Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ, ਪੁਲੀਸ ਦੇ ਕੰਮਾਂ ਦੀ ਕੀਤੀ ਸ਼ਲਾਘਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ: ਭਗਵੰਤ ਮਾਨ ਨਬਜ਼-ਏ-ਪੰਜਾਬ, ਮੁਹਾਲੀ, 28 ਅਗਸਤ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਨਾਲ ਹੀ ਉਨ੍ਹਾਂ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਲ ’ਤੇ ਕੰਮ ਕਰੇਗਾ। ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰੇਗੀ ਅਤੇ ਨਸ਼ਾ ਛੱਡਣ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਐਨਟੀਐਫ਼ ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਵਧਾ ਕੇ 861 ਕੀਤਾ ਜਾ ਰਿਹਾ ਹੈ ਅਤੇ ਪੁਲੀਸ ਵਿਭਾਗ ਵਿੱਚ ਆਉਣ ਵਾਲੀਆਂ 10 ਹਜ਼ਾਰ ਨਵੀਆਂ ਅਸਾਮੀਆਂ ਦੇ ਹਿੱਸੇ ਵਜੋਂ ਏਐਨਟੀਐਫ਼ ਲਈ ਇਹ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਏਐਨਟੀਐਫ਼ ਦੀ ਨਵੀਂ ਸਥਾਪਿਤ ਇੰਟੈਲੀਜੈਂਸ ਅਤੇ ਤਕਨੀਕੀ ਇਕਾਈ ਨੂੰ ਅਤਿ-ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ-ਟੈੱਕ ਸਾਫਟਵੇਅਰ, ਹਾਰਡਵੇਅਰ ਦੀ ਖ਼ਰੀਦ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਹਨ। ਇਸ ਫੋਰਸ ਲਈ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਏਐੱਨਟੀਐੱਫ਼ ਨੂੰ ਮੁਹਾਲੀ ਵਿੱਚ ਆਪਣਾ ਸੁਤੰਤਰ ਹੈੱਡਕੁਆਟਰ ਸਥਾਪਿਤ ਕਰਨ ਲਈ ਇੱਕ ਏਕੜ ਵੱਖਰੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ-ਨਸ਼ਾ ਮੁਕਤੀ-ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ ਅਡੀਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ। ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐਨਆਰਆਈ ’ਤੇ ਹੋਏ ਹਮਲੇ ਵਿੱਚ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ 532 ਕਿੱਲੋਮੀਟਰ ਕੌਮਾਂਤਰੀ ਸਰਹੱਦਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਨੂੰ ਡਰੋਨਾਂ ਅਤੇ ਸਰਹੱਦੋਂ ਪਾਰ ਤਸਕਰੀ ਦੇ ਰੂਪ ਵਿੱਚ ਨਵੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਪੁਲੀਸ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਰਹੀ ਹੈ। ਨਸ਼ਿਆਂ ਦੇ ਕੇਸਾਂ ਵਿੱਚ ਢੁਕਵੀਂ ਕਾਨੂੰਨੀ ਕਾਰਵਾਈ ਲਈ ਇਸ ਨਵੀਂ ਫੋਰਸ ਨਾਲ ਵਿਸ਼ੇਸ਼ ਲਾਅ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ 379 ਨਸ਼ਾ ਤਸਕਰਾਂ ਦੀਆਂ 173 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਹੋਰ ਵੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਨਸ਼ੇ ਦੇ ਆਦੀ ਨੌਜਵਾਨ ਨਸ਼ਿਆਂ ਦਾ ਤਿਆਗ ਕਰਨ ਲਈ ਦਾਖ਼ਲ ਹੋ ਰਹੇ ਹਨ, ਉੱਥੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਮੁਲਾਜ਼ਮਾਂ ਦੇ ਨੈੱਟਵਰਕ ਨੂੰ ਤੋੜਨ ਲਈ ਵੱਡੇ ਪੱਧਰ ’ਤੇ ਤਬਾਦਲੇ ਅਤੇ ਪੁਲੀਸ ਮੁਲਾਜ਼ਮਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਗਰਾਂਟਾਂ ਦੇਵੇਗੀ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਪਿੰਡਾਂ ਵਿੱਚ ਖੇਡਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਵੇਗੀ, ਜੋ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪਹਿਲਾਂ ਹੀ ਉਲੰਪਿਕ ਵਰਗੀਆਂ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀ ਨੌਜਵਾਨ ਹੋਰ ਜ਼ਿਆਦਾ ਤਗਮੇ ਜਿੱਤ ਕੇ ਲਿਆਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ