ਮੁਹਾਲੀ ਜੁਡੀਸ਼ਲ ਕੰਪਲੈਕਸ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 3 ਸਤੰਬਰ:
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਇਸ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਐਸ.ਏ.ਐਸ. ਨਗਰ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿੱਚ ਲਗਾਈ ਜਾ ਰਹੀ ਹੈ। ਜਿਸ ਵਿੱਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮਏਸੀਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਸ ਸਬੰਧੀ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਉਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਮਿਤੀ 14.09.2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿੱਚ ਲਗਾਏ ਜਾ ਸਕਦੇ ਹਨ।
ਸਕੱਤਰ ਮੈਡਮ ਨੇ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ’ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਵੀ ਨਹੀਂ ਕੀਤੀ ਜਾ ਸਕਦੀ। ਕਿਉਂਕਿ ਲੋਕ ਅਦਾਲਤ ਵਿੱਚ ਕੋਈ ਵੀ ਫ਼ੈਸਲਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਹੁੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…