ਮੁੱਖ ਮੰਤਰੀ ਦੀ ਸਿਹਤਯਾਬੀ ਲਈ ਗੁਰੂ ਅੱਗੇ ਜੁੜੇ ਹੱਥ, ਵਾਹਿਗੁਰੂ ਨੇ ਨੇੜੇ ਹੋ ਕੇ ਸੁਣੀ ਅਰਦਾਸ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ

ਮੁੱਖ ਮੰਤਰੀ ਬਦਲਣ ਦੀਆਂ ਅਫ਼ਵਾਹਾਂ ਨੂੰ ਮੁੱਢੋਂ ਕੀਤਾ ਰੱਦ, ਕਿਹਾ ਪੰਜਾਬ ਨੂੰ ਭਗਵੰਤ ਮਾਨ ਦੀ ਬਹੁਤ ਲੋੜ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਸਵੇਰੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਲਦੀ ਸਿਹਤਯਾਬੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਨੇ ਦੇਗ ਕਰਵਾਈ ਅਤੇ ਕੁੱਝ ਸਮਾਂ ਸੰਗਤ ਵਿੱਚ ਬੈਠ ਕੇ ਸ਼ਬਦ ਕੀਰਤਨ ਸੁਣਿਆ। ਵਾਪਸੀ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੰਗਤ ਸਮੇਤ ਉਨ੍ਹਾਂ ਦੀ ਸਿੰਘ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ਪ੍ਰਤੀ ਵੱਡੀ ਆਸਥਾ ਹੈ ਅਤੇ ਉਹ ਅੱਜ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜਲਦੀ ਠੀਕ ਹੋ ਕੇ ਪੰਜਾਬ ਵਾਸੀਆਂ ਦੀ ਸੇਵਾ ਵਿੱਚ ਹਾਜ਼ਰ ਹੋਣ ਕਿਉਂਕਿ ਸੂਬੇ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਹੁਤ ਲੋੜ ਹੈ।
ਪੱਤਰਕਾਰਾਂ ਵੱਲੋਂ ਮੁੱਖ ਮੰਤਰੀ ਬਦਲਣ ਦੀਆਂ ਅਫ਼ਵਾਹਾਂ ਬਾਰੇ ਪੁੱਛੇ ਜਾਣ ’ਤੇ ਖੁੱਡੀਆਂ ਨੇ ਸਪੱਸ਼ਟ ਕੀਤਾ ਕਿ ਅਜਿਹਾ ਕੁਝ ਵੀ ਨਹੀਂ ਹੈ, ਇਹ ਵਿਰੋਧੀਆਂ ਵੱਲੋਂ ਲੋਕਾਂ ਵਿੱਚ ਗਲਤਫਹਿਮੀ ਫੈਲਾਉਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ, ਅਸਲ ਵਿੱਚ ਉਨ੍ਹਾਂ ਕੋਲ ਕੋਈ ਮੁੱਦਾ ਤਾਂ ਹੁੰਦਾ ਨਹੀਂ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਾਧੂ ਸੁਰੱਖਿਆ ਪ੍ਰਦਾਨ ਕਰਨ ਅਤੇ ਮੁੱਖ ਮੰਤਰੀ ਲਗਾਉਣ ਬਾਰੇ ਸਿਆਸੀ ਹਲਕਿਆਂ ਵਿੱਚ ਛਿੜੀ ਚਰਚਾ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਸੰਧਵਾਂ ਖ਼ੁਦ ਨੇ ਇਨ੍ਹਾਂ ਅਫ਼ਵਾਹਾਂ ਦਾ ਖੰਡਨ ਕਰ ਚੁੱਕੇ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ੰ ਅਪੀਲ ਕੀਤੀ ਕਿ ਕਿਸੇ ਦੇ ਬਿਮਾਰ ਹੋਣ ’ਤੇ ਸੌੜੀ ਸਿਆਸਤ ਨਾ ਕੀਤੀ ਜਾਵੇ ਬਲਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਤਰੀ ਦੇ ਪਰਿਵਾਰ ਨਾਲ ਵੀ ਗੱਲ ਹੋਈ ਹੈ ਅਤੇ ਭਗਵੰਤ ਮਾਨ ਬਿਲਕੁਲ ਠੀਕ ਠਾਕ ਹਨ।

ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਨਵੇਂ ਸਿਰਿਓਂ ਰਾਖਵੇਂਕਰਨ ਨਾ ਹੋਣ ਅਤੇ ਧਾਂਦਲੀਆਂ ਦੇ ਲਾਏ ਜਾ ਰਹੇ ਦੋਸ਼ਾਂ ਬਾਰੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ, ਪ੍ਰਸ਼ਾਸਨਿਕ ਅਮਲੇ ਵੱਲੋਂ ਰੋਸਟਰ ਮੁਤਾਬਕ ਹੀ ਰਾਖਵੇਂਕਰਨ ਦੀ ਪ੍ਰਕਿਰਿਆ ਕੀਤੀ ਜਾਂਦੀ ਹੈ। ਉਂਜ ਵੀ ਚੋਣਾਂ ਵਿੱਚ ਸਰਕਾਰ ਦੀ ਬਹੁਤੀ ਦਖ਼ਲਅੰਦਾਜ਼ੀ ਨਹੀਂ ਹੁੰਦੀ ਹੈ। ਪੰਜਾਬ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ ਪਰਾਲੀ ਪ੍ਰਬੰਧਨ ਬਾਰੇ ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਕਿਸਾਨ ਵੀ ਕਾਫ਼ੀ ਸਮਝਦਾਰ ਹੋ ਗਏ ਹਨ। ਉਹ ਇਸਦੇ ਮਾੜੇ ਪ੍ਰਭਾਵ ਬਾਰੇ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਤੋਂ ਪ੍ਰਹੇਜ਼ ਕਰਨ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਕਿਸਾਨੀ ਮਸਲਿਆਂ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸਾਨ ਜਥੇਬੰਦੀਆਂ ਨੇ ਰਾਬਤਾ ਕਾਇਮ ਕੀਤਾ ਜਾਂ ਹੋਰ ਮਸਲਿਆਂ ਉੱਤੇ ਗੱਲ ਕਰਨੀ ਚਾਹੀ ਹੈ ਤਾਂ ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਦੀ ਗੱਲ ਸੁਣੀ ਹੈ ਅਤੇ ਭਵਿੱਖ ਵਿੱਚ ਵੀ ਉਹ ਕਿਸਾਨੀ ਮਸਲਿਆਂ ਦੇ ਹੱਲ ਲਈ ਹਰ ਸਮੇਂ ਤਿਆਰ ਹਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…