Share on Facebook Share on Twitter Share on Google+ Share on Pinterest Share on Linkedin ਕੰਗਨਾ ਰਣੌਤ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਫੌਰੀ ਲਗਾਮ ਪਾਵੇ ਭਾਜਪਾ: ਭਗਵੰਤ ਮਾਨ ਕੇਂਦਰ ਨੂੰ ਸੜਕੀ ਪ੍ਰਾਜੈਕਟਾਂ ਲਈ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਦੂਜੇ ਰਾਜਾਂ ਦੇ ਬਰਾਬਰ ਨਹੀਂ ਰੱਖਣਾ ਚਾਹੀਦਾ ਨਬਜ਼-ਏ-ਪੰਜਾਬ, ਮੁਹਾਲੀ, 28 ਅਗਸਤ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਰੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਛਿੜੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ਵਿਵਾਦਿਤ ਸੰਸਦ ਮੈਂਬਰਾਂ ਨੂੰ ਨੱਥ ਪਾਉਣ ਲਈ ਕਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਗਵੰਤ ਮਾਨ ਕਿਹਾ ਕਿ ਕੰਗਨਾ ਆਪਣੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਕਾਬੂ ਕਰਨਾ ਚਾਹੀਦਾ ਹੈ ਕਿਉਂਕਿ ਸਿਰਫ਼ ਇਹ ਬਿਆਨ ਦੇਣ ਨਾਲ ਕਿ ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ, ਭਗਵਾ ਪਾਰਟੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਹਾਈ ਕਮਾਨ ਨੂੰ ਕੰਗਨਾ ਰਣੌਤ ਦੇ ਜ਼ਹਿਰੀਲੇ ਅਤੇ ਬੇਬੁਨਿਆਦ ਬਿਆਨਾਂ ਉੱਤੇ ਫੌਰੀ ਲਗਾਮ ਕੱਸਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕੰਗਨਾ ਦੀ ਨਵੀਂ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਹੋਣ ’ਤੇ ਰੋਕ ਲਗਾਉਣ ਦੀ ਵੱਡੇ ਪੱਧਰ ’ਤੇ ਮੰਗ ਉੱਠ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੂੰ ਪੰਜਾਬ ਦੀ ਉਪਜਾਊ ਜ਼ਮੀਨ ਦੀ ਦੂਜੇ ਰਾਜਾਂ ਨਾਲ ਤੁਲਨਾ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਪਰ ਮਾਮਲਾ ਸਿਰਫ਼ ਜ਼ਮੀਨ ਦੇ ਢੁਕਵੇਂ ਭਾਅ ਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾ ਚੁੱਕੇ ਹਨ ਅਤੇ ਸੂਬੇ ਵਿੱਚ ਜ਼ਮੀਨ ਪ੍ਰਾਪਤੀ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 44,667 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਤਹਿਤ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਸੂਬਾ ਸਰਕਾਰ ਲਈ ਕੰਮ ਕਰਨ ਪ੍ਰਤੀ ਵਿਸ਼ਵਾਸ ਵਧਿਆ ਹੈ। ਜਿਸ ਕਾਰਨ ਉਹ ਵਿਦੇਸ਼ ਜਾਣ ਬਾਰੇ ਨਾ ਸੋਚ ਕੇ ਇੱਥੇ ਹੀ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿੱਚ ਅਜਿਹੀ ਸੋਚ ਉਤਪੰਨ ਹੋਣਾ ਸੂਬੇ ਲਈ ਮਾਣ ਵਾਲੀ ਗੱਲ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ