ਪੰਜਾਬ ਪੁਲੀਸ ਵੱਲੋਂ ਚਿੱਟੇ ਨਾਲ ਮੁਕਤਸਰੀਆਂ ਗ੍ਰਿਫ਼ਤਾਰ, ਗੱਡੀਆਂ ਚੋਰੀਆਂ ਕਰਨ ਵਾਲੇ ਦੋ ਹੋਰ ਕਾਬੂ

ਮੁਲਜ਼ਮ ਕੋਲੋਂ 100 ਗਰਾਮ ਹੈਰੋਇਨ ਤੇ 38 ਮੋਬਾਈਲ ਬਰਾਮਦ ਸਮੇਤ ਇੱਕ ਵਿਅਕਤੀ ਕਾਬੂ

ਮੁਲਜ਼ਮਾਂ ਕੋਲੋਂ ਚੋਰੀਆਂ ਦੀਆਂ ਗੱਡੀਆਂ ਖ਼ਰੀਦਣ ਵਾਲਿਆਂ ਨੂੰ ਵੀ ਕੀਤਾ ਜਾਵੇਗਾ ਨਾਮਜ਼ਦ

ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ:
ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ 100 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਮਾਮਲੇ ਵਿੱਚ ਪੁਰਾਣੀਆਂ ਗੱਡੀਆਂ ਚੋਰੀਆਂ ਕਰਕੇ ਅੱਗੇ ਵੇਚਣ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਚਿੱਟੇ ਨਾਲ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਮਨਦੀਪ ਗਰਗ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ, ਜੋ ਇਸ ਸਮੇਂ ਇੱਥੋਂ ਦੇ ਸੈਕਟਰ-77 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਿਸ ਨੂੰ ਸੋਹਾਣਾ ਥਾਣਾ ਦੇ ਐਸਐਸਓ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਲੈਣ ’ਤੇ ਉਸ ਕੋਲੋਂ 100 ਗਰਾਮ ਹੈਰੋਇਨ ਅਤੇ 38 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਡੀਐਸਪੀ ਬੱਲ ਨੇ ਦੱਸਿਆ ਕਿ ਸੋਹਾਣਾ ਪੁਲੀਸ ਨੇ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਮੁੱਖ ਸੜਕ ’ਤੇ ਰੁਕੀ ਅਤੇ ਜਿਸ ਦੇ ਡਰਾਈਵਰ ਨੇ ਕਾਰ ’ਚੋਂ ਥੱਲੇ ਉੱਤਰ ਕੇ ਇੱਕ ਮੋਨੇ ਵਿਅਕਤੀ ਨੂੰ ਲਿਫ਼ਾਫ਼ਾਨੁਮਾ ਚੀਜ਼ ਫੜਾਈ। ਪੁਲੀਸ ਨੂੰ ਦੇਖ ਕੇ ਗੱਡੀ ਦਾ ਡਰਾਈਵਰ ਮੌਕੇ ਤੋਂ ਗੱਡੀ ਭਜਾ ਕੇ ਲੈ ਗਿਆ ਅਤੇ ਮੋਨਾ ਵਿਅਕਤੀ ਜੋ ਕਾਰ ਚਾਲਕ ਕੋਲੋਂ ਕੋਈ ਵਸਤੂ ਲੈ ਕੇ ਵਾਪਸ ਮੁੜਨ ਲੱਗਾ ਤਾਂ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਲਿਫ਼ਾਫ਼ੇ ’ਚੋਂ 100 ਗਰਾਮ ਨਸ਼ੀਲਾ ਪਦਾਰਥ (ਚਿੱਟਾ) ਬਰਾਮਦ ਕੀਤਾ ਗਿਆ।
ਇਸੇ ਤਰ੍ਹਾਂ ਗੱਡੀਆਂ ਚੋਰੀਆਂ ਦੇ ਮਾਮਲੇ ਵਿੱਚ ਪੁਲੀਸ ਨੇ ਸੰਦੀਪ ਕੁਮਾਰ ਅਤੇ ਪਵਿੱਤਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਨਰੇਸ਼ ਮਿੱਤਲ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੈਰੀ ਕਰਕੇ ਪੁਰਾਣੀਆਂ ਗੱਡੀਆਂ ਨੂੰ ਚੋਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਅੱਗੇ ਵੇਚ ਦਿੰਦੇ ਸੀ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀਆਂ ਦੀਆਂ ਗੱਡੀਆਂ ਖ਼ਰੀਦਣ ਵਾਲੇ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਪੁਲੀਸ ਦੋਵੇਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਪਲਾਟਾਂ ਦੀ ਕੀਮਤ ਵਿੱਚ ਵਾਧੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਉਣਗੇ ਸੈਕਟਰ-76 ਤੋਂ 80 ਦੇ ਬਾਸ਼ਿੰਦੇ

ਪਲਾਟਾਂ ਦੀ ਕੀਮਤ ਵਿੱਚ ਵਾਧੇ ਖ਼ਿਲਾਫ਼ ਅਦਾਲਤ ਦਾ ਬੂਹਾ ਖੜਕਾਉਣਗੇ ਸੈਕਟਰ-76 ਤੋਂ 80 ਦੇ ਬਾਸ਼ਿੰਦੇ ਸੈਕਟਰ ਵਾਸ…