nabaz-e-punjab.com

ਸਰਕਾਰੀ ਹਸਪਤਾਲਾਂ ਵਿੱਚ ਸੋਮਵਾਰ ਤੋਂ ਸਵੇਰੇ ਤਿੰਨ ਘੰਟੇ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ

ਸਰਕਾਰੀ ਡਾਕਟਰਾਂ ਵੱਲੋਂ ਤਿੰਨ ਦਿਨ ਦੀ ਮੋਹਲਤ, ਮੰਗਾਂ ਨਾ ਮੰਨੀਆਂ ਤਾਂ 12 ਸਤੰਬਰ ਤੋਂ ਮੁਕੰਮਲ ਹੜਤਾਲ

ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ:
ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਭਲਕੇ ਸੋਮਵਾਰ ਤੋਂ ਸਵੇਰੇ ਤਿੰਨ ਘੰਟੇ ਓਪੀਡੀ ਸੇਵਾਵਾਂ ਬੰਦ ਰੱਖ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਫ਼ੈਸਲਾ ਅੱਜ ਇੱਥੇ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਬੁਲਾਰਿਆਂ ਨੇ ਕਿਹਾ ਕਿ 9 ਸਤੰਬਰ ਤੋਂ ਪਹਿਲਾਂ ਐਲਾਨੀ ਹੋਈ ਹੜਤਾਲ ਵਿੱਚ ਕੁੱਝ ਤਬਦੀਲੀ ਕਰਦਿਆਂ ਸੋਮਵਾਰ ਤੋਂ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ (ਸਵੇਰੇ 8 ਵਜੇ ਤੋਂ 11 ਵਜੇ ਤੱਕ) ਸਰਕਾਰੀ ਹਸਪਤਾਲ ਮੁਹਾਲੀ ਸਮੇਤ ਸਮੂਹ ਹਸਪਤਾਲਾਂ ਵਿੱਚ ਓਪਡੀ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਪਹਿਲਾਂ ਅਨਿਸ਼ਚਿਤ ਕਾਲ ਤੱਕ ਪੂਰਨ ਤੌਰ ’ਤੇ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ ਪ੍ਰੰਤੂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਪੀਲ ਅਤੇ ਕੈਬਨਿਟ ਸਬ ਕਮੇਟੀ ਵਜੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜਥੇਬੰਦੀ ਨਾਲ ਮੀਟਿੰਗ ਕਰਨ ਦਾ ਸੱਦਾ ਦੇਣ ਕਾਰਨ ਡਾਕਟਰਾਂ ਨੇ ਮਰੀਜ਼ਾਂ ਦੀ ਪ੍ਰੇਸ਼ਾਨੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਵਿਰੋਧ ਪ੍ਰਦਰਸ਼ਨ ਦਾ ਸਮਾਂ ਘਟਾਇਆ ਹੈ। ਉਂਜ ਹੜਤਾਲ ਦੌਰਾਨ ਕੋਈ ਚੋਣਵੇਂ ਅਪਰੇਸ਼ਨ ਨਹੀਂ ਹੋਣਗੇ।
ਇਸ ਤੋਂ ਇਲਾਵਾ ਕੋਈ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸਬੰਧਤ ਮੁਆਇਨੇ, ਡਰਾਈਵਿੰਗ ਲਾਇਸੈਂਸ, ਅਸਲਾ ਲਾਇਸੈਂਸ ਲਈ ਡੋਪ ਟੈੱਸਟ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਵੀਆਈਪੀ ਡਿਊਟੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ। ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਡਾਕਟਰਾਂ ਨੇ ਕਿਹਾ ਕਿ ਉਹ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਨ ਪਰ ਹਾਲੇ ਸਰਕਾਰ ਦੀ ਤਰਫ਼ੋਂ ਤੋਂ ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜ਼ਮੀਨੀ ਪੱਧਰ ’ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਮੀਟਿੰਗਾਂ ਵਿੱਚ ਸਮਾਂਬੱਧ ਤਰੱਕੀਆਂ ਸਬੰਧੀ ਕੋਈ ਨੋਟੀਫ਼ਿਕੇਸ਼ਨ ਲੈ ਕੇ ਆਈ ਹੈ। ਸਰਕਾਰ ਦੀ ਟਾਲ-ਮਟੋਲ ਨੀਤੀ ਕਾਰਨ ਡਾਕਟਰਜ਼ ਨੂੰ ਮਜਬੂਰੀ-ਵੱਸ ਇਹ ਰਾਹ ਅਖ਼ਤਿਆਰ ਕਰਨਾ ਪਿਆ ਹੈ। ਡਾਕਟਰਾਂ ਨੇ ਸਪੱਸ਼ਟ ਆਖਿਆ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਤਰੱਕੀਆਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 12 ਸਤੰਬਰ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸੂਬਾ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…