ਸਿਹਤ ਵਿਭਾਗ ਵੱਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਸਰਵੇ, 2059 ਘਰਾਂ ’ਚ ਮਿਲਿਆ ਡੇਂਗੂ ਦਾ ਲਾਰਵਾ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਸਿਵਲ ਸਰਜਨ

ਨਬਜ਼-ਏ-ਪੰਜਾਬ, ਮੁਹਾਲੀ, 27 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਸਨੀਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਅਤੇ ਆਮ ਨਾਗਰਿਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹੁਣ ਤੱਕ ਕਰੀਬ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਪਗ 2059 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ। ਨਗਰ ਨਿਗਮ ਤੇ ਨਗਰ ਕੌਂਸਲਾਂ ਵੱਲੋਂ 562 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਨੇ ਘਰਾਂ ਅਤੇ ਦੁਕਾਨਾਂ ਵਿੱਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿੱਚ ਖ਼ਤਰਨਾਕ ਮੱਛਰ ਦਾ ਰੂਪ ਲੈਂਦਾ ਹੈ, ਜੋ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਦੇ ਅਖੀਰ ਤੱਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਅਧਿਕਾਰੀਆਂ ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਭਾਵੇਂ ਸਿਹਤ ਵਿਭਾਗ ਆਪਣੇ ਪੱਧਰ ’ਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਮੁਹਾਲੀ ਨੂੰ ਡੇਂਗੂ-ਮੁਕਤ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…