ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸੜਕਾਂ ’ਤੇ ਉੱਤਰੇ ਪੀੜਤ ਲੋਕ, ਸੜਕ ’ਤੇ ਚੱਕਾ ਜਾਮ

ਚੱਪੜਚਿੜੀ ਇੱਕ ਧਿਰ ਦੇ ਸਾਰੇ ਮੈਂਬਰਾਂ ਦੇ ਕਾਗਜ਼ ਰੱਦ, ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਕਬੂਲੀ

ਚੱਪੜਚਿੜੀ ਕਲਾਂ ਦੇ ਵੀ ਕਈ ਉਮੀਦਵਾਰਾਂ ਨੂੰ ਚੋਣ ਮੈਦਾਨ ’ਚੋਂ ਕੀਤਾ ਲਾਂਭੇ

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਲੋਕਾਂ ਨਾਲ ਧਰਨੇ ’ਤੇ ਬੈਠੇ ਵੱਖ-ਵੱਖ ਸਿਆਸੀ ਆਗੂ

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਪੰਚਾਇਤ ਚੋਣਾਂ ਵਿੱਚ ਪੰਜਾਬ ਦੀ ‘ਆਪ’ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਪੀੜਤ ਲੋਕ ਸੜਕਾਂ ’ਤੇ ਉਤਰ ਆਏ ਹਨ। ਰਿਟਰਨਿੰਗ ਅਫ਼ਸਰ ਵੱਲੋਂ ਇਤਿਹਾਸਕ ਨਗਰ ਚੱਪੜਚਿੜੀ ਖੁਰਦ ਵਿੱਚ ਚੋਣ ਲੜਨ ਵਾਲੀ ਇੱਕ ਧਿਰ ਦੇ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਜਿਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਗੁੱਸੇ ਨਾਲ ਨੱਕੋ-ਨੱਕ ਭਰੇ ਚੱਪੜਚਿੜੀ ਦੇ ਪੀੜਤ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਲਾਂਡਰਾਂ-ਖਰੜ ਸੜਕ ਉੱਤੇ ਚੱਕਾ ਜਾਮ ਕਰਕੇ ਹੁਕਮਰਾਨਾਂ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਬਾਅਦ ਵਿੱਚ ਚੱਪੜਚਿੜੀ ਕਲਾਂ ਦੇ ਪੀੜਤ ਲੋਕ ਵੀ ਉੱਥੇ ਪਹੁੰਚ ਗਏ ਅਤੇ ਉਹ ਵੀ ਧਰਨਾ ਲਗਾ ਕੇ ਬੈਠ ਗਏ। ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਦੰਗਾ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਵਿਰੋਧੀਆਂ ਦੇ ਕਾਗਜ਼ ਰੱਦ ਕਰਕੇ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ। ਪਰਵਿੰਦਰ ਸੋਹਾਣਾ ਨੇ ਕਿਹਾ ਕਿ ਜੇਕਰ ਪੀੜਤ ਲੋਕਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਅਕਾਲੀ ਦਲ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕਰੇਗਾ ਅਤੇ ਲੋੜ ਪੈਣ ’ਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਬਸਪਾ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ, ਦਲਿਤ ਸੰਗਠਨਾਂ ਦੇ ਆਗੂ ਲਖਵੀਰ ਸਿੰਘ ਬੌਬੀ ਨੇ ਵੀ ਧਰਨੇ ਵਿੱਚ ਪਹੁੰਚ ਕੇ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਧੱਕੇਸ਼ਾਹੀ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ। ਜਿਸ ਕਾਰਨ ਵਿਰੋਧੀ ਉਮੀਦਵਾਰਾਂ ਨੂੰ ਗਲਤ ਤਰੀਕੇ ਨਾਲ ਚੋਣ ਮੈਦਾਨ ’ਚੋਂ ਹੀ ਲਾਂਭੇ ਕਰਕੇ ਸ਼ਰ੍ਹੇਆਮ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਸਾਰਾ ਮਾਮਲਾ ਡੀਸੀਕਮਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਬਲੌਂਗੀ ਦੇ ਥਾਣਾ ਮੁਖੀ ਕੁਲਵੰਤ ਸਿੰਘ ਵੀ ਉੱਥੇ ਪਹੁੰਚ ਗਏ ਅਤੇ ਲੋਕਾਂ ਨੂੰ ਗੱਲੀਂਬਾਤੀਂ ਸਮਝਾਉਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਪੀੜਤਾਂ ਦੀ ਗੱਲ ਸੁਣੀ।

ਇਸ ਮੌਕੇ ਸਾਬਕਾ ਸਰਪੰਚ ਰਾਜਵੀਰ ਕੌਰ, ਰਜਿੰਦਰ ਸਿੰਘ, ਗੁਰਜੀਤ ਸਿੰਘ ਖਾਲਸਾ ਅਤੇ ਮਾਤਾ ਕਰਨੈਲ ਕੌਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਸਿਆਸੀ ਦਬਾਅ ਹੇਠ ਅਧਿਕਾਰੀਆਂ ਨੇ ਮਿੱਥ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਜਦੋਂਕਿ ਬੀਡੀਪੀਓ ਵੱਲੋਂ ਉਨ੍ਹਾਂ ਨੂੰ ਐਨਓਸੀ ਵੀ ਜਾਰੀ ਕੀਤੀਆਂ ਗਈਆਂ ਸਨ। ਸਾਰੇ ਉਮੀਦਵਾਰਾਂ ਦੇ ਕਾਗਜ਼ ਪੂਰੇ ਸਨ ਪ੍ਰੰਤੂ ਫਿਰ ਵੀ ਰੱਦ ਕਰ ਦਿੱਤੇ। ਸਾਬਕਾ ਸਰਪੰਚ ਰਾਜਵੀਰ ਕੌਰ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਨ ਦੀਆਂ ਅਪੀਲਾਂ ਕਰ ਰਹੇ ਹਨ, ਦੂਜੇ ਪਾਸੇ ਸਰਕਾਰ ਖ਼ੁਦ ਹੀ ਪਿੰਡਾਂ ਵਿੱਚ ਵੰਡੀਆਂ ਅਤੇ ਧੜੇਬੰਦੀਆਂ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …