nabaz-e-punjab.com

ਪ੍ਰਕਾਸ਼ ਪੁਰਬ ਮਨਾਉਣ ਲਈ 7 ਅਕਤੂਬਰ ਨੂੰ ਪਾਕਿਸਤਾਨ ਜਾਵੇਗਾ 31 ਮੈਂਬਰੀ ਜਥਾ

ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਨੂੰ ਵਿਜ਼ਟਰ ਵੀਜ਼ੇ ਜਾਰੀ ਕੀਤੇ: ਕਾਹਲੋਂ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਅਰਦਾਸ ਉਪਰੰਤ ਪਾਕਿਸਤਾਨ ਰਵਾਨਾ ਹੋਵੇਗਾ ਜਥਾ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਚੌਥੇ ਪਾਤਿਸਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਚੰੂਨਾਂ ਮੰਡੀ ਲਾਹੌਰ ਵਿਖੇ ਮਨਾਉਣ ਲਈ ਮੁਲਾਜ਼ਮ ਆਗੂਆਂ ਅਤੇ ਸਿੱਖ ਸ਼ਰਧਾਲੂਆਂ ਦਾ ਇੱਕ 31 ਮੈਂਬਰੀ ਵਿਸ਼ੇਸ਼ ਜਥਾ 7 ਅਕਤੂਬਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਅਰਦਾਸ ਉਪਰੰਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਸੁਪਰਡੈਂਟ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਪਾਕਿਸਤਾਨ ਜਾਵੇਗਾ। ਇਸ ਸਬੰਧੀ ਪਾਕਿਸਤਾਨ ਅੰਬੈਸੀ ਨੇ ਸ਼ਰਧਾਲੂਆਂ ਦੇ ਜਥੇ ਵਿੱਚ ਜਾਣ ਵਾਲੇ ਸਮੂਹ ਮੈਂਬਰਾਂ ਨੂੰ ਇੱਕ ਮਹੀਨਾ ਦਾ ਵਿਜ਼ਟਰ ਵੀਜ਼ਾ ਜਾਰੀ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਮਝੌਤੇ ਅਨੁਸਾਰ ਭਾਰਤ ਤੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ, ਵਿਸਾਖੀ, ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਜਾਂਦੇ ਹਨ ਪਰ ਇਹ ਤੀਜੀ ਵਾਰ ਹੈ ਕਿ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਥਾ ਭੇਜਿਆ ਜਾ ਰਿਹਾ ਹੈ। ਇਸ ਵਿਸ਼ੇਸ਼ ਜਥੇ ਦੀ ਮਨਜ਼ੂਰੀ ਲਈ ਜਥੇਦਾਰ ਕਾਹਲੋਂ ਸਖ਼ਤ ਮਿਹਨਤ ਕਰਨੀ ਪਈ ਹੈ।
ਇਸ ਤੋਂ ਪਹਿਲਾਂ ਜਥੇਦਾਰ ਕਾਹਲੋਂ ਸਤੰਬਰ 2019 ਅਤੇ ਅਕਤੂਬਰ 2021 ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਮੇਂ ਵਿਸ਼ੇਸ਼ ਜਥਿਆਂ ਦੀ ਅਗਵਾਈ ਕਰ ਚੁੱਕੇ ਹਨ। ਹੁਣ ਉਨ੍ਹਾਂ ਨੂੰ ਤੀਜੀ ਵਾਰ ਸਪੈਸ਼ਲ ਜਥਾ ਲਿਜਾਉਣ ਲਈ ਵਿਜ਼ਟਰ ਵੀਜ਼ੇ ਜਾਰੀ ਕੀਤੇ ਗਏ ਹਨ। ਪਾਕਿਸਤਾਨ ਜਾਣ ਵਾਲੇ ਜਥੇ ਵਿੱਚ ਸ਼ਾਮਲ ਮੁਲਾਜ਼ਮ ਆਗੂ ਹਰਬੰਸ ਸਿੰਘ ਬਾਗੜੀ ਨੇ ਦੱਸਿਆ ਕਿ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦੇਸ਼ਾਂ-ਵਿਦੇਸ਼ਾਂ ਵਿੱਚ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਕਿਸਤਾਨ ਅੰਬੈਸੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਵੀ ਜਦੋਂ ਕਦੇ ਨਿਸ਼ਾਨ ਸਿੰਘ ਕਾਹਲੋਂ ਚਾਹੁੰਣਗੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਲਈ ਵਿਸ਼ੇਸ਼ ਜਥੇ ਨੂੰ ਵੀਜ਼ੇ ਜਾਰੀ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਚੌਥੇ ਪਾਤਿਸਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਪੁਰਬ ਹਰ ਸਾਲ ਉਨ੍ਹਾਂ ਦੇ ਜਨਮ ਅਸਥਾਨ ਚੰੂਨਾਂ ਮੰਡੀ, ਲਾਹੌਰ ਵਿਖੇ 9 ਅਕਤੂਬਰ ਨੂੰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 9 ਅਕਤੂਬਰ ਨੂੰ ਭੋਗ ਪੈਣਗੇ। ਉਨ੍ਹਾਂ ਦੱਸਿਆ ਕਿ 7 ਅਤੇ 8 ਅਕਤੂਬਰ ਨੂੰ ਰਾਤ ਦੇ ਸਮੇਂ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਹਰਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਸ੍ਰੀ ਬਾਗੜੀ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 18 ਅਕਤੂਬਰ ਨੂੰ ਵਾਪਸ ਭਾਰਤ ਪਰਤੇਗਾ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …