਨਾ ਰਨੌਤ ਦੀਆਂ ਦੇਸ਼ ਅਤੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਨੂੰ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੇ ਖ਼ਿਲਾਫ਼ ਸੰਘਰਸ਼ ਪੰਜਾਬੀਆਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਲੜਿਆ ਹੈ, ਜਿਸ ਦਾ ਪੰਜਾਬੀਆਂ ਨੂੰ ਬਹੁਤ ਵੱਡਾ ਮੁੱਲ ਤਾਰਨਾ ਪਿਆ ਹੈ। ਇਸ ਮੌਕੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਮਲੋਆ ਅਤੇ ਸੀਨੀਅਰ ਆਗੂ ਭਲਿੰਦਰ ਸਿੰਘ ਮਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…