ਉੱਘੇ ਸਮਾਜਿਕ ਚਿੰਤਕ ਮਾਲਵਿੰਦਰ ਮਾਲੀ ਨੂੰ ਜੇਲ੍ਹ ਭੇਜਿਆ, ਪੇਸ਼ੀ ਦੌਰਾਨ ਚੜ੍ਹਦੀ ਕਲਾਂ ’ਚ ਨਜ਼ਰ ਆਏ ਮਾਲੀ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤੇ ਗਏ ਉੱਘੇ ਸਮਾਜਿਕ ਚਿੰਤਕ ਅਤੇ ਵਿਸ਼ਲੇਸ਼ਣ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਜੁਡੀਸ਼ਲ ਰਿਮਾਂਡ ਦੌਰਾਨ ਮਾਲੀ ਨੂੰ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ। ਮਾਲੀ ਉੱਤੇ ਕਥਿਤ ਤੌਰ ’ਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਇਸ ਸਬੰਧੀ ਮੁਹਾਲੀ ਪੁਲੀਸ ਵੱਲੋਂ ਅਮਿਤ ਜੈਨ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਇੱਥੋਂ ਦੇ ਸੈਕਟਰ-82 ਸਥਿਤ ਆਈਟੀ ਸਿਟੀ ਥਾਣੇ ਵਿੱਚ ਨਵੇਂ ਫੌਜਦਾਰੀ ਕਾਨੂੰਨ ਦੀ ਧਾਰਾ 299 ਅਤੇ 196 ਤਹਿਤ ਐਫ਼ਆਈਆਰ ਨੰਬਰ-107 ਦਰਜ ਕੀਤੀ ਗਈ ਹੈ। ਸ਼ਿਕਾਇਤ ਕਰਤਾ ਆਮ ਆਦਮੀ ਪਾਰਟੀ (ਆਪ) ਦੇ ਟਰੇਡ ਵਿੰਗ ਮੁਹਾਲੀ ਦਾ ਜਨਰਲ ਸਕੱਤਰ ਅਤੇ ਪੰਜਾਬ ਗਊ ਕਮਿਸ਼ਨ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਮਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਚੜ੍ਹਦੀ ਕਲਾਂ ਵਿੱਚ ਨਜ਼ਰ ਆਏ। ਉਨ੍ਹਾਂ ਨੂੰ 1 ਅਕਤੂਬਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਸ਼ਿਕਾਇਤਕਰਤਾ ਅਮਿਤ ਜੈਨ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਪਿਛਲੇ ਦਿਨੀਂ ਉਹ ਟੀਵੀ ਦੇਖ ਰਿਹਾ ਸੀ। ਇਸ ਦੌਰਾਨ ਉਸ ਨੇ ਮਾਲਵਿੰਦਰ ਸਿੰਘ ਮਾਲੀ ਨਾਂਅ ਦੇ ਵਿਅਕਤੀ ਨੂੰ ਹਿੰਦੂ ਦੇਵੀ ਦੇਵਤਿਆਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਦੇ ਹੋਇਆ ਹੈ ਦੇਖਿਆ ਅਤੇ ਸੁਣਿਆ ਸੀ। ਮਾਲੀ ਦੀ ਟਿੱਪਣੀਆਂ ਨਾਲ ਉਸ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਸਮੇਤ ਸਮੁੱਚੇ ਹਿੰਦੂ ਸਮਾਜ ਵਿੱਚ ਬਹੁਤ ਰੋਸ ਹੈ। ਲਿਹਾਜ਼ਾ ਮਾਲੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤਰ੍ਹਾਂ ਪੁਲੀਸ ਨੇ ਮਾਲੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਦੀ ਇਸ ਕਾਰਵਾਈ ਦੀ ਚੁਫੇਰਿਓਂ ਨਿੰਦਾ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮਾਲਵਿੰਦਰ ਮਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨੇੜਲੇ ਸਾਥੀ ਰਹੇ ਹਨ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੀ ਮੀਡੀਆ ਸਲਾਹਕਾਰ ਰਹੇ ਹਨ।
ਉਧਰ, ਸੋਸ਼ਲ ਮੀਡੀਆ ’ਤੇ ਅਪਲੋਡ ਇੱਕ ਪੋਸਟ ਮੁਤਾਬਕ ਸਮਾਜਿਕ ਚਿੰਤਕ ਡਾ. ਪਿਆਰੇ ਲਾਲ ਗਰਗ ਅਤੇ ਹੋਰਨਾਂ ਨੇ ਭਲਕੇ 18 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ17 ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਸਾਰੀਆਂ ਧਿਰਾਂ ਨੂੰ ਮਾਲੀ ਦੇ ਹੱਕ ਵਿੱਚ ਖੜ੍ਹਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਵਿਚਾਰਾਂ ਦੀ ਆਜ਼ਾਦੀ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਘੋਰ ਉਲੰਘਣਾ ਹੈ। ਅਮਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਇਹ ਅਣਐਲਾਨੀ ਐਮਰਜੈਂਸੀ ਵਰਗਾ ਮਾਹੌਲ ਹੈ। ਇਸ ਤਰ੍ਹਾਂ ਧੱਕੇ ਨਾਲ ਕਿਸੇ ਦੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ। ਕਿਸੇ ਖਾਸ ਸ਼ਖ਼ਸੀਅਤ ਨੂੰ ਬਿਨਾਂ ਨੋਟਿਸ ਦਿੱਤੇ ਘਰੋਂ ਚੁੱਕਣਾ, ਬਿਲਕੁਲ ਗਲਤ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ। ਮਹਿਲਾ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਨੇ ਸਾਨੂੰ ਸਾਰਿਆਂ ਨੂੰ ਮਾਲੀ ਦੇ ਹੱਕ ਵਿੱਚ ਡਟਣਾ ਚਾਹੀਦਾ ਹੈ ਅਤੇ ਪੁਲੀਸ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜਿਕ ਮੁੱਦੇ ’ਤੇ ਅਲੋਚਨਾ ਕਰਨਾ ਹਰੇਕ ਨਾਗਰਿਕ ਦਾ ਮੌਲਿਕ ਅਧਿਕਾਰ ਹੈ।
ਸਮਾਜਿਕ ਚਿੰਤਕ ਅਤੇ ਸੇਵਾਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਬੀਤੇ ਕੱਲ੍ਹ ਜਦੋਂ ਮਾਲਵਿੰਦਰ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਸੀ ਤਾਂ ਪੁਲੀਸ ਇਹ ਕਹਿ ਰਹੀ ਸੀ ਕਿ ਆਈਟੀ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ ਪ੍ਰੰਤੂ ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਵੱਲੋਂ ਬੀਐਨਐਸ ਕਾਨੂੰਨ ਦਾ ਹਵਾਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਝੂਠੀ ਅਤੇ ਬੇਈਮਾਨ ਸਰਕਾਰ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…