ਪੰਚਾਇਤ ਚੋਣਾਂ: ਐਨਓਸੀ ਦੇ ਬਗੈਰ ਵੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਂਗੇ: ਡੀਸੀ

ਬੀਡੀਪੀਓ ਤੇ ਸਟਾਫ਼ ਨੂੰ ਬਿਨਾਂ ਪੱਖਪਾਤ ਤੇ ਪਾਰਦਰਸ਼ੀ ਤੇ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੰਚਾਇਤ ਚੋਣਾਂ ਨਿਰਪੱਖ ਕਰਵਾਉਣ ਦਾ ਦਾਅਵਾ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੰਚਾਇਤ ਚੋਣ ਦੀਆਂ ਸਰਗਰਮੀਆਂ ਜ਼ੋਰਾਂ ’ਤੇ ਹਨ। ਪਿੰਡਾਂ ਦੀਆਂ ਸੱਥਾਂ ਵਿੱਚ ਸਿਆਸੀ ਚਰਚਾਵਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਐਨਓਸੀ ਅਤੇ ਚੁੱਲ੍ਹਾ ਟੈਕਸ ਕਲੀਅਰੈਂਸ ਲੈਣ ਲਈ ਵੱਡੀ ਭੀੜ ਦੇਖਣ ਨੂੰ ਮਿਲ ਰਹੀ ਹੈ। ਮੀਡੀਆ ਦੀਆਂ ਖ਼ਬਰਾਂ ਅਤੇ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਛੁੱਟੀ ਵਾਲੇ ਦਿਨ ਵੀ ਬੀਡੀਪੀਓ ਅਤੇ ਹੋਰ ਅਧਿਕਾਰੀ ਆਪੋ ਆਪਣੇ ਦਫ਼ਤਰਾਂ ਵਿੱਚ ਤਾਇਨਾਤ ਰਹਿ ਕੇ ਇਹ ਕੰਮ ਨਿਬੇੜਦੇ ਦੇਖੇ ਗਏ।
ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਲਕੇ 4 ਅਕਤੂਬਰ ਨੂੰ ਅਖੀਰਲਾ ਇੱਕ ਦਿਨ ਹੈ। ਹੁਣ ਤੱਕ 332 ਗਰਾਮ ਪੰਚਾਇਤਾਂ ਲਈ ਸਿਰਫ਼ 438 ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕੇ ਹਨ। ਜਿਨ੍ਹਾਂ ਵਿੱਚ ਸਰਪੰਚੀ ਲਈ 178 ਉਮੀਦਵਾਰ ਅਤੇ ਪੰਚੀ ਲਈ 260 ਉਮੀਦਵਾਰਾਂ ਦੇ ਹੀ ਕਾਗਜ ਦਾਖ਼ਲ ਹੋਏ ਹਨ। ਕਿਉਂਕਿ ਚੋਣ ਲੜਨ ਦੇ ਚਾਹਵਾਨ ਜ਼ਿਆਦਾਤਰ ਵਿਅਕਤੀਆਂ ਨੂੰ ਸਮੇਂ ਸਿਰ ਐਨਓਸੀ ਨਹੀਂ ਮਿਲੀਆਂ। ਉਂਜ ਵੀ ਸਰਕਾਰੀ ਛੁੱਟੀਆਂ ਕਾਰਨ ਦੋ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋ ਸਕੇ ਹਨ। ਇਸ ਤਰ੍ਹਾਂ ਹੁਣ ਭਲਕੇ ਅਖੀਰਲੇ ਦਿਨ ਕੀ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਹੋ ਜਾਣਗੇ?
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਪੰਚਾਇਤ ਚੋਣਾਂ ਕਰਵਾਉਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੁੱਲ੍ਹਾ ਟੈਕਸ ਅਤੇ ਐਨਓਸੀ ਜਾਰੀ ਕਰਨ ਸਬੰਧੀ ਬੀਡੀਪੀਓ ਅਤੇ ਸਟਾਫ਼ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਪੱਖਪਾਤ ਤੋਂ ਪਾਰਦਰਸ਼ੀ ਅਤੇ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਸਬੰਧੀ ਲੇਟ-ਲਤੀਫ਼ੀ ਅਤੇ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਹਿੱਤ ਵਿੱਚ ਇਹ ਗੱਲ ਦਾਅਵੇ ਨਾਲ ਆਖੀ ਕਿ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਦੇ ਨਾਮਜ਼ਦਗੀ ਪੱਤਰ ਬਿਨਾਂ ਐਨਓਸੀ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕਿਸੇ ਉਮੀਦਵਾਰ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਜਦੋਂ ਅਧਿਕਾਰੀ ਨੂੰ ਇਹ ਪੁੱਛਿਆ ਗਿਆ ਕਿ ਭਲਕੇ ਨਾਮਜ਼ਦਗੀ ਪੱਤਰ ਦਾਖ਼ਲ ਦਾ ਅਖੀਰਲਾ ਦਿਨ ਹੈ ਕੀ ਇੱਕ ਦਿਨ ਵਿੱਚ ਐਨੀ ਵੱਡੀ ਗਿਣਤੀ ਲੋਕਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਹੋ ਸਕਣਗੇ ਤਾਂ ਉਨ੍ਹਾਂ ਦਾਅਵੇ ਨਾਲ ਆਖਿਆ ਕਿ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਡੀਸੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 332 ਗਰਾਮ ਪੰਚਾਇਤਾਂ ਹਨ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਭਲਕੇ 4 ਅਕਤੂਬਰ ਆਖ਼ਰੀ ਦਿਨ ਹੈ ਅਤੇ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਸੱਤ ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਵਾਪਸ ਲਏ ਜਾ ਸਕਣਗੇ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ਅਤੇ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲਟ ਬਕਸਿਆਂ ਰਾਹੀਂ ਮਤਦਾਨ ਦਾ ਸਮਾਂ ਤੈਅ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ, ਮਤਦਾਨ ਹੋਣ ਤੋਂ ਬਾਅਦ ਉਸੇ ਦਿਨ ਕੀਤੀ ਜਾਵੇਗੀ। ਸਰਪੰਚ ਲਈ ਉਮੀਦਵਾਰ ਦੇ ਚੋਣ ਖ਼ਰਚੇ ਦੀ ਸੀਮਾ 40 ਹਜ਼ਾਰ ਅਤੇ ਪੰਚ ਲਈ 30 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਬਲਾਕ-ਵਾਰ ਤਾਇਨਾਤ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਨੇ ਨਾਮਜ਼ਦਗੀ ਪੱਤਰ ਪ੍ਰਵਾਨ ਕਰਨੇ ਹਨ। ਪੰਚਾਇਤਾਂ ਦੇ ਰਾਖਵੇਂਕਰਨ ਦੀ ਸੂਚੀ ਜ਼ਿਲ੍ਹੇ ਦੀ ਵੈੱਬਸਾਈਟ sasnagar.nic.in ’ਤੇ ਅਪਲੋਡ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…