ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ ਨੂੰ ਕੰਬਾਈਨਾਂ ਨਾਲ ਝੋਨਾ ਕੱਟਣ ਅਤੇ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਹੱਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਫ਼ਸਲ ਕੱਟਣ ਅਤੇ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ਮਾਲਕ ਐਸਐਮਐਸ ਲਗਾਏ ਬਿਨਾਂ ਝੋਨੇ ਦੀ ਕਟਾਈ ਨਹੀਂ ਕਰੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਮੁਤਾਬਕ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਅਤੇ ਮੌਸਮੀ ਤਬਦੀਲੀ ਕਾਰਨ ਝੋਨੇ ਦੀ ਫ਼ਸਲ ’ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲ੍ਹਾ ਹੋ ਜਾਂਦਾ ਹੈ। ਇਹ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਝੋਨੇ ਵਿੱਚ ਵੱਧ ਨਮੀ ਦਾ ਕਾਰਨ ਬਣਦੀ ਹੈ, ਵੀ ਕੱਟੀ ਜਾਂਦੀ ਹੈ, ਜਿਸ ਦਾ ਸਿੱਧਾ ਅਤੇ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਇਸ ਦਾ ਦੇਸ਼ ਦੇ ਉਤਪਾਦਨ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇੰਜ ਹੀ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ ਤੋਂ ਉੱਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਨਮੀ ਵਾਲੇ ਝੋਨੇ ਨੂੰ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਜਿਸ ਕਰਨ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਤੋਂ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦੇ ਵੀ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕ ਐਸਐਮਐਸ ਲਗਾਏ ਬਿਨਾਂ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਣ ਵੀ ਫੈਲਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ’ਚੋਂ ਨਿਕਲਣ ਵਾਲੀਆਂ ਗੈਸਾਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਵਿਸ਼ੇਸ਼ ਕਮੇਟੀ ਦੀ ਸਿਫ਼ਾਰਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ’ਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਹੁਕਮ 23 ਨਵੰਬਰ 2024 ਤੱਕ ਮੁਹਾਲੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਸਰੀਰ ਦੀ ਕਸਰਤ: ਸੀਐਮ ਦੀ ਯੋਗਸ਼ਾਲਾ ਕਰ ਰਹੀ ਹੈ ਪੁਰਾਣੇ ਰੋਗਾਂ ਦਾ ਨਿਵਾਰਣ

ਸਰੀਰ ਦੀ ਕਸਰਤ: ਸੀਐਮ ਦੀ ਯੋਗਸ਼ਾਲਾ ਕਰ ਰਹੀ ਹੈ ਪੁਰਾਣੇ ਰੋਗਾਂ ਦਾ ਨਿਵਾਰਣ ਮੁਹਾਲੀ ਦੇ ਸੈਕਟਰ-68, 69, 70 …